ਮਾਨਸਾ, 14 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਜਿਲ੍ਹਾ ਮਾਨਸਾ ਵਿੱਚ ਕੋਵਿਡ-19 ਤੋਂ ਬਚਾਅ ਲਈ ਮਗਨਰੇਗਾ ਅਧੀਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵੱਲੋਂ ਪਿੰਡਾਂ ਵਿੱਚ ਜਨ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ ਮਗਨਰੇਗਾ ਅਧੀਨ ਰੋਜ਼ਗਾਰ ਦਿਵਸ ਮਨਾਏ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਸਬੰਧੀ ਸਹੁੰ ਚੁਕਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਇੱਕ ਦੂਜੇ ਤੋਂ ਘੱਟੋ-ਘੱਟ 2 ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ, ਮਾਸਕ ਪਾ ਕੇ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ ਅਤੇ ਹੱਥਾਂ ਨੂੰ ਬਾਰ ਬਾਰ ਸਾਬਣ ਨਾਲ ਧੋਇਆ ਜਾਵੇ। ਇਸ ਮੌਕੇ ਮਗਨਰੇਗਾ ਸਟਾਫ ਵੱਲੋਂ ਵੀ ਸਹੁੰ ਚੁੱਕੀ ਗਈ ਕਿ ਉਹ ਇਹਨਾਂ ਹਦਾਇਤਾਂ ਦੀ ਪਾਲਣਾ ਕਰਨਗੇ ਅਤੇ ਪੇਂਡੂ ਲੋਕਾਂ ਨੂੰ ਇਸ ਮਹਾਂਮਾਰੀ ਦੇ ਬਚਾਅ ਸਬੰਧੀ ਜਾਗਰੂਕ ਕਰਨਗੇ।