ਮਾਨਸਾ, 17 ਨਵੰਬਰ (ਸਾਰਾ ਯਹਾ /ਹੀਰਾ ਸਿੰਘ ਮਿੱਤਲ): ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਅਤੇ ਪੀਜੀ) ਵੱਲੋਂ ਵਿਕਸਤ ਕੀਤੀ ਗਈ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐਸ) ਬਾਰੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪ੍ਰੋਜੈਕਟ ਕੋਆਰਡੀਨੇਟਰ ਅਤੇ ਜ਼ਿਲ੍ਹਾ ਵਿਕਾਸ ਫੈਲੋ ਸ਼੍ਰੀ ਵਿਸ਼ਨੂੰ ਨਾਥ ਨੇ ਇਸ ਪੋਰਟ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕੋਆਰਡੀਨੇਟਰ ਈ-ਗਵਰਨੈਂਸ ਸ਼੍ਰੀ ਅਨਮੋਲ ਗਰਗ ਵੀ ਮੌਜੂਦ ਸਨ। ਬੁਲਾਰਿਆਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਨ-ਸਟਾਪ ਵੈੱਬ ਪੋਰਟਲ ਦੇ ਰੂਪ ਵਿੱਚ ਇੱਕ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐਸ) ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਸਕੇ ਅਤੇ ਪੋਰਟਲ ਦਾ ਉਦੇਸ਼ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗ ਕੋਲ connect.punjab.gov.in ’ਤੇ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੀਜੀਆਰਐਸ ਕੇਂਦਰੀ ਪੋਰਟਲ ਵਜੋਂ ਕੰਮ ਕਰੇਗੀ ਜਿੱਥੇ ਸਾਰੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਪੋਰਟਲ ’ਤੇ ਖੁਦ ਜਾਂ ਈਮੇਲ, ਡਾਕ ਰਾਹੀਂ ਜਾਂ ਸੇਵਾ ਕੇਂਦਰਾਂ ’ਤੇ ਵਿਅਕਤੀਗਤ ਤੌਰ ’ਤੇ ਲੋਕਾਂ ਦੁਆਰਾ ਦਰਜ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪੋਰਟਲ ਦੇ ਜ਼ਰੀਏ ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਆਨਲਾਈਨ ਜਾਣਕਾਰੀ ਲੈ ਸਕਣਗੇ।