ਮਾਨਸਾ 12,ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ) : ਪੀ.ਸੀ.ਐਮ.ਐਸ. ਐਸੋਸੀਏਸ਼ਨ ਵੱਲੋਂ ਛੇਵੇਂ ਪੇ ਕਮਿਸ਼ਨ ਵਿੱਚ ਸਰਕਾਰੀ ਡਾਕਟਰਾਂ ਦੀ ਤਨਖ਼ਾਹ ਵਿੱਚੋਂ ਐਨ.ਪੀ.ਏ. ਵਿੱਚ ਕੀਤੀ ਕਟੌਤੀ ਦੇ ਵਿਰੋਧ ਵਿੱਚ ਤਿੰਨ ਦਿਨਾਂ ਦੀ ਹੜਤਾਲ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ ਮਾਨਸਾ ਨੇ ਪੁਰਜ਼ੋਰ ਸਮਰਥਨ ਦਿੱਤਾ। ਇਸ ਮੌਕੇ ਆਈ.ਐਮ.ਏ. ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਅਤੇ ਜ਼ਿਲ੍ਹਾ ਸਕੱਤਰ ਡਾ. ਸ਼ੇਰ ਜੰਗ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਜਿੱਥੇ ਕਰੋਨਾ ਯੋਧਿਆਂ ਦੀ ਤਨਖ਼ਾਹ ਵਿੱਚ ਵਾਧਾ ਕਰਕੇ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਸੀ, ਉਸਦੀ ਬਜਾਏ ਉਨ੍ਹਾਂ ਦੀਆਂ ਤਨਖ਼ਾਹਾਂ ਨੂੰ ਘਟਾ ਕੇ ਉਨ੍ਹਾਂ ਦਾ ਮਨੋਬਲ ਡੇਗਿਆ ਹੈ। ਜੇਕਰ ਸਰਕਾਰ ਨੇ ਇਹਨਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਤਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕਰੇਗੀ।