ਮਾਨਸਾ, 23 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ): ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਸ਼ਨ ਫ਼ਤਿਹ ਤਹਿਤ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਹਦਾਇਤ ਕੀਤੀ ਕਿ ਕੋਵਿਡ ਟੈਸਟਿੰਗ ਦੀ ਸਮਰੱਥਾ ਵਿੱਚ ਵਾਧਾ ਕਰਦੇ ਹੋਏ ਰੋਜ਼ਾਨਾ ਔਸਤਨ 600 ਸੈਂਪਲ ਲਏ ਜਾਣ ਅਤੇ ਇਸ ਕਾਰਜ ਨੂੰ ਯਕੀਨੀ ਬਣਾਉਣ ਲਈ ਸਮੂਹ ਉਪ ਮੰਡਲ ਮੈਜਿਸਟਰੇਟ ਨਾਲ ਰੋਜ਼ਾਨਾ ਦੇ ਆਧਾਰ ‘ਤੇ ਰਾਬਤਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਪਹਿਲ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕੋਵਿਡ ਟੈਸਟਿੰਗ ਲਈ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਹਾਲੇ ਕੋਵਿਡ ਦਾ ਖ਼ਤਰਾ ਘਟਿਆ ਨਹੀਂ ਹੈ ਅਤੇ ਸਿਹਤ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਣੀ ਬੇਹੱਦ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਪਿਛਲੇ ਦਿਨਾਂ ਦੇ ਕੋਵਿਡ ਟੈਸਟਿੰਗ ਦੇ ਅੰਕੜਿਆਂ ਬਾਰੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਗਾਤਾਰ ਸਰਗਰਮ ਰਹਿੰਦੇ ਹੋਏ ਵੱਧ ਤੋਂ ਵੱਧ ਟੈਸਟਿੰਗ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲਗਾਤਾਰ ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਵਿਖੇ ਕੋਵਿਡ ਦੇ ਪਾਸਾਰ ਨੂੰ ਰੋਕਣ ਵਿੱਚ ਕੋਈ ਵੀ ਲਾਪਰਵਾਹੀ ਨਾ ਵਰਤੀ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨਾਲ ਸਬੰਧਤ ਕੇਂਦਰ ਤੇ ਰਾਜ ਸਰਕਾਰ ਦੀਆਂ ਵੱਖ ਵੱਖ ਭਲਾਈ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਸਿਹਤ ਸਬੰਧੀ ਸੁਵਿਧਾਵਾਂ ਅਤੇ ਯੋਜਨਾਵਾਂ ਨੂੰ ਹਰੇਕ ਨਾਗਰਿਕ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਸਾਗਰ ਸੇਤੀਆ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।