ਨਵੀਂ ਦਿੱਲੀ30, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਲਾਲ ਕਿਲ੍ਹੇ ‘ਤੇ ਹੋਈ ਹਿੰਸਕ ਘਟਨਾ ਤੋਂ ਬਾਅਦ 100 ਤੋਂ ਵੱਧ ਪ੍ਰਦਰਸ਼ਨਕਾਰੀ ਕਿਸਾਨ ਲਾਪਤਾ ਹਨ। ਹੁਣ ਤੱਕ ਪੁਲਿਸ ਵਲੋਂ ਸਿਰਫ 18 ਕਿਸਾਨਾਂ ਦੀ ਪੁਸ਼ਟੀ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਪਰ ਬਾਕੀ ਕਿਸਾਨਾਂ ਬਾਰੇ ਕੁਝ ਪਤਾ ਨਹੀਂ ਹੈ। ਇਸ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਾਫੀ ਪ੍ਰੇਸ਼ਾਨ ਹੋ ਰਹੇ ਹਨ।
ਦੱਸ ਦਈਏ ਕਿ ਪੁਲਿਸ ਵਲੋਂ ਜਿਨ੍ਹਾਂ ਗ੍ਰਿਫ਼ਤਾਰ ਕੀਤੇ 18 ਲੋਕਾਂ ਦੀ ਪੁਸ਼ਟੀ ਹੋਈ ਹੈ ਉਨ੍ਹਾਂ ਚੋਂ ਸੱਤ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਬੰਗੀ ਨਿਹਾਲ ਸਿੰਘ ਦੇ ਵਸਨੀਕ ਹਨ। ਇਨ੍ਹਾਂ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਕਿਸਾਨ ਰੈਲੀ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।
ਹਾਸਲ ਜਾਣਕਾਰੀ ਮੁਤਾਬਕ ਇਹ ਕਿਸਾਨ 23 ਜਨਵਰੀ ਨੂੰ ਦੋ ਟਰੈਕਟਰਾਂ ‘ਤੇ ਦਿੱਲੀ ਲਈ ਰਵਾਨਾ ਹੋਏ ਸੀ। ਉਨ੍ਹਾਂ ਨੂੰ 26 ਜਨਵਰੀ ਨੂੰ ਹੋਈ ਹਿੰਸਾ ਦੀਆਂ ਘਟਨਾਵਾਂ ਤੋਂ ਬਾਅਦ ਪਾਸਿਮ ਵਿਹਾਰ ਥਾਣੇ ਵਿੱਚ ਹੋਈ ਐਫਆਈਆਰ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ “ਮੋਗਾ ਦੇ 11 ਪ੍ਰਦਰਸ਼ਨਕਾਰੀਆਂ ਨੂੰ ਨਾਂਗਲੋਈ ਪੁਲਿਸ ਨੇ ਗ੍ਰਿਫਤਾਰ ਕੀਤਾ, ਜਿਨ੍ਹਾਂ ਨੂੰ ਹੁਣ ਤਿਹਾੜ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ।” ਮੋਗਾ ਦੇ ਤਾਤਾਰੀ ਵਾਲਾ ਪਿੰਡ ਦੇ 12 ਲੋਕ 26 ਜਨਵਰੀ ਦੀ ਘਟਨਾ ਤੋਂ ਬਾਅਦ ਲਾਪਤਾ ਹੋਏ। ਉਨ੍ਹਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਸੂਤਰ ਦੱਸਦੇ ਹਨ ਕਿ ਅਲੀਪੁਰ ਅਤੇ ਨਰੇਲਾ ਖੇਤਰ ਦੇ ਆਸ ਪਾਸ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਮਨਜਿੰਦਰ ਸਿੰਘ ਸਿਰਸਾ ਨੇ ਅੱਗੇ ਦੱਸਿਆ ਕਿ ਇੱਕ ਜ਼ਖਮੀ ਕਿਸਾਨ ਸੇਂਟ ਸਟੀਫਨ ਹਸਪਤਾਲ ਵਿੱਚ ਦਾਖਲ ਹੈ।
ਪੰਜਾਬ ਹਿਯੂਮਨ ਰਾਈਟਸ ਆਰਗੇਨਾਈਜ਼ੇਸ਼ਨ ਨਾਮੀ ਇੱਕ ਐਨਜੀਓ ਦਾ ਕਹਿਣਾ ਹੈ ਕਿ ਗਣਤੰਤਰ ਦਿਵਸ ਦੇ ਦਿੱਲੀ ਵਿੱਚ ਕਿਸਾਨ ਪਰੇਡ ਲਈ ਪੰਜਾਬ ਤੋਂ 100 ਦੇ ਕਰੀਬ ਕਿਸਾਨ ਲਾਪਤਾ ਹਨ। ਇਸ ਦੇ ਨਾਲ ਹੀ ਆਰਗੇਨਾਈਜ਼ੇਸ਼ਨ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਜਿਵੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਖਾਲੜਾ ਮਿਸ਼ਨ ਅਤੇ ਪੰਥੀ ਤਾਲਾਲ ਸੰਗਠਨ ਨੇ ਗਣਤੰਤਰ ਦਿਵਸ ‘ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਮਦਦ ਦੇਣ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਨੂੰ ਗਣਤੰਤਰ ਦਿਵਸ ਪਰੇਡ ਤੋਂ ਬਾਅਦ ਗੁੰਮ ਹੋਏ ਲੋਕਾਂ ਦੀ ਸੂਚੀ ਮਿਲੀ ਹੈ, ਜਿਸਦੀ ਪੁਸ਼ਟੀ ਕੀਤੀ ਜਾ ਰਹੀ ਹੈ।