*ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਮੁਕਤ ਪਿੰਡ ਅਭਿਆਨ ਨੂੰ ਸਫ਼ਲਤਾ ਨਾਲ ਲਾਗੂ ਕਰਨ ਦੀ ਹਦਾਇਤ*

0
44

ਮਾਨਸਾ, 19 ਮਈ (ਸਾਰਾ ਯਹਾਂ/ਜੋਨੀ ਜਿੰਦਲ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਲਈ ਮਿਸ਼ਨ ਫ਼ਤਿਹ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਵਿੱਚ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨੀ ਪੱਧਰ ‘ਤੇ ਸੈਂਪਲਿੰਗ ਤੇ ਵੈਕਸੀਨੇਸ਼ਨ ਦੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਾਉਣ ਵਾਲੀਆਂ ਟੀਮਾਂ ਦੇ ਫਰੰਟ ਲਾਈਨ ਯੋਧਿਆਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ  ਲਗਾਤਾਰ ਹੱਲਾਸ਼ੇਰੀ ਦਿੰਦੇ ਹੋਏ ਆਪਣੀ ਸਿਹਤ ਦਾ ਵੀ ਪੂਰਾ ਖਿਆਲ ਰੱਖਣ ਲਈ ਪ੍ਰੇਰਿਤ ਕੀਤਾ ਜਾਵੇ ਕਿਉਂਕਿ ਫਰੰਟ ਲਾਈਨ ਯੋਧਿਆਂ ਦੇ ਸਦਕਾ ਹੀ ਅਸੀਂ ਕੀਮਤੀ ਜਾਨਾਂ ਨੂੰ ਬਚਾਉਣ ਦੇ ਸਮਰੱਥ ਬਣ ਪਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕੋਰੋਨਾ ਯੋਧੇ ਸਮੁੱਚੀ ਪ੍ਰਕਿਰਿਆ ਦੌਰਾਨ ਪੂਰੀਆਂ ਸਾਵਧਾਨੀਆਂ ਅਮਲ ਵਿੱਚ ਲਿਆਉਣ ਤਾਂ ਜੋ ਖੁਦ ਵੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਤੋਂ ਮਿਲੇ ਦਿਸ਼ਾ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਿਸ਼ਨ ਫ਼ਤਿਹ 2.0 ਤਹਿਤ ਕੋਰੋਨਾ ਮੁਕਤ ਪਿੰਡ ਅਭਿਆਨ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਸੈਂਪਲਿੰਗ ਕੈਂਪ ਲਗਾਉਣ ਦੀ ਲੋੜ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਪਾਸਾਰ ਨੂੰ ਹਰ ਹੀਲੇ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਲਾਗੂ ਕਰਨ ਲਈ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਨਾਗਰਿਕਾਂ ਨੂੰ ਸਿਹਤ ਸਲਾਹਾਂ ਦੀ ਪਾਲਣਾ ਬਾਰੇ ਸੁਚੇਤ ਕਰਨ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਸ਼ਾ ਵਰਕਰਾਂ, ਕਮਿਊਨਿਟੀ ਸਿਹਤ ਅਧਿਕਾਰੀ, ਸੀਨੀਅਰ ਮੈਡੀਕਲ ਅਫ਼ਸਰ ਦੇ ਨਾਲ ਨਾਲ ਵੱਖ ਵੱਖ ਪੜਾਵਾਂ ‘ਤੇ ਕੋਵਿਡ ਦੇ ਸ਼ੱਕੀ ਮਰੀਜ਼ਾਂ ਦਾ ਡਾਟਾ ਇਕੱਤਰ ਕੀਤਾ ਜਾਵੇਗਾ ਅਤੇ ਫਿਰ ਪਾਜ਼ੀਟਿਵ ਮਰੀਜ਼ਾਂ ਦੇ ਢੁਕਵੇਂ ਇਲਾਜ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇਗਾ ਜਿਸ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰ ਦੇ ਆਦੇਸ਼ਾਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ 18 ਤੋਂ 44 ਸਾਲ ਉਮਰ ਵਰਗ ਦੇ ਨਾਗਰਿਕਾਂ ਦੇ ਟੀਕਾਕਰਨ ਲਈ ਵਿਸ਼ੇਸ਼ ਤੌਰ ‘ਤੇ ਸਥਾਪਿਤ ਕੀਤੇ ਗਏ ਟੀਕਾਕਰਨ ਕੇਂਦਰਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿਖੇ ਸਹਿ ਰੋਗਾਂ ਦੇ ਪੀੜਤਾਂ ਅਤੇ ਫਰੰਟ ਲਾਈਨ ਸਿਹਤ ਵਰਕਰਾਂ ਦੇ ਪਰਿਵਾਰਕ ਮੈਂਬਰਾਂ ਦੇ ਟੀਕਾਕਰਨ ਕੀਤਾ ਜਾ ਰਿਹਾ ਹੈ ਜਦਕਿ ਡਾਕਟਰੀ ਟੀਮਾਂ ਵੱਲੋਂ ਵਿਸ਼ੇਸ਼ ਕੈਂਪਾਂ ਦੌਰਾਨ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦੇ ਟੀਕਾਕਰਨ ਤੇ ਸੈਂਪਲਿੰਗ ਦੀ ਪ੍ਰਕਿਰਿਆ ਵੀ ਜਾਰੀ ਹੈ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਆਪਣਾ ਸਭ ਦਾ ਟੀਚਾ ਮਾਨਵਤਾ ਦੀ ਸੇਵਾ ਹੈ ਜਿਸ ਦੇ ਚਲਦਿਆਂ ਹਰੇਕ ਨਾਗਰਿਕ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਇਕਾਂਤਵਾਸ ਵਿੱਚ ਚੱਲ ਰਹੇ ਕੋਵਿਡ ਪਾਜੀਟਿਵ ਮਰੀਜ਼ਾਂ ਨੂੰ ਫ਼ਤਿਹ ਕਿੱਟਾਂ ਦੀ ਵੰਡ, ਭੋਜਨ ਕਿੱਟਾਂ ਦੀ ਵੰਡ, ਆਰ.ਟੀ.-ਪੀ.ਸੀ.ਆਰ ਟੈਸਟਾਂ, ਹੈਲਥ ਵੈਲਨੈਸ ਸੈਂਟਰਾਂ, ਲੇਬਰ ਦੀ ਸੈਂਪਲਿੰਗ ਤੇ ਵੈਕਸੀਨੇਸ਼ਨ ਦੀ ਪ੍ਰਗਤੀ ਆਦਿ ਦਾ ਜਾਇਜ਼ਾ ਵੀ ਲਿਆ।
ਮੀਟਿੰਗ ਦੌਰਾਨ ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਸਹਾਇਕ ਕਮਿਸ਼ਨਰ ਬਲਜੀਤ ਕੌਰ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਤੇ ਹੋਰ ਸਿਹਤ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here