ਮਾਨਸਾ,02,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ): ਸਮੱਗਰਾ ਸਿੱਖਿਆ ਅਭਿਆਨ ਤਹਿਤ ਫਰਵਰੀ 2021 ਮਹੀਨੇ ਦੌਰਾਨ ਵੱਖ-ਵੱਖ ਵੰਨਗੀਆਂ ਦੇ ਜ਼ਿਲ੍ਹਾ ਪੱਧਰੀ ਕਲਾ ਉਤਸਵ ਦੇ ਵੱਖ-ਵੱਖ ਕਰਵਾਏ ਗਏ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੰਜੀਵ ਕੁਮਾਰ ਬਾਂਸਲ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਜਗਰੂਪ ਭਾਰਤੀ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਬਹੁਤ ਵਧੀਆ ਭਾਗੀਦਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਭਾਗੀਦਾਰੀ ਕਰਕੇ ਆਪਣੀ ਕਲਾ ਨੂੰ ਨਿਖਾਰਨਾ ਚਾਹੀਦਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਸ਼੍ਰੀ ਰਾਜੀਵ ਕੁਮਾਰ ਨੇ ਦੱਸਿਆ ਕਿ ਸਮੱਗਰਾ ਸਿੱਖਿਆ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਕਲਾ ਉਤਸਵ ਵਿੱਚ ਲੋਕ ਗੀਤ, ਸ਼ਾਸਤਰੀ ਸਾਜ, ਲੋਕ ਨਾਚ ਆਦਿ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏ ਸਨ, ਜਿਨ੍ਹਾਂ ਵਿੱਚ 14 ਵਿਦਿਆਰਥੀਆਂ ਨੇ ਪਹਿਲਾ,
ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇਤੂ ਰਹੇ ਇਨ੍ਹਾਂ ਵਿਦਿਆਰਥੀਆਂ ਨੂੰ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਡੀ.ਐਮ. ਖੇਡਾਂ ਗੁਰਦੀਪ ਸਿੰਘ, ਨਿਤਾਸ਼ ਗੋਇਲ, ਰਾਜੇਸ਼ ਅਰੋੜਾ, ਬਲਦੇਵ ਸਿੰਘ, ਰਣਵੀਰ ਕੌਰ, ਵੀਰਪਾਲ ਕੌਰ, ਅਮਰਜੀਤ ਕੌਰ, ਦੁਸ਼ਯੰਤ ਕੁਮਾਰ, ਮੋਹਿਤ ਸਿੰਗਲਾ ਅਤੇ ਸੰਦੀਪ ਕੁਮਾਰ ਤੋਂ ਇਲਾਵਾ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਮੌਜੂਦ ਸਨ।