*ਮਾਨਸਾ ਜੇਲ੍ਹ ’ਚ ਕੈਦੀਆਂ ਅਤੇ ਹਵਾਲਾਤੀਆਂ ਦਾ ਕਰਵਾਇਆ ਟੀਕਾਕਰਨ*

0
15

ਮਾਨਸਾ, 11 ਅਗਸਤ (ਸਾਰਾ ਯਹਾਂ/ਹਿਤੇਸ਼ ਸ਼ਰਮਾ): ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਕੈਦੀਆਂ ਅਤੇ ਹਵਾਲਾਤੀਆਂ ਨੂੰ ਕੋਰੋਨਾ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਨੇ ਦੱਸਿਆ ਕਿ ਇਸ ਬਿਮਾਰੀ ਦੇ ਚੱਲਦਿਆਂ ਬਹੁਤ ਹੀ ਸਾਵਧਾਨੀ ਦੀ ਜ਼ਰੂਰਤ ਹੈ ਅਤੇ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਤੁਰੰਤ ਟੀਕਾਕਰਨ ਦੀ ਜ਼ਰੂਰਤ ਹੈ।  ਇਸ ਮੌਕੇ ਉਨ੍ਹਾਂ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੋਰੋਨਾ ਵਰਗੀ ਨਾ-ਮੁਰਾਦ ਬਿਮਾਰੀ ਤੋਂ ਬਚਾਅ ਦਾ ਇੱਕੋ-ਇੱਕ ਇਲਾਜ ਟੀਕਾਕਰਨ ਕਰਵਾਉਣਾ ਹੈ। ਚਾਹੇ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ ਪਰ ਉਨ੍ਹਾਂ ਨੂੰ ਆਪਣੀ ਸਿਹਤ ਸਬੰਧੀ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਰਕਾਰ ਦੀਆਂ ਸਮੇਂ-ਸਮੇਂ ਆਉਂਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਇਸ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ। ਕੋਰੋਨਾ ਦੇ ਪ੍ਰਕੋਪ ਤੋਂ ਬਚਣ ਲਈ ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਜੇਲ੍ਹ ਵਿੱਚ ਮਾਸਕ ਅਤੇ ਸੈਨੀਟਾਈਜ਼ਰ ਦੇ ਉਚਿਤ ਪ੍ਰਬੰਧ ਕੀਤੇ ਜਾਣ।  ਇਸ ਦੌਰਾਨ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਇਨ੍ਹਾਂ ਸਮੱਸਿਆਵਾਂ ਵਿੱਚੋਂ ਕੁੱਝ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਕੈਦੀਆਂ ਅਤੇ ਹਵਾਲਾਤੀਆਂ ਦੀ ਚੰਗੀ ਸਿਹਤ ਲਈ ਉਨ੍ਹਾਂ ਨੇ ਜੇਲ੍ਹ ਵਿੱਚ ਕੁੱਝ ਖੇਡਾਂ ਸਬੰਧੀ ਸਾਮਾਨ ਮੁਹੱਈਆ ਕਰਵਾਉਣ ਸਬੰਧੀ ਵੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਨਸਾ ਨਾਲ ਗੱਲ ਕਰਕੇ ਉਨ੍ਹਾਂ ਨੂੰ ਇਹ ਸਾਮਾਨ ਮੁਹੱਈਆ ਕਰਵਾਉਣ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੇਲ੍ਹ ਸੁਪਰਡੈਂਟ ਸ਼੍ਰੀ ਪਰਮਜੀਤ ਸਿੰਘ, ਡਾ. ਕਮਲ ਮੌਜੂਦ ਸਨ। 

LEAVE A REPLY

Please enter your comment!
Please enter your name here