ਅੰਮ੍ਰਿਤਸਰ 29 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕਾਂਗਰਸੀ ਲੀਡਰ ਨਵਜੋਤ ਸਿੱਧੂ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਅੱਜ ਸਿੱਖ ਯੂਥ ਪਾਵਰ ਆਫ ਪੰਜਾਬ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੱਤਰ ਦੇ ਕੇ ਸਿੱਧੂ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕਾਰਵਾਈ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਇਸ ਸਬੰਧੀ ਪੱਤਰ ਪੁਲਿਸ ਨੂੰ ਵੀ ਸੌਂਪਿਆ ਹੈ।
ਇਸ ਬਾਰੇ ਗੱਲ ਕਰਦਿਆਂ ਜਥੇਬੰਦੀ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਆਖਿਆ ਕਿ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਦੀ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਵਿੱਚ ਉਸ ਨੇ ਸ਼ਾਲ ਜਾਂ ਲੋਈ ਲਈ ਹੋਈ ਹੈ। ਉਸ ਉਪਰ ਇਕ ਓਂਕਾਰ ਤੇ ਖੰਡੇ ਦੀ ਤਸਵੀਰ ਬਣੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਇਹ ਗੁਰਬਾਣੀ ਜਾਂ ਸਿੱਖ ਚਿੰਨ੍ਹਾਂ ਦੀ ਬੇਅਦਬੀ ਹੈ। ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਉਨ੍ਹਾਂ ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਕਾਂਗਰਸੀ ਆਗੂ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਇਕ ਮੰਗ ਪੱਤਰ ਪੁਲਿਸ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਹੈ ਤੇ ਉਸ ਵਿੱਚ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।