*ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ*

0
58

ਮਾਨਸਾ, 18 ਜੂਨ (ਸਾਰਾ ਯਹਾਂ/ਬੀਰਬਲ ਧਾਲੀਵਾਲ): ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇੰਮਾਨੂਏਲ ਨਾਹਰ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘੱਟ ਗਿਣਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਫੌਰੀ ਹੱਲ ਯਕੀਨੀ ਬਣਾਇਆ ਜਾਵੇ। ਬੱਚਤ ਭਵਨ ਵਿਖੇ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਯੋਗ ਨਿਪਟਾਰੇ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰੋ. ਨਾਹਰ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਇਸਾਈ ਤੇ ਮੁਸਲਿਮ ਭਾਈਚਾਰੇ ਦੇ ਕਬਰਿਸਤਾਨਾਂ ਅਤੇ ਕਮਿਊਨਿਟੀ ਹਾਲਾਂ ਲਈ ਜਗ੍ਹਾ ਦੇਣ ਦੀ ਮੰਗ, ਬੁਢਲਾਡਾ ਵਿਖੇ ਕਬਰਿਸਤਾਨ ਲਈ ਰਸਤਾ ਦੇਣ ਅਤੇ ਚਾਰਦੀਵਾਰੀ ਕਰਨ, ਬੁਢਾਪਾ ਪੈਨਸ਼ਨ ਦੇ ਬਕਾਇਆ ਕੇਸਾਂ, ਘੱਟ ਗਿਣਤੀਆਂ ਦੇ ਨਾਲ ਸਬੰਧਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਸਬੰਧੀ ਅਤੇ ਹੋਰ ਮਾਮਲਿਆਂ ਬਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। 
ਉਨ੍ਹਾਂ ਦੱਸਿਆ ਕਿ ਬੁਢਲਾਡਾ ਵਿਖੇ ਕਬਰਿਸਤਾਨ ਲਈ ਢੁਕਵਾਂ ਰਾਹ ਨਾ ਹੋਣ ਸਬੰਧੀ ਮਾਮਲੇ ਬਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ 15 ਦਿਨਾਂ ਦੇ ਅੰਦਰ ਅੰਦਰ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਮੱਸਿਆ ਨੂੰ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਬਰਿਸਤਾਨਾਂ ਦੀ ਜ਼ਮੀਨ ਜਾਂ ਚਰਚ ਦੀ ਜਗ੍ਹਾ ’ਤੇ ਨਜ਼ਾਇਜ਼ ਕਬਜ਼ਿਆਂ ਦੇ ਮਾਮਲੇ ਸਹਿਣਯੋਗ ਨਹੀਂ ਹਨ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਪ੍ਰੋ. ਨਾਹਰ ਨੇ ਕਿਹਾ ਕਿ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਾ ਵਿਸ਼ਵਾਸ ਦਿਵਾਇਆ ਗਿਆ ਹੈ। ਮੀਟਿੰਗ ਦੌਰਾਨ ਭਾਈਚਾਰੇ ਦੇ ਨੁਮਾਇੰਦਿਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਜਿਸ ਦੇ ਆਧਾਰ ’ਤੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਢੁਕਵੀਂ ਕਾਰਵਾਈ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕਮਿਸ਼ਨ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਮਾਮਲੇ ਵਿੱਚ ਪ੍ਰਸ਼ਾਸਨਿਕ ਪੱਧਰ ’ਤੇ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਮਾਨਸਾ ਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਜਿਥੇ ਕਬਰਿਸਤਾਨ ਲਈ ਜਗ੍ਹਾ ਅਲਾਟ ਕੀਤੀ ਗਈ ਹੈ ਉਸ ਦੀ ਸੂਚੀ ਵੀ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।


ਮੀਟਿੰਗ ਦੌਰਾਨ ਸ਼੍ਰੀ ਬਹਾਦਰ ਖਾਨ ਧਬਲਾਨ ਮੈਂਬਰ, ਸ਼੍ਰੀ ਸਲਿਲ ਕੁਮਾਰ ਜੈਨ ਮੈਂਬਰ, ਐਸ.ਡੀ.ਐਮ ਮਾਨਸਾ ਸ਼੍ਰੀਮਤੀ ਸ਼ਿਖਾ ਭਗਤ, ਐਸ.ਡੀ.ਐਮ ਸਰਦੂਲਗੜ੍ਹ ਸ਼੍ਰੀਮਤੀ ਸਰਬਜੀਤ ਕੌਰ, ਸਹਾਇਕ ਕਮਿਸ਼ਨਰ ਸ਼੍ਰੀਮਤੀ ਬਲਜੀਤ ਕੌਰ, ਐਸ.ਪੀ ਸ਼੍ਰੀ ਰਾਕੇਸ਼ ਕੁਮਾਰ , ਜ਼ਿਲ੍ਹਾ ਭਲਾਈ ਅਫ਼ਸਰ ਸ਼੍ਰੀ ਕੁਲਦੀਪ ਸਿੰਘ, ਮੁਸਲਿਮ ਫਰੰਟ ਪੰਜਾਬ ਦੇ ਪ੍ਰਧਾਨ ਸ਼੍ਰੀ ਐਚ.ਆਰ ਮੋਫ਼ਰ ਤੋਂ ਇਲਾਵਾ ਹੋਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here