ਮਾਨਸਾ, 07 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ):ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਹਰੇਕ ਨਾਗਰਿਕ ਨੂੰ ਅਹਿਤਿਆਤ ਵਜੋਂ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਨਾਗਰਿਕ ਦਾ ਇਹ ਟੈਸਟ ਪਾਜ਼ਟਿਵ ਨਿਕਲਦਾ ਹੈ ਤਾਂ ਉਸ ਦਾ ਮਾਹਰ ਡਾਕਟਰਾਂ ਵੱਲੋਂ ਇਲਾਜ ਕੀਤਾ ਜਾਵੇਗਾ ਤੇ ਉਸ ਦੀ ਪਹਿਚਾਣ ਉਜਾਗਰ ਨਹੀਂ ਕੀਤੀ ਜਾਵੇਗੀ।
ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਕੋਰੋਨਾ ਦੇ ਟੈਸਟ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ’ਤੇ ਯਕੀਨ ਨਾ ਕੀਤਾ ਜਾਵੇ ਅਤੇ ਬਿਨਾਂ ਕਿਸੇ ਡਰ ਜਾਂ ਭੈਅ ਤੋਂ ਆਪਣਾ ਟੈਸਟ ਕਰਵਾਉਣ ਲਈ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਟੈਸਟ ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨੀ ਜਲਦੀ ਲੋਕ ਆਪਣਾ ਟੈਸਟ ਕਰਵਾਉਣਗੇ ਉਨੀ ਜਲਦੀ ਹੀ ਉਨ੍ਹਾਂ ਦਾ ਇਲਾਜ ਹੋ ਸਕੇਗਾ ਅਤੇ ਟੈਸਟ ਵਿੱਚ ਦੇਰੀ ਕਰਨੀ ਬਿਮਾਰੀ ਨੂੰ ਬੜਾਵਾ ਦੇਣ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਰੀਜਾਂ ਦੇ ਇਲਾਜ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਖਤਰਨਾਕ ਮਹਾਂਮਾਰੀ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਪ੍ਰਸ਼ਾਸਨ ਵੱਲੋਂ ਵਾਰ-ਵਾਰ ਲੋਕਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।