ਮਾਨਸਾ, 17 ਜੂਨ (ਸਾਰਾ ਯਹਾ/ ਹੀਰਾ ਸਿੰਘ ਮਿੱਤਲ) : ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮਾਨਸਾ ਸ਼੍ਰੀ ਦਿਨੇਸ਼ ਵਸ਼ਿਸ਼ਟ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਹਰੇਕ ਵਿਅਕਤੀ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਅਤੇ ਇਸੇ ਜਾਗਰੂਕਤਾ ਸਬੰਧੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ, ਜਿਸ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੀ ਦਿਨੇਸ਼ ਵਸ਼ਿਸ਼ਟ ਨੇ ਦੱਸਿਆ ਕਿ ਇਸੇ ਲੜੀ ਤਹਿਤ ਮਿਸ਼ਨ ਫਤਿਹ ਦੇ ਚੱਲ ਰਹੇ ਤੀਜੇ ਹਫ਼ਤੇ ਦੌਰਾਨ ਅੱਜ ਸਰਪੰਚਾਂ ਵੱਲੋਂ ਮਿਸ਼ਨ ਫਤਿਹ ਦੇ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਨੁਕਤੇ ਸਾਂਝੇ ਕੀਤੇ ਗਏ। ਮਿਸ਼ਨ ਫਤਿਹ ਦਾ ਇਹ ਤੀਜਾ ਹਫ਼ਤਾ 15 ਜੂਨ ਤੋਂ 21 ਜੂਨ ਤੱਕ ਚੱਲੇਗਾ, ਜਿਸ ਤਹਿਤ ਵੱਖ-ਵੱਖ ਗਤੀਵਿਧੀਆਂ ਰਾਹੀਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਤਰੀਕੇ ਦੱਸੇ ਜਾਣਗੇ। ਇਸ ਮੁਹਿੰਮ ਤਹਿਤ 15 ਜੂਨ ਨੂੰ ਮਿਸ਼ਨ ਫਤਿਹ ਸਬੰਧੀ ਬੈਜ ਵੰਡੇ ਗਏ ਅਤੇ 16 ਜੂਨ ਨੂੰ ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਘਰੋਂ ਘਰੀਂ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਨੂੰ ਮਿਸ਼ਨ ਫਤਿਹ ਦੇ ਬੈਜ ਵੰਡੇ ਗਏ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਦੀ ਲਗਾਤਾਰਤਾ ਵਿੱਚ ਅੱਜ ਪਿੰਡਾਂ ਦੇ ਸਰਪੰਚਾਂ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕ ਕੀਤਾ ਗਿਆ। ਸਰਪੰਚਾਂ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ, ਹੱਥਾਂ ਨੂੰ ਬਾਰ-ਬਾਰ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰਨਾ ਚਾਹੀਦਾ ਹੈ, ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਨਿਰਧਾਰਤ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਜ਼ਰੂਰਤ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣਾ ਚਾਹੀਦਾ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਕੋਵਾ ਪੰਜਾਬ ਐਪ ਡਾਊਨਲੋਡ ਕਰਨ ਲਈ ਅਪੀਲ ਕੀਤੀ ਅਤੇ ਕਿਹਾ ਕਿ ਇਸ ਐਪ ਦੇ ਡਾਊਨਲੋਡ ਹੋਣ ਤੋਂ ਬਾਅਦ ਜੁਆਇੰਨ ਫਤਿਹ ਮਿਸ਼ਨ ਵਿੱਚ ਰਜਿਸਟਰਡ ਜ਼ਰੂਰ ਹੋਵੋ।