*ਲੱਖਾ ਸਿਧਾਣਾ ਦੇ ਭਰਾ ‘ਤੇ ਦਿੱਲੀ ਪੁਲਿਸ ਦੇ ਤਸ਼ੱਦਦ ਮਗਰੋਂ ਘਿਰੀ ਕੈਪਟਨ ਸਰਕਾਰ, ਨਵਜੋਤ ਸਿੱਧੂ ਮਗਰੋਂ ਸੁਖਬੀਰ ਬਾਦਲ ਨੇ ਉਠਾਏ ਸਵਾਲ*

0
39

ਚੰਡੀਗੜ੍ਹ12ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ)  ਕਿਸਾਨ ਅੰਦੋਲਨ ਵਿੱਚ ਸਰਗਰਮ ਨੌਜਵਾਨ ਆਗੂ ਲੱਖਾ ਸਿਧਾਣਾ ਦੇ ਭਰਾ ਨਾਲ ਦਿੱਲੀ ਪੁਲਿਸ ਵੱਲੋਂ ਕੁੱਟਮਾਰ ਦਾ ਮਾਮਲਾ ਗਰਮਾ ਗਿਆ ਹੈ। ਕਾਂਗਰਸੀ ਲੀਡਰ ਨਵਜੋਤ ਸਿੱਧੂ ਵੱਲੋਂ ਮੁੱਦਾ ਉਠਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਦਿੱਲੀ ਪੁਲਿਸ ਤੇ ਕੈਪਟਨ ਸਰਕਾਰ ਨੂੰ ਘੇਰਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸੂਬੇ ਦੇ ਨੌਜਵਾਨਾਂ ’ਤੇ ਢਾਹੇ ਜਾ ਰਹੇ ਤਸ਼ੱਦਦ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਨ੍ਹਾਂ ਸਵਾਲ ਚੁੱਕਿਆ ਕਿ ਮੁੱਖ ਮੰਤਰੀ ਆਪਣੇ ਅਧਿਕਾਰ ਖੇਤਰ ਵਿੱਚ ਦਿੱਲੀ ਪੁਲਿਸ ਨੂੰ ਆਗਿਆ ਕਿਉਂ ਦੇ ਰਹੇ ਹਨ। ਇਹ ਤੁਰੰਤ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੰਡੀ ਸਿਧਾਣਾ ’ਤੇ ਤਸ਼ੱਦਦ ਢਾਹੁਣ ਵਾਲੀ ਦਿੱਲੀ ਪੁਲਿਸ ਦੀ ਟੀਮ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।

ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਟਵੀਟ ਕਰਕੇ ਪੰਜਾਬ ਸਰਕਾਰ ਨੂੰ ਤਾਹਨਾ ਮਾਰਿਆ ਸੀ। ਨਵਜੋਤ ਸਿੱਧੂ ਨੇ ਗੁਰਦੀਪ ਸਿਧਾਣਾ ਦੇ ਹਵਾਲੇ ਨਾਲ ਕਿਹਾ, ‘‘ਸ਼ਰਮਨਾਕ ਹੈ ਕਿ ਦਿੱਲੀ ਪੁਲਿਸ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਆ ਕੇ ਪੰਜਾਬੀਆਂ ’ਤੇ ਤਸ਼ੱਦਦ ਕਰ ਰਹੀ ਹੈ।’’ ਉਨ੍ਹਾਂ ਸਵਾਲ ਉਠਾਇਆ ਕਿ ਇਹ ਪੰਜਾਬ ਸਰਕਾਰ ਦੇ ਅਧਿਕਾਰਾਂ ਦੀ ਉਲੰਘਣਾ ਹੈ ਤੇ ਆਖਰ ਇਹ ਕਿਸ ਦੀ ਸ਼ਹਿ ’ਤੇ ਹੋ ਰਿਹਾ ਹੈ। ਸਿੱਧੂ ਨੇ ਕਿਹਾ, ‘‘ਸਾਨੂੰ ਮਮਤਾ ਬੈਨਰਜੀ ਤੋਂ ਸਬਕ ਸਿੱਖਣਾ ਚਾਹੀਦਾ ਹੈ, ਜਿਸ ਨੇ ਪੱਛਮੀ ਬੰਗਾਲ ਦੇ ਅਧਿਕਾਰ ਖੇਤਰ ਵਿੱਚ ਘੁਸਪੈਠ ਕਰਨ ’ਤੇ ਸੀਬੀਆਈ ਅਧਿਕਾਰੀਆਂ ਨੂੰ ਵੀ ਜੇਲ੍ਹ ਭੇਜ ਦਿੱਤਾ ਸੀ।

ਦੱਸ ਦਈਏ ਕਿ ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ’ਤੇ ਆਪਣੇ ਚਚੇਰੇ ਭਰਾ ਗੁਰਦੀਪ ਸਿੰਘ ਮੁੰਡੀ ਦੀ ਕੁੱਟਮਾਰ ਤੇ ਤਸ਼ੱਦਦ ਢਾਹੁਣ ਦੇ ਦੋਸ਼ ਲਾਏ ਹਨ। ਲੱਖਾ ਸਿਧਾਣਾ ਨੇ ਕਿਹਾ ਹੈ ਕਿ ਦਿੱਲੀ ਪੁਲਿਸ ਨੇ ਗੁਰਦੀਪ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਅੰਬਾਲੇ ਛੱਡ ਦਿੱਤਾ। ਉਸ ਨੇ ਕਿਸਾਨਾਂ ਤੇ ਪੰਜਾਬੀਆਂ ਨੂੰ ਇਕੱਠੇ ਰਹਿਣ ਦੀ ਅਪੀਲ ਕੀਤੀ ਹੈ।

ਪਤਾ ਲੱਗਾ ਹੈ ਕਿ ਗੁਰਦੀਪ ਸਿੰਘ ਉਰਫ਼ ਮੁੰਡੀ ਸਿਧਾਣਾ ਨੂੰ ਦਿੱਲੀ ਪੁਲਿਸ ਵੱਲੋਂ 8 ਅਪਰੈਲ ਨੂੰ ਪਟਿਆਲਾ ਤੋਂ ਚੁੱਕਿਆ ਗਿਆ ਸੀ। ਦਿੱਲੀ ਪੁਲਿਸ ਵੱਲੋਂ ਅੰਬਾਲਾ ’ਚ ਛੱਡਣ ਮਗਰੋਂ ਮੁੰਡੀ ਸਿਧਾਣਾ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ, ਜਿੱਥੋਂ ਉਸ ਨੂੰ ਲੁਧਿਆਣਾ ਲਈ ਰੈਫਰ ਕਰ ਦਿੱਤਾ ਹੈ। ਬਠਿੰਡਾ ਪੁਲਿਸ ਵੱਲੋਂ ਗੁਰਦੀਪ ਸਿੰਘ ਸਿਧਾਣਾ ਦੇ ਬਿਆਨ ਕਲਮਬੰਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here