ਮਾਨਸਾ, 4 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਬਾਬਾ ਭਾਈ ਗੁਰਦਾਸ ਜੀ ਦੇ ਅਸਥਾਨ ਤੋਂ ਮਾਨਸਾ ਪਿੰਡ ਨੂੰ ਜਾਣ ਵਾਲੇ ਰਸਤੇ ਨੂੰ ਜੋੜਨ ਵਾਲੀ ਸੜਕ ਦਾ ਨਿਰਮਾਣ ਕਾਰਜ ਆਰੰਭ ਹੋ ਗਿਆ ਹੈ। ਇਲਾਕਾ ਵਾਸੀਆਂ ਦੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਨੂੰ ਦੇਖਦਿਆਂ ਵਿਧਾਇਕ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸਾਹੀਆ ਵੱਲੋਂ ਰਸਮੀ ਤੌਰ ’ਤੇ ਟੱਕ ਲਗਵਾ ਕੇ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮਾਨਸਾ ਪਿੰਡ ਤੱਕ ਬਣਨ ਵਾਲੀ ਇਸ ਸੜਕ ਨਾਲ ਇਲਾਕਾ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ। ਇਸ ਮੌਕੇ ਬੋਲਦਿਆਂ ਸ਼੍ਰੀ ਮਾਨਸਾਹੀਆ ਨੇ ਕਿਹਾ ਕਿ ਇਸ ਸੜਕ ਨੂੰ ਬਣਵਾਉਣ ’ਤੇ ਕਰੀਬ 28 ਲੱਖ ਰੁਪਏ ਦਾ ਖ਼ਰਚ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਸਾਰੇ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜ ਬੜੀ ਤੇਜ਼ ਰਫ਼ਤਾਰ ਨਾਲ ਚੱਲ ਰਹੇ ਹਨ, ਜੋ ਕਿ ਜਲਦ ਹੀ ਮੁਕੰਮਲ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਨੁਹਾਰ ਬਦਲਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਵਿਕਾਸ ਕਾਰਜਾਂ ਦੀ ਨਿਗਰਾਨੀ ਰੱਖਣ। ਇਸ ਮੌਕੇ ਨਗਰ ਕੌਂਸਲ ਮਾਨਸਾ ਦੇ ਅਧਿਕਾਰੀ ਅਤੇ ਸ਼ਹਿਰ ਦੇ ਪਤਵੰਤੇ ਸੱਜਣ ਹਾਜ਼ਰ ਸਨ।