*ਕੋਰੋਨਾ ਦੀ ਦੂਜੀ ਲਹਿਰ ਲਈ ਚੋਣ ਕਮਿਸ਼ਨ ਜ਼ਿੰਮੇਵਾਰ!ਹਾਈਕੋਰਟ ਨੇ ਕਿਹਾ, ਦਰਜ ਹੋਵੇ ਕਤਲ ਕੇਸ*

0
80

ਚੇਨਈ 26ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਫੈਲ ਰਹੀ ਹੈ। ਕੋਰੋਨਾ ਦੇ ਮਰੀਜ਼ਾਂ ਦੇ ਅੰਕੜੇ ਹਰ ਦਿਨ ਨਵੇਂ ਰਿਕਾਰਡ ਬਣਾ ਰਹੇ ਹਨ। ਅਜਿਹੀ ਸਥਿਤੀ ਵਿੱਚ ਪੰਜ ਸੂਬਿਆਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੇ ਉੱਤਰ ਪ੍ਰਦੇਸ਼ ਵਿੱਚ ਪੰਚਾਇਤ ਚੋਣਾਂ ਨੂੰ ਲੈ ਕੇ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸ ਦੌਰਾਨ ਮਦਰਾਸ ਹਾਈਕੋਰਟ ਨੇ ਚੋਣ ਕਮਿਸ਼ਨ ਦੀ ਨਿੰਦਾ ਕੀਤੀ ਹੈ। ਹਾਈਕੋਰਟ ਨੇ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਲਈ ਸਿਰਫ ਚੋਣ ਕਮਿਸ਼ਨ ਹੀ ਜ਼ਿੰਮੇਵਾਰ ਹੈ।

ਮਦਰਾਸ ਹਾਈਕੋਰਟ ਵਿੱਚ ਚੀਫ਼ ਜਸਟਿਸ ਸੰਜੀਬ ਬੈਨਰਜੀ ਨੇ ਕਿਹਾ, “ਕੋਵਿਡ 19 ਦੀ ਦੂਜੀ ਲਹਿਰ ਲਈ ਸਿਰਫ ਤੁਹਾਡੀ ਸੰਸਥਾ ਹੀ ਜ਼ਿੰਮੇਵਾਰ ਹੈ। ਕੀ ਜਦੋਂ ਚੋਣ ਰੈਲੀਆਂ ਹੋ ਰਹੀਆਂ ਸੀ ਤੁਸੀਂ ਕਿਸੇ ਹੋਰ ਗ੍ਰਹਿ ‘ਤੇ ਸੀ?” ਚੀਫ਼ ਜਸਟਿਸ ਇੱਥੇ ਹੀ ਨਹੀਂ ਰੁਕੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਅਧਿਕਾਰੀਆਂ ‘ਤੇ ਸ਼ਾਇਦ ਕਤਲ ਦਾ ਕੇਸ ਦਾਇਰ ਕਰਨਾ ਚਾਹੀਦਾ ਹੈ।

ਇਸ ਦੇ ਨਾਲ ਹੀ ਚੋਣ ਕਮਿਸ਼ਨ ਨੂੰ 2 ਮਈ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਰੱਦ ਕਰਨ ਦੀ ਚੇਤਾਵਨੀ ਵੀ ਦਿੱਤੀ। ਚੀਫ਼ ਜਸਟਿਸ ਨੇ ਕਿਹਾ ਕਿ ਜੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਲਈ ਸਖ਼ਤ ਯੋਜਨਾ ਪੇਸ਼ ਨਹੀਂ ਕੀਤੀ ਗਈ ਤਾਂ 2 ਮਈ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਰੱਦ ਕਰ ਦਿੱਤੀ ਜਾਵੇਗੀ।

ਚੀਫ਼ ਜਸਟਿਸ ਨੇ ਚੋਣ ਕਮਿਸ਼ਨ ਨੂੰ ਕਿਹਾ, “ਫਿਲਹਾਲ ਬਚਾਅ ਤੇ ਸੁਰੱਖਿਆ ਦੀ ਸਥਿਤੀ ਹੈ, ਬਾਕੀ ਸਭ ਕੁਝ ਬਾਅਦ ਵਿੱਚ ਆਉਂਦਾ ਹੈ।” ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ 30 ਅਪ੍ਰੈਲ ਨੂੰ ਯੋਜਨਾ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸੀ ਕਿ ਕਿਵੇਂ ਵੋਟਾਂ ਦੀ ਗਿਣਤੀ ਦੌਰਾਨ ਕੋਵਿਡ ਪ੍ਰੋਟੋਕੋਲ ਦਾ ਪਾਲਣ ਕੀਤਾ ਜਾਵੇਗਾ। ਸੁਣਵਾਈ ਦੌਰਾਨ ਚੀਫ਼ ਜਸਟਿਸ ਬਹੁਤ ਨਾਰਾਜ਼ ਨਜ਼ਰ ਆਏ। ਅਗਲੀ ਸੁਣਵਾਈ 30 ਅਪ੍ਰੈਲ ਨੂੰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here