ਚੰਡੀਗੜ, 20 ਜਨਵਰੀ (ਸਾਰਾ ਯਹਾ/ਮੁੱਖ ਸੰਪਾਦਕ) :ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਹੈ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਤੀਜੀ ਅਤੇ ਚੌਥੀ ਕਲਾਸ ਲਈ ਸਕੂਲ 27 ਜਨਵਰੀ ਤੋਂ ਖੁੱਲਣਗੇ ਅਤੇ ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਜਮਾਤ ਤੇ ਦੂਜੇ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ’ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨਾਂ ਕਿਹਾ ਕਿ ਸਕੂਲ ਖੁੱਲਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਅਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੂੰ ਸਕੂਲ ਖੋਲਣ ਤੋਂ ਪਹਿਲਾਂ ਇਮਾਰਤਾਂ ਦੀ ਪੂਰੀ ਸਫ਼ਾਈ ਸਹੀ ਢੰਗ ਨਾਲ ਕਰਵਾਉਣ ਦੇ ਨਾਲ-ਨਾਲ ਕੋਰੋਨਾਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਹੈ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲ ਖੋਲਣ ਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਲਦ ਹੀ ਸਿੱਖਿਆ ਵਿਭਾਗ ਵੱਲੋਂ ਜਲਦ ਹੀ ਹਦਾਇਤਾਂ ਜ਼ਿਲਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਜਾਰੀ ਕਰ ਦਿੱਤੀਆਂ ਜਾਣਗੀਆਂ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਵੀਂ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਕਲਾਸਾਂ ਲਾਉਣ ਸਕੂਲ ਖੁੱਲਣ ਤੋਂ ਬਾਅਦ ਤੋਂ ਹੀ ਮਾਪਿਆਂ, ਜ਼ਿਲਾ ਸਿੱਖਿਆ ਅਫ਼ਸਰਾਂ ਤੇ ਅਧਿਆਪਕਾਂ ਵੱਲੋਂ ਲਗਾਤਾਰ ਸਿਫ਼ਾਰਸ਼ ਕੀਤੀ ਜਾ ਰਹੀ ਸੀ ਕਿ ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਸਕੂਲਾਂ ’ਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਜਾਵੇ। ਉਨਾਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਹੀ ਹੁਣ ਪਹਿਲੀ ਜਮਾਤ ਤੋਂ ਸਕੂਲ ਖੋਲਣ ਦੀ ਇਜਾਜ਼ਤ ਸ਼ਰਤਾਂ ਸਹਿਤ ਦਿੱਤੀ ਗਈ ਹੈ।————-