-ਸ਼ਹੀਦ ਗੁਰਤੇਜ ਸਿੰਘ ਦੇ ਨਾਮ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਤਰਫ਼ੋਂ ਪਿੰਡ ਦੇ ਵਿਕਾਸ ਲਈ 25 ਲੱਖ ਰੁਪਏ ਦਾ ਐਲਾਨ ਕੀਤਾ

0
81

ਮਾਨਸਾ, 26 ਜੂਨ  (ਸਾਰਾ ਯਹਾ/ਬਲਜੀਤ ਸ਼ਰਮਾ) : ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾ ਦਾ ਨੌਜਵਾਨ ਸ਼ਹੀਦ ਗੁਰਤੇਜ ਸਿੰਘ ਜੋ ਕਿ ਪਿਛਲੇ ਦਿਨੀਂ ਲਦਾਖ਼ ਸੈਕਟਰ ਸਥਿਤ ਗਲਵਾਨ ਘਾਟੀ ਵਿਚ ਚੀਨ ਦੇ ਖਿਲਾਫ ਲੜਾਈ ਦੌਰਾਨ ਸ਼ਹੀਦ ਹੋ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਅੱਜ ਸ਼ਹੀਦ ਦੇ ਪਿੰਡ ਵਿਖੇ ਵਿੱਤ ਮੰਤਰੀ ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਮੰਤਰੀ ਸ੍ਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਹ ਇਸ ਮੌਕੇ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਅਤੇ ਉਸ ਦੇ ਸਕੇ ਸਬੰਧੀਆਂ ਨਾਲ ਦੁੱਖ ਸਾਂਝਾ ਕਰਨ ਲਈ ਸ਼ਹੀਦ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਦੀ ਇਹ ਸ਼ਹਾਦਤ ਲਾਸਾਨੀ ਹੈ ਜੋ ਕਿ ਪਰਿਵਾਰ ਲਈ ਅਤੇ ਪੂਰੇ ਦੇਸ਼ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਸਾਨੂੰ ਅਜਿਹੇ ਯੋਧਿਆਂ ਤੇ ਮਾਣ ਰਹੇਗਾ ਜੋ ਸਮਾਜ ਅਤੇ ਦੇਸ਼ ਲਈ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਡਿਊਟੀ ਨਿਭਾਉਂਦੇ ਹਨ ਅਤੇ ਦੇਸ਼ ਦੀ ਸੇਵਾ ਕਰਦਿਆਂ ਕੁਰਬਾਨ ਹੋ ਜਾਂਦੇ ਹਨ। ਉਨ੍ਹਾਂ ਪਰਿਵਾਰ ਲਈ ਸਰਕਾਰ ਦੀ ਤਰਫੋਂ 50 ਲੱਖ ਰੁਪਏ, ਸਰਕਾਰੀ ਨੌਕਰੀ ਅਤੇ ਪਿੰਡ ਦੇ ਵਿਕਾਸ ਲਈ 25 ਲੱਖ ਰੁਪਏ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਗੁਰਤੇਜ ਸਿੰਘ ਦੇ ਨਾਮ ਤੇ ਰੱਖਿਆ ਗਿਆ ਹੈ ਅਤੇ ਸਕੂਲ ਅੰਦਰ ਇਕ ਲਾਇਬ੍ਰੇਰੀ ਵੀ ਸ਼ਹੀਦ ਦੀ ਯਾਦ ਵਿਚ ਸਥਾਪਿਤ ਕੀਤੀ ਗਈ ਹੈ। ਪਿੰਡ ਵਾਸੀਆਂ ਨੇ ਇਸ ਮੌਕੇ

ਸ੍ਰੀ ਮਨਪ੍ਰੀਤ ਬਾਦਲ ਪਾਸੋਂ ਪਿੰਡ ਦੀ ਸੜਕ ਅਤੇ ਟਿਊਬਵੈੱਲ ਦੀ ਮੰਗੀ ਕੀਤੀ, ਜਿਸ ਨੂੰ ਜਲਦ ਪੂਰਾ ਕਰਨ ਦਾ ਸ੍ਰੀ ਬਾਦਲ ਵੱਲੋਂ ਯਕੀਨ ਦਿਵਾਇਆ ਗਿਆ। ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸ਼ਹੀਦ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਦੌਰਾਨ ਪਰਿਵਾਰ ਨੂੰ ਹੌਂਸਲਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਪੁੱਤਰ ਦੀ ਸ਼ਹਾਦਤ ਅਤਿਅੰਤ ਕੀਮਤੀ ਹੈ। ਸ਼ਹੀਦ ਗੁਰਤੇਜ ਸਿੰਘ ਨੇ ਇਹ ਸ਼ਹਾਦਤ ਦੇ ਕੇ ਇਸ ਇਲਾਕੇ, ਇਸ ਪਿੰਡ ਨੂੰ, ਮਾਨਸਾ ਜ਼ਿਲ੍ਹੇ ਨੂੰ, ਪੰਜਾਬ ਰਾਜ ਅਤੇ ਪੂਰੇ ਦੇਸ਼ ਨੂੰ ਮਾਣ ਬਖ਼ਸ਼ਿਆ ਹੈ। ਪੂਰੇ ਦੇਸ਼ ਉਸ ਨੌਜਵਾਨ ਦੀ ਸ਼ਹਾਦਤ ਨੂੰ ਸਜ਼ਦਾ ਕਰਦਾ ਹੈ। ਗੁਰਤੇਜ ਸਿੰਘ ਸਿਰਫ ਉਨ੍ਹਾਂ ਦਾ ਹੀ ਨਹੀਂ ਸਗੋਂ ਸਾਰੇ ਪੰਜਾਬ ਅਤੇ ਦੇਸ਼ ਦਾ ਸਪੁੱਤਰ ਹੈ। ਪੰਜਾਬ ਸਰਕਾਰ ਉਸ ਦੇ ਪਰਿਵਾਰ ਦੀ ਇਸ ਦੁੱਖ ਦੀ ਘੜੀ ਵਿਚ ਹਮੇਸ਼ਾ ਨਾਲ ਖੜ੍ਹੀ ਹੈ। ਪੰਜਾਬ ਸਰਕਾਰ ਤਰਫ਼ੋਂ ਸ੍ਰੀ ਕਾਂਗੜ ਨੇ ਸ਼ਹੀਦ ਦੇ ਪਰਿਵਾਰ ਨੂੰ 2.5 ਲੱਖ ਰੁਪਏ ਦੇ ਦੋ ਚੈੱਕ (5 ਲੱਖ ਰੁਪਏ) ਮਾਤਾ ਪ੍ਰਕਾਸ਼ ਕੌਰ ਅਤੇ ਪਿਤਾ ਵਿਰਸਾ ਸਿੰਘ ਨੂੰ ਭੇਂਟ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਸ਼ਹੀਦ ਗੁਰਤੇਜ ਸਿੰਘ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੁੰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਨੌਜਵਾਨ ਨੇ ਆਪਣੀ ਬਹਾਦਰੀ ਅਤੇ ਜਜ਼ਬੇ ਨਾਲ ਇਸ ਦੇਸ਼ ਦੇ ਲੇਖੇ ਆਪਣੀ ਜਾਨ ਲਾਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰਾਂ ਨਾਲ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹਾ ਹੈ। ਐਮ.ਐਲ.ਏ. ਬੁਢਲਾਡਾ ਸ੍ਰੀ ਬੁੱਧ ਰਾਮ,

ਐਮ.ਐਲ.ਏ. ਮਾਨਸਾ ਸ੍ਰੀ ਨਾਜਰ ਸਿੰਘ ਮਾਨਸ਼ਾਹੀਆ ਅਤੇ ਐਮ.ਐਲ.ਏ. ਗਿੱਦੜਬਾਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।  ਇਸ ਮੌਕੇ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ, ਐਸ.ਡੀ.ਐਮ. ਬੁਢਲਾਡਾ ਸ੍ਰੀ ਸਾਗਰ ਸੇਤੀਆ, ਕਾਂਗਰਸ ਲੀਡਰ ਸ੍ਰੀ ਅਜੀਤ ਇੰਦਰ ਸਿੰਘ ਮੋਫ਼ਰ, ਰਣਜੀਤ ਕੌਰ ਭੱਟੀ, ਮੰਜੂ ਬਾਂਸਲ ਅਤੇ ਵਾਇਸ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਸ੍ਰੀ ਰਾਮ ਸਿੰਘ ਸਰਦੂਲਗੜ੍ਹ ਮੌਜੂਦ ਸਨ। ਚੇਅਰਮੇਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਪ੍ਰੇਮ ਮਿੱਤਲ ਦੁਆਰਾ ਸ਼ੋਕ ਸਮਾਚਾਰ ਭੇਜ ਕੇ ਪਰਿਵਾਰ ਨਾਲ ਦੁੱਖ ਜ਼ਾਹਰ ਕੀਤਾ ਗਿਆ।

LEAVE A REPLY

Please enter your comment!
Please enter your name here