ਮਾਨਸਾ, 27 ਮਈ (ਸਾਰਾ ਯਹਾਂ/ਔਲਖ ) 21 ਮਈ ਤੋਂ ਲੈ ਕੇ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਮੋਢਿਆਂ ਤੇ ਕਾਲੇ ਬਿੱਲੇ ਲਗਾ ਕੇ ਆਪਣੀਆਂ ਮੰਗਾਂ ਸਬੰਧੀ ਸਰਕਾਰ ਨੂੰ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਮਾਨਸਾ ਦੇ ਨਿਰਦੇਸ਼ ਅਨੁਸਾਰ ਸਿਹਤ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਸਰਕਾਰ ਪ੍ਰਤੀ ਰੋਸ ਪ੍ਰਗਟ ਕਰਨ ਲਈ ਪੂਰੇ ਹਫਤੇ ਤੋਂ ਮੋਢਿਆਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਡਿਊਟੀ ਕੀਤੀ ਗਈ। ਇਸ ਮੌਕੇ ਇਕੱਤਰ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਕੇਵਲ ਸਿੰਘ , ਜਗਦੀਸ਼ ਸਿੰਘ ਪੱਖੋ, ਚਾਨਣ ਦੀਪ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਚਰਨਜੀਤ ਕੌਰ, ਗੁਰਚਰਨ ਕੌਰ ਆਦਿ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਮੁਲਾਜ਼ਮਾਂ ਦੀ ਅਣਦੇਖੀ ਕਰ ਰਹੀਆਂ ਹਨ ਤੇ ਸਿਰਫ਼ ਕਾਗਜਾਂ ਵਿੱਚ ਹੀ ਫਰੰਟਲਾਈਨ ਕਰਮਚਾਰੀਆਂ ਨੂੰ ਸਨਮਾਨ ਦੇਣ ਦੀਆਂ ਗੱਲਾਂ ਕਰ ਰਹੀਆਂ ਹਨ ਜਦਕਿ ਅਸਲ ਵਿੱਚ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਜਾਨਾਂ ਜੋਖਮ ਵਿੱਚ ਪਾ ਕੇ ਡਿਊਟੀਆਂ ਕਰ ਰਹੇ ਮੁਲਾਜਮਾਂ ਦਾ ਭਂਵਿੱਖ ਹਨੇਰਾ ਹੈ, ਕਿਉਂਕਿ ਬਹੁਤ ਘੱਟ ਤਨਖਾਹਾਂ ਤੇ ਇਹ ਕਾਮੇ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਹਨ ਤੇ ਸਰਕਾਰ ਇਹਨਾਂ ਨੂੰ ਪੱਕੇ ਕਰਨ ਦਾ ਨਾਮ ਨਹੀਂ ਲੈ ਰਹੀ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਐਨ.ਐਚ.ਐਮ. ਅਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਨਵ ਨਿਯੁਕਤ ਸਿਹਤ ਕਾਮਿਆਂ ਦਾ ਪਰਖ ਕਾਲ ਖਤਮ ਕੀਤਾ ਜਾਵੇ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ । ਉਹਨਾਂ ਦੱਸਿਆ ਕਿ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ 20 ਅਤੇ 21 ਮਈ ਨੂੰ ਪੈਨ ਡਾਊਨ ਸਟ੍ਰਾਈਕ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਮਹਾਂਮਾਰੀ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਐਕਸ਼ਨ ਨੂੰ ਰੱਦ ਕਰਕੇ ਰੋਸ ਹਫਤਾ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ । ਇਸ ਮੌਕੇ ਸੀ ਐਚ ਸੀ ਖਿਆਲਾ ਕਲਾਂ ਵਿਖੇ ਸਿਹਤ ਕਰਮਚਾਰੀਆਂ ਨੇ ਇਕੱਤਰ ਹੋਕੇ ਕੋਵਿਡ ਨਿਯਮਾਂ ਦਾ ਪਾਲਣ ਕਰਦੇ ਹੋਏ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਖਿਲਾਫ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਉਕਤ ਤੋਂ ਇਲਾਵਾ ਕੇਵਲ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਭੋਲਾ ਸਿੰਘ, ਮਨੋਜ ਕੁਮਾਰ, ਤਰਸੇਮ ਸਿੰਘ, ਪ੍ਰਦੀਪ ਸਿੰਘ, ਸਿਮਰਜੀਤ ਸਿੰਘ, ਮਲਕੀਤ ਸਿੰਘ, ਹਰਦੀਪ ਸਿੰਘ, ਸੀਮਾ ਰਾਣੀ, ਰਾਜਵੀਰ ਕੌਰ, ਕਿਰਨਜੀਤ ਕੌਰ, ਸਰਬਜੀਤ ਕੌਰ ਆਦਿ ਸਿਹਤ ਮੁਲਾਜ਼ਮ ਹਾਜ਼ਰ ਸਨ ।