ਚੰਡੀਗੜ੍ਹ 05,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਕੇਂਦਰ ਵਿੱਚ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਮਹਾਂਮਾਰੀ ਦੇ ਸਮੇਂ ਵਿੱਚ ਵੀ ਰੁਕੀ ਨਹੀਂ ਹੈ। ਸ਼ਨੀਵਾਰ ਨੂੰ ਕਿਸਾਨ ਸੰਗਠਨਾਂ ਨੇ ਚੰਡੀਗੜ੍ਹ ਦੇ ਸੈਕਟਰ -18 ਵਿਚ ਪ੍ਰਦਰਸ਼ਨ ਕੀਤਾ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੰਜੇ ਟੰਡਨ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਸੰਗਠਨਾਂ ਦੇ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਸ਼ਨੀਵਾਰ ਸਵੇਰ ਤੋਂ ਭਾਜਪਾ ਨੇਤਾ ਸੰਜੇ ਟੰਡਨ ਦੇ ਘਰ ਦੇ ਸਾਹਮਣੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਬੈਰੀਕੇਡਿੰਗ ਘਰ ਦੇ ਚਾਰੇ ਪਾਸੇ ਕੀਤੀ ਗਈ ਸੀ। ਸੰਯੁਕਤ ਕਿਸਾਨ ਮੋਰਚੇ ਨੇ ਇਸ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਵੱਡੀ ਗਿਣਤੀ ਵਿੱਚ ਔਰਤਾਂ ਨੇ ਵੀ ਇਸ ਵਿੱਚ ਹਿੱਸਾ ਲਿਆ।
ਉਧਰ ਮੋਹਾਲੀ ਵਿੱਚ ਕਿਸਾਨ ਵਲੋਂ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਮੁਹਾਲੀ ਪੁਲਿਸ ਨੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ। ਸੈਕਟਰ -71 ਸਥਿਤ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਕੋਠੀ ਦੇ ਬਾਹਰ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ। ਪੁਲਿਸ ਨੇ ਸੈਕਟਰ -71 ਦੇ ਆਈਵੀ ਹਸਪਤਾਲ ਨੇੜੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਨਹੀਂ ਰੁੱਕੇ। ਕੇਂਦਰੀ ਮੰਤਰੀ ਦੀ ਕੋਠੀ ਤੋਂ ਲਗਭਗ 1000 ਮੀਟਰ ਦੀ ਦੂਰੀ ‘ਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਿਆ ਗਿਆ, ਪਰ ਕਿਸਾਨ ਅੱਗੇ ਜਾ ਕੇ ਕੋਠੀ ਦੇ ਸਾਮਹਣੇ ਬੈਠ ਗਏ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ।
ਹੁਣ ਗੱਲ ਕਰਦੇ ਹਾਂ ਲੁਧਿਆਣਾ ਦੀ ਜਿੱਥੇ ਕਿਸਾਨਾਂ ਨੇ ਪੁਲਿਸ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਖੁੱਲਰ ਦੇ ਢੋਲਾ ਵਾਲਾ ਚੌਕ ਨੇੜੇ ਕੋਠੀ ਦੇ ਆਸ-ਪਾਸ ਅਤੇ ਰੇਲਵੇ ਰੋਡ ‘ਤੇ ਭਾਜਪਾ ਨੇਤਾ ਹਨੀ ਗੋਇਲ ਦੇ ਘਰ ਦੇ ਆਸ ਪਾਸ ਅਤੇ ਗਲੀ ਮੁਹੱਲੇ ਵਿੱਚ ਸੁਰੱਖਿਆ ਪ੍ਰਬੰਧ ਕੀਤੇ।
ਨਾਲ ਹੀ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਰਜਿੰਦਰ ਭੰਡਾਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਭੰਡਾਰੀ ਦੇ ਘਰ ਬਾਹਰ ਜਾ ਕੇ ਨਾਅਰੇਬਾਜ਼ੀ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇ ਉਹ ਕਿਸਾਨਾਂ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਨਾ ਰੋਕਣ ਤਾਂ ਉਹ ਇੱਥੇ ਪੱਕਾ ਧਰਨਾ ਦੇਣਗੇ।
ਜਲੰਧਰ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਨੇ ਸ਼ਨੀਵਾਰ ਸਵੇਰੇ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਕੁਝ ਕਿਸਾਨ ਸੰਗਠਨਾਂ ਨੇ ਸਾਬਕਾ ਵਿਧਾਇਕ ਮਨੋਰੰਜਨ ਕਾਲੀਆ ਦੇ ਘਰ ਘਿਰਾਓ ਕੀਤਾ। ਇਸ ਦੌਰਾਨ ਕਿਸਾਨ ਨੇਤਾਵਾਂ ਨੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਸੁਧਾਰ ਐਕਟ ਦੀਆਂ ਕਾਪੀਆਂ ਵੀ ਸਾੜੀਆਂ।
ਬਰਨਾਲਾ ‘ਚ ਵੀ ਕਿਸਾਨਾਂ ਨੇ ਬੀਜੇਪੀ ਦਫ਼ਤਰਾਂ ਬਾਹਰ ਕਾਪੀਆਂ ਸਾੜੀਆਂ ਅਤੇ ਕਿਸਾਨਾਂ ਨੇ ਡੀਸੀ ਦਫ਼ਤਰ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ। ਨਾਲ ਹੀ ਗੁਰੂ ਕੀ ਨਗਰੀ ਅੰਮ੍ਰਿਤਸਰ ‘ਚ ਵੀ ਬੀਜੇਪੀ ਦਫ਼ਤਰ ਬਾਹਰ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ।