ਚੰਡੀਗੜ੍ਹ, 27 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ): ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਸਥਾਨਕ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪੈੱਨਲ ਮੀਟਿੰਗ ਹੋਈ। ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਇਹ ਮੀਟਿੰਗ ਇੱਕ ਘੰਟੇ ਦੇ ਕਰੀਬ ਚੱਲੀ ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਆਪਣੀਆਂ ਮੰਗਾਂ ਬਾਰੇ ਦੱਸਿਆ। ਜਿਸ ਤੋਂ ਬਾਅਦ ਸਿੱਖਿਆ ਮੰਤਰੀ ਵੱਲੋਂ ਨਵੀਂ ਭਰਤੀ ਦਾ ਇਸ਼ਤਿਹਾਰ ਬਹੁਤ ਜਲਦੀ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ। ਪ੍ਰੰਤੂ ਈਟੀਟੀ ਉੱਤੇ ਜੋ ਵਾਧੂ ਸ਼ਰਤਾਂ ਲਾਗੂ ਕੀਤੀਆਂ ਗਈਆਂ ਹਨ ਉਸ ਉੱਪਰ ਅਜੇ ਤਕ ਪੂਰਨ ਤੌਰ ਤੇ ਕੋਈ ਹੁੰਗਾਰਾ ਨਹੀਂ ਭਰਿਆ ਗਿਆ ਅਤੇ ਉਮਰ ਹੱਦ ਛੋਟ ਤੇ ਵੀ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਕੁਲਦੀਪ ਖੋਖਰ, ਨਿਰਮਲ ਜ਼ੀਰਾ, ਰਾਜਸੁਖਵਿੰਦਰ ਗੁਰਦਾਸਪੁਰ, ਬਲਵਿੰਦਰ ਨਾਭਾ, ਮਨੀ ਸੰਗਰੂਰ ਤੇ ਗੁਰਪ੍ਰੀਤ ਗੁਰਾਇਆ ਨੇ ਕਿਹਾ ਕਿ ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਅੱਗੇ ਬੇਰੁਜ਼ਗਾਰਾਂ ਦੀਆਂ ਵੱਖ ਵੱਖ ਮੰਗਾਂ ਰੱਖੀਆਂ ਗਈਆਂ। ਜਿਸ ਦੌਰਾਨ ਮੀਟਿੰਗ ਚ ਮੰਗਾਂ ਤੇ ਹਾਂ ਪੱਖੀ ਜਵਾਬ ਮਿਲਿਆ ਉਮੀਦ ਕਰਦੇ ਹਾਂ ਕਿ ਨਵੀਂ ਭਰਤੀ ਦਾ ਇਸ਼ਤਿਹਾਰ ਜਲਦ ਜਾਰੀ ਕੀਤਾ ਜਾਵੇਗਾ ਤੇ ਬੇਰੁਜ਼ਗਾਰ ਅਧਿਆਪਕਾਂ ਉੱਪਰ ਕੋਈ ਵੀ ਹੋਰ ਵਾਧੂ ਸ਼ਰਤ ਨਹੀਂ ਥੋਪੀ ਜਾਵੇਗੀ। ਜੇਕਰ ਬੇਰੁਜ਼ਗਾਰ ਅਧਿਆਪਕਾਂ ਉਪਰ ਕੋਈ ਵਾਧੂ ਸ਼ਰਤ ਥੋਪੀ ਗਈ ਤਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਉਧਰ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਸੰਘਰਸ਼ ਜਾਰੀ ਰਿਹਾ ਅਤੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸੁਰਿੰਦਰਪਾਲ 129ਵੇਂ ਦਿਨ ਵੀ 260 ਫੁੱਟ ਟਾਵਰ ਉਪਰ ਡਟਿਆ ਰਿਹਾ।