ਜ਼ਿਲ੍ਹਾ ਮਾਨਸਾ ਦੇ 5 ਪਿੰਡਾਂ ਵਿੱਚ 2 ਅਕਤੂਬਰ ਨੂੰ ਹੋਵੇਗਾ ਖੇਡ ਸਟੇਡੀਅਮਾਂ ਦਾ ਉਦਘਾਟਨ: ਅਮਰਪ੍ਰੀਤ ਕੌਰ ਸੰਧੂ

0
94

ਮਾਨਸਾ, 28 ਸਤੰਬਰ(ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮਾਨਸਾ ਦੇ ਪਿੰਡਾਂ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਬੱਚਿਆਂ ਤੇ ਨੌਜਵਾਨ ਪੀੜ੍ਹੀ ਦੇ ਖੇਡ ਹੁਨਰ ਵਿੱਚ ਵਧੇਰੇ ਨਿਖਾਰ ਲਿਆਉਣ ਦੇ ਉਦੇਸ਼ ਨਾਲ ਬਲਾਕਾਂ ਦੇ ਚੋਣਵੇਂ ਪਿੰਡਾਂ ਵਿੱਚ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਨ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 2 ਅਕਤੂਬਰ ਨੂੰ ਇਨ੍ਹਾਂ ਖੇਡ ਸਟੇਡੀਅਮਾਂ ਦਾ ਪੜਾਅਵਾਰ ਉਦਘਾਟਨ ਕਰਨ ਦੀ ਪ੍ਰਕਿਰਿਆ ਹੋਵੇਗੀ ਜਿਸ ਤਹਿਤ ਜ਼ਿਲ੍ਹੇ ਵਿੱਚ ਪਹਿਲੇ ਪੜਾਅ ਤਹਿਤ 5 ਖੇਡ ਸਟੇਡੀਅਮ ਕੋਵਿਡ ਦੀਆਂ ਸਿਹਤ ਸਲਾਹਾਂ ਦੀ ਪਾਲਣਾ ਕਰਦਿਆਂ ਰਸਮੀ ਤੌਰ ’ਤੇ ਖਿਡਾਰੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਭੈਣੀ ਬਾਘਾ, ਰਾਏਪੁਰ, ਆਹਲੂਪੁਰ ਅਤੇ ਖੀਵਾ ਕਲਾਂ ਵਿਖੇ 1- 1 ਏਕੜ ਵਿੱਚ ਜਦਕਿ ਬੀਰੋਕੇ ਕਲਾਂ ਵਿਖੇ 2 ਏਕੜ ਵਿੱਚ ਖੇਡ ਸਟੇਡੀਅਮ ਦਾ ਨਿਰਮਾਣ ਕੀਤਾ ਗਿਆ ਹੈ।  ਅੱਜ ਇਸ ਸਬੰਧੀ ਜ਼ਿਲ੍ਹਾ ਪਰਿਸ਼ਦ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਬਲਾਕ ਮਾਨਸਾ ਦੇ ਪਿੰਡ ਭੈਣੀ ਬਾਘਾ, ਭੀਖੀ ਦੇ ਪਿੰਡ ਖੀਵਾ ਕਲਾਂ, ਬੁਢਲਾਡਾ ਦੇ ਪਿੰਡ ਬੀਰੋਕੇ ਕਲਾਂ, ਝੁਨੀਰ ਦੇ ਪਿੰਡ ਰਾਏਪੁਰ ਅਤੇ ਬਲਾਕ ਸਰਦੂਲਗੜ੍ਹ ਦੇ ਪਿੰਡ ਆਹਲੂਪੁਰ ਵਿਖੇ ਖੇਡ ਸਟੇਡੀਅਮ ਦਾ ਆਨਲਾਈਨ ਉਦਘਾਟਨ ਕੀਤਾ ਜਾਵੇਗਾ। ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਰਬਜੀਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਗਰੂਪ ਸਿੰਘ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here