ਬੁਢਲਾਡਾ5 ਸਤੰਬਰ (ਸਾਰਾ ਯਹਾ/ਅਮਨ ਮਹਿਤਾ, ਅਮਿੱਤ ਜਿੰਦਲ ): ਕੋਵਿਡ-19 ਤੋਂ ਬਚਾਅ ਲਈ ਲੋਕਾ ਨੂੰ ਟੈਸਟ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਜਿਲ੍ਹਾ ਪੈਸ਼ੇਟ ਟਰੈਕਿਗ ਅਫਸਰ ਕਮ ਐਸ ਡੀ ਐਮ (ਆਈ ਏ ਐਸ) ਸਾਗਰ ਸੇਤੀਆ ਨੇ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਵਿਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ। ਇਸ ਤਰ੍ਹਾਂ ਕਰਨ ਨਾਲ ਜਿੱਥੇ ਸਬੰਧਿਤ ਵਿਅਕਤੀ ਦਾ ਸਮੇਂ ਸਿਰ ਇਲਾਜ਼ ਹੋ ਸਕਦਾ ਹੈ, ਉੱਥੇ ਉਸ ਦਾ ਪਰਿਵਾਰ, ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਵੀ ਇਸ ਬਿਮਾਰੀ ਤੋਂ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਕੋਰੋਨਾ ਸਬੰਧੀ ਸ਼ਰਾਰਤੀ ਅਨਸਰਾਂ ਵਲੋਂ ਗੁੰਮਰਾਹਕੁੰਨ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਹਨਾ ਕਿਹਾ ਕਿ ਸਾਨੂੰ ਖ਼ੁਦ ਇਕ ਜਿੰਮੇਵਾਰ ਨਾਗਰਿਕ ਬਣ ਕੇ ਕੋਵਿਡ-19 ਦੇ ਲੱਛਣਾਂ ਵਾਲੇ ਵਿਅਕਤੀਆਂ ਬਾਰੇ ਸਿਹਤ ਵਿਭਾਗ ਨੂੰ ਸੂਚਨਾ ਦੇਣੀ ਚਾਹੀਦੀ ਹੈ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਪੀਡ਼ਤ ਵਿਅਕਤੀ ਦੀ ਮਰਜ਼ੀ ਅਨੁਸਾਰ ਉਸ ਨੂੰ ਹਸਪਤਾਲ ਵਿਚ ਜਾਂ ਉਸ ਦੇ ਘਰ ਵਿਚ ਹੀ ਇਕਾਂਤਵਾਸ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹੁਣ ਇਹ ਫ਼ੈਸਲਾ ਕੀਤਾ ਹੈ ਕਿ ਜੇਕਰ ਕਿਸੇ ਵਿਅਕਤੀ ਦਾ ਟੈਸਟ ਪਾਜ਼ੇਟਿਵ ਆਉਂਦਾ ਹੈ, ਪ੍ਰੰਤੂ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਨਹੀਂ ਹੈ, ਤਾਂ ਉਸ ਨੂੰ ਹਸਪਤਾਲ ਦਾਖ਼ਲ ਕਰਨ ਦੀ ਬਜਾਏ ਘਰ ਵਿਚ ਹੀ ਇਕਾਂਤਵਾਸ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਪ੍ਰੰਤੂ ਉਸ ਵਿਅਕਤੀ ਲਈ ਡਾਕਟਰਾਂ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾਉਣਾ ਜ਼ਰੂਰੀ ਹੈ। ਐਸ ਡੀ ਐਮ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਟੈਸਟ ਨਾ ਕਰਵਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਨਾ ਕਰਨ ਲਈ ਕਿਹਾ ਜਾ ਰਿਹਾ ਹੈ, ਜੋ ਕਿ ਬਹੁਤ ਗ਼ਲਤ ਗੱਲ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਵਿਚੋਂ ਕਿਸੇ ਇਕ ਵਿਅਕਤੀ ਵਿਚ ਵੀ ਕੋਰੋਨਾ ਪਾਜ਼ੇਟਿਵ ਹੋਵੇ ਤਾਂ ਉਹ ਸਮੁੱਚੇ ਪਿੰਡ ਵਾਸੀਆਂ ਲਈ ਖ਼ਤਰਨਾਕ ਸਾਬਿਤ ਹੋ ਸਕਦਾ ਹੈ। ਉਨ੍ਹਾਂ ਪੰਚਾਇਤਾ ਨੂੰ ਅਪੀਲ ਕੀਤੀ ਕਿ ਕਿਸੇ ਸ਼ਰਾਰਤੀ ਅਨਸਰ ਵਲੋਂ ਫ਼ੈਲਾਈਆਂ ਜਾ ਰਹੀਆਂ ਅਫ਼ਵਾਹਾਂ ’ਤੇ ਯਕੀਨ ਨਾ ਕਰਨ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਸ ਵਿਭਾਗ ਜ਼ਿਲੇ ਵਾਸੀਆਂ ਨੂੰ ਇਸ ਮਹਾਮਾਰੀ ਤੋਂ ਬਚਾਉਣ ਲਈ ਦਿਨ-ਰਾਤ ਇਕ ਕਰ ਰਿਹਾ ਹੈ ਅਤੇ ਲੋਕਾਂ ਨੂੰ ਇਸ ਵਿਚ ਸਹਿਯੋਗ ਕਰਨਾ ਚਾਹੀਦਾ ਹੈ, ਨਾ ਕਿ ਗਲਤ ਵਰਤਾਅ ਕਰ ਕੇ ਮਨੋਬਲ ਡੇਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਪ੍ਰਤੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਮਾਜ ਪ੍ਰਤੀ ਘਾਤਕ ਸਿੱਧ ਹੋ ਸਕਦੀਆਂ ਹਨ ਇਸ ਲਈ ਸਾਨੂੰ ਇਨ੍ਹਾਂ ਅਫ਼ਵਾਹਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਜ਼ਿਲੇ ਨੂੰ ਕੋਰੋਨਾ ਮੁਕਤ ਕਰਨ ਲਈ ਜ਼ਿਲਾ ਪ੍ਰਸ਼ਾਸਨ, ਸਿਹਤ ਅਤੇ ਪੁਲਸ ਵਿਭਾਗ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦਾ ਟੈਸਟ ਦੇਣ ਤੋਂ ਘਬਰਾਉਣਾ ਨਹੀਂ ਚਾਹੀਦਾ, ਸਗੋਂ ਮੋਹਰੀ ਹੋ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।