ਅਰੁਨਾ ਚੌਧਰੀ ਨੇ ਕੰਸਲਟੈਂਟਾਂ, ਪ੍ਰਾਜੈਕਟ ਐਸੋਸੀਏਟਾਂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

0
15

ਚੰਡੀਗੜ੍ਹ, 25 ਮਾਰਚ(ਸਾਰਾ ਯਹਾਂ /ਮੁੱਖ ਸੰਪਾਦਕ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਵਿੱਚ ਪੋਸ਼ਣ ਅਭਿਆਨ ਅਧੀਨ ਭਰਤੀ ਕੀਤੇ 76 ਮੁਲਾਜ਼ਮਾਂ ਨੂੰ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪੇ।

        ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਚੌਧਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਤਾਂ ਜੋ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਪੋਸ਼ਣ ਭਰਪੂਰ ਖ਼ੁਰਾਕ ਉਪਲਬਧ ਕਰਾਉਣ ਦੀ ਮੁਹਿੰਮ ਨੂੰ ਹੇਠਲੀ ਪੱਧਰ ਤੱਕ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਸਕੇ।

        ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੰਸਲਟੈਂਟ, ਪ੍ਰਾਜੈਕਟ ਐਸੋਸੀਏਟ, ਜ਼ਿਲ੍ਹਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰ ਦੀਆਂ ਕੁੱਲ 184 ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭੀ ਗਈ ਹੈ ਅਤੇ ਪਹਿਲੇ ਗੇੜ ਵਿੱਚ ਸਫ਼ਲ ਹੋਏ 76 ਬਿਨੈਕਾਰਾਂ ਨੂੰ ਅੱਜ ਨਿਯੁਕਤੀ ਪੱਤਰ ਵੰਡੇ ਗਏ ਹਨ, ਜਿਨ੍ਹਾਂ ਵਿੱਚ 2 ਕੰਸਲਟੈਂਟ, 2 ਪ੍ਰਾਜੈਕਟ ਐਸੋਸੀਏਟ, 14 ਜ਼ਿਲ੍ਹਾ ਕੋਆਰਡੀਨੇਟਰ ਅਤੇ 58 ਬਲਾਕ ਕੋਆਰਡੀਨੇਟਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬਾਕੀ ਉਮੀਦਵਾਰਾਂ ਦੀ ਭਰਤੀ ਪ੍ਰਕਿਰਿਆ ਛੇਤੀ ਮੁਕੰਮਲ ਕਰਕੇ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।

        ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪੋਸ਼ਣ ਅਭਿਆਨ ਨੂੰ ਇੱਕ ਜਨ-ਅੰਦੋਲਨ ਵਜੋਂ ਅਰੰਭਿਆ ਗਿਆ ਹੈ ਜਿਸ ਅਧੀਨ ਸਮਾਜਿਕ ਸੁਰੱਖਿਆ ਵਿਭਾਗ ਸਣੇ ਸਿਹਤ, ਸਿੱਖਿਆ, ਪੇਂਡੂ ਵਿਕਾਸ, ਜਲ ਸਪਲਾਈ ਆਦਿ ਵਿਭਾਗਾਂ ਦੀਆਂ ਸਕੀਮਾਂ ਨੂੰ ਇਕ ਪਲੇਟਫ਼ਾਰਮ ’ਤੇ ਲਿਆ ਕੇ ਉਨ੍ਹਾਂ ਦਾ ਲਾਭ ਔਰਤਾਂ ਤੇ ਬੱਚਿਆਂ ਨੂੰ ਮੁਹੱਈਆ ਕਰਾਉਣ ਦਾ ਉੱਦਮ ਕੀਤਾ ਗਿਆ ਹੈ ਤਾਂ ਜੋ ਸੂਬੇ ਵਿੱਚੋਂ ਕੁਪੋਸ਼ਣ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।

        ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਦੀ ਜਲਦੀ ਟਰੇਨਿੰਗ ਕਰਵਾਈ ਜਾਵੇਗੀ ਤਾਂ ਜੋ ਉਹ ਵਿਭਾਗ ਦੇ ਕੰਮ ਨੂੰ ਚੰਗੀ ਤਰ੍ਹਾਂ ਸਮਝ ਸਕਣ ਅਤੇ ਵਿਭਾਗ ਦੇ ਟੀਚਿਆਂ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਦਿਆਂ ਪੰਜਾਬ ਨੂੰ ਨੰਬਰ ਇਕ ਸੂਬਾ ਬਣਾ ਸਕਣ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਵਿੰਮੀ ਭੁੱਲਰ, ਵਧੀਕ ਡਾਇਰੈਕਟਰ ਲਿਲੀ ਚੌਧਰੀ, ਜੁਆਇੰਟ ਡਾਇਰੈਕਟਰ ਚਰਨਜੀਤ ਸਿੰਘ ਮਾਨ, ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਅਤੇ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਰਾਜਬੀਰ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here