ਪੰਚਕੂਲਾ 05,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ):: ਹਰਿਆਣਾ ਦੇ ਪੰਚਕੂਲਾ ਵਿਚ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਕਿਸਾਨਾਂ ਨੂੰ ਪੁਲਿਸ ਨੇ ਮਾਜਰੀ ਚੌਕ ਅਤੇ ਪੁਰਾਣੇ ਪੰਚਕੂਲਾ ਚੌਕ ਵਿਖੇ ਰੋਕ ਲਿਆ ਅਤੇ ਬੈਰੀਕੇਡ ਲਗਾਏ ਗਏ। ਪੁਰਾਣੇ ਪੰਚਕੂਲਾ ਚੌਕ ਵਿਖੇ ਕਿਸਾਨਾਂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਅਤੇ ਕਿਸਾਨਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਕਿਸਾਨ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਲਾਠੀਚਾਰਜ ਕੀਤਾ।
ਖੇਤੀਬਾੜੀ ਕਾਨੂੰਨਾਂ ਦਾ ਇੱਕ ਸਾਲ ਪੂਰਾ ਹੋਣ ‘ਤੇ ਕਿਸਾਨ ਜਥੇਬੰਦੀਆਂ ਨੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤੀ ਸੀ। ਇਸ ਦੇ ਤਹਿਤ ਉਹ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਦੀ ਕੋਠੀ ਦਾ ਘਿਰਾਓ ਕਰਨ ਲਈ ਨਿਕਲੇ ਸੀ, ਪਰ ਕਿਸਾਨਾਂ ਨੂੰ ਪੁਲਿਸ ਨੇ ਪੁਰਾਣਾ ਪੰਚਕੂਲਾ ਨੇੜੇ ਰੋਕ ਲਿਆ ਸੀ। ਕਿਸਾਨਾਂ ਨੇ ਉੱਥੇ ਧਰਨਾ ਦਿੱਤਾ, ਜਿਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਪੰਚਕੂਲਾ ਵਿੱਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਾਜਰੀ ਚੌਕ, ਪਿੰਜੌਰ ਟੌਲ ਪਲਾਜ਼ਾ ਅਤੇ ਨਾਗਾਲ ਟੌਲ ਪਲਾਜ਼ਾ ਬਰਵਾਲਾ, ਰਾਏਪੁਰਣੀ ਸਮੇਤ ਕਈ ਥਾਵਾਂ ਤੇ ਪ੍ਰਦਰਸ਼ਨ ਕੀਤਾ। ਕਿਸਾਨ ਆਪਣੀ ਮੰਗ ਲਈ ਪ੍ਰਦਰਸ਼ਨ ਕਰਦੇ ਹੋਏ ਮਾਜਰੀ ਚੌਕ ਵਿਖੇ ਆਏ। ਕਿਸਾਨਾਂ ਨੂੰ ਦੂਰ ਚਲੇ ਜਾਣ ਲਈ ਕਿਹਾ ਗਿਆ, ਪਰ ਕਿਸਾਨਾਂ ਨੇ ਬਗੈਰ ਰੁਕੇ ਬੈਰੀਕੇਡਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ।
ਇਸ ਦੇ ਨਾਲ ਹੀ ਖੇਤੀਬਾੜੀ ਐਕਟ ਦੇ ਵਿਰੋਧ ਵਿੱਚ ਹਰਿਆਣਾ ਦੇ ਸਿਰਸਾ ਵਿੱਚ ਸੰਸਦ ਮੈਂਬਰ ਸੁਨੀਤਾ ਦੁੱਗਲ ਦੀ ਰਿਹਾਇਸ਼ ਦੇ ਸਾਹਮਣੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਇਸ ਤੋਂ ਪਹਿਲਾਂ ਕਿਸਾਨ 11 ਵਜੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਇਕੱਠੇ ਹੋਏ। ਕਿਸਾਨਾਂ ਨੇ ਪੈਦਲ ਹੀ ਹੁੱਡਾ ਸੈਕਟਰ ਵਿੱਚ ਸਾਂਸਦ ਦੀ ਰਿਹਾਇਸ਼ ਵੱਲ ਮਾਰਚ ਕੀਤਾ।
ਡੀਐਸਪੀ ਕੁਲਦੀਪ ਬੈਨੀਵਾਲ ਦੀ ਅਗਵਾਈ ਹੇਠ ਪੁਲਿਸ ਫੋਰਸ ਸੰਸਦ ਮੈਂਬਰ ਦੀ ਰਿਹਾਇਸ਼ ਦੀ ਸੁਰੱਖਿਆ ਲਈ ਮੌਕੇ ‘ਤੇ ਤਾਇਨਾਤ ਕੀਤੀ ਗਈ ਸੀ। ਕਿਸਾਨਾਂ ਨੇ ਪਹਿਲਾਂ ਡੀਐਸਪੀ ਨੂੰ ਸੁਰੱਖਿਆ ਸਰਕਲ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ। ਕਿਸਾਨਾਂ ਦੇ ਕਹਿਣ ‘ਤੇ ਕਿਸਾਨਾਂ ਨੂੰ ਦੂਸਰੀ ਬੈਰੀਕੇਡ ‘ਤੇ ਆਉਣ ਦੀ ਇਜਾਜ਼ਤ ਦਿੱਤੀ ਗਈ। ਇਸ ਤੋਂ ਬਾਅਦ ਕਿਸਾਨ ਦੂਸਰੇ ਗਏ ਅਤੇ ਸੰਸਦ ਮੈਂਬਰ ਅਤੇ ਭਾਜਪਾ ਖ਼ਿਲਾਫ਼ ਤਿੰਨਾਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਪੀਆਂ ਸਾੜ ਕੇ ਨਾਅਰੇਬਾਜ਼ੀ ਕੀਤੀ।