ਫਰੀਦਕੋਟ ,31 ਜੁਲਾਈ (ਸਾਰਾ ਯਹਾ/ ਸੁਰਿੰਦਰ ਮਚਾਕੀ ) : ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਕਮੇਟੀ ਦੇ ਅਹੁਦੇਦਾਰ ਬਲਦੇਵ ਸਿੰਘ ਸਹਿਦੇਵ ਅਤੇ ਸੁਰਿੰਦਰ ਮਚਾਕੀ, ਸਮੇਤ ਪੀਆਰਟੀਸੀ, ਪੈਰਾ ਮੈਡੀਕਲ, ਬਿਜਲੀ ਨਿਗਮ ਅਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਦੇ ਆਗੂ ਵੀ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਸ਼ੋਕ ਕੌਸ਼ਲ, ਹਰਪਾਲ ਮਚਾਕੀ, ਸੁਖਚਰਨ ਸਿੰਘ, ਬਲਵਿੰਦਰ ਸਿੰਘ ਬਰਾੜ, ਅਵਤਾਰ ਸਿੰਘ ਹੈਡਮਾਸਟਰ ਅਤੇ ਨਛੱਤਰ ਸਿੰਘ ਭਾਣਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਰੋਨਾ ਦੀ ਆੜ ਹੇਠ ਮੁਲਾਜ਼ਮਾਂ ਦੀਆਂ ਪਹਿਲਾਂ ਮਿਲਦੀਆਂ ਸਹੂਲਤਾਂ ਖੋਹਣ ਜਾਂ ਛਾਂਗਣ ਦੀ ਲੜੀ ਸ਼ੁਰੂ ਕੀਤੀ ਹੋਈ ਹੈ। ਪਹਿਲਾਂ ਡੀਏ ਦੀਆਂ ਕਿਸ਼ਤਾਂ ਅਤੇ ਬਣਦਾ ਬਕਾਇਆ ਨਾ ਦੇਣਾ,ਪੇਅ ਕਮਿਸ਼ਨ ਦੀ ਰਿਪੋਰਟ ਨੂੰ ਚੌਥੀ ਵਾਰੀ ਅੱਗੇ ਪਾਉਣਾ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਟਾਲਾ, ਅਤੇ ਹੁਣ ਜਲ ਸਰੋਤ ਵਿਭਾਗ ਦੀਆਂ ਹਜ਼ਾਰਾਂ ਅਸਾਮੀਆਂ ਖ਼ਤਮ ਕਰਨਾ ਅਤੇ ਨਿਗੂਣੇ ਜਿਹੇ ਮੋਬਾਈਲ ਭਤੇ ਤੇ ਕੈਂਚੀ ਫੇਰਣਾ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੀਆਂ ਮੂੰਹੋਂ ਬੋਲਦੀਆਂ ਤਸਵੀਰਾਂ ਹਨ। ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ “ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ” ਦੇ ਸੱਦੇ ਤੇ 4/5 ਅਗਸਤ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕੀਤੀਆਂ ਜਾ ਰਹੀਆਂ ਅਰਥੀ ਫੂਕ ਰੈਲੀਆਂ ਵਿੱਚ ਵਧ ਤੋਂ ਵੱਧ ਪੈਨਸ਼ਨਰਾਂ ਨੂੰ ਸ਼ਾਮਲ ਕਰਵਾਇਆ ਜਾਵੇਗਾ। ਇਸ ਮੌਕੇ ਸੋਮ ਨਾਥ ਅਰੋੜਾ, ਗੁਰਚਰਨ ਸਿੰਘ ਮਾਨ, ਜਰਨੈਲ ਸਿੰਘ, ਸੁਰਿੰਦਰ ਪਾਲ ਸਿੰਘ ਮਾਨ, ਰਮੇਸ਼ ਢੈਪਈ, ਗੁਰਦੀਪ ਭੋਲਾ, ਸੁਖਚੈਨ ਸਿੰਘ ਥਾਂਦੇਵਾਲਾ, ਸੁਖਦਰਸ਼ਨ ਸਿੰਘ ਗਿੱਲ ਵੀ ਹਾਜ਼ਰ ਸਨ। ਇਕ ਮਤਾ ਪਾਸ ਕਰਕੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਲੜੀਵਾਰ ਭੁੱਖ ਹੜਤਾਲ ਦਾ ਸਮਰਥਨ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਵੀਂ ਭਰਤੀ ਕਰਨ ਤੋਂ ਪਹਿਲਾਂ ਕਈ ਵਰ੍ਹਿਆਂ ਤੋਂ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।