ਚੰਡੀਗੜ੍ਹ 01ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ) : : ਪੰਜਾਬ ਕਾਂਗਰਸ ਵਿਚਲੀ ਲੜਾਈ ਘੱਟ ਹੁੰਦੀ ਨਜ਼ਰ ਨਹੀਂ ਆ ਰਹੀ। ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਇਕਾਈ ਦੀ ਕਮਾਨ ਨਵਜੋਤ ਸਿੱਧੂ ਨੂੰ ਸੌਂਪੇ ਜਾਣ ਤੋਂ ਬਾਅਦ ਪਾਰਟੀ ਵਿੱਚ ਚੱਲ ਰਹੀ ਖਿੱਚੋਤਾਣ ਹੋਰ ਵਧ ਗਈ ਹੈ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨਵਜੋਤ ਸਿੱਧੂ ਨਾਲ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਕੁਲਜੀਤ ਸਿੰਘ ਨਾਗਰਾ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਵੀ ਮੌਜੂਦ ਸੀ।
ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਤੇ ਹਰੀਸ਼ ਰਾਵਤ ਦਰਮਿਆਨ ਮੁਲਾਕਾਤ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਈ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੋਵਾਂ ਵਿਚਕਾਰ ਕਾਂਗਰਸ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ। ਦੱਸ ਦੇਈਏ ਕਿ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਨਵਜੋਤ ਸਿੱਧੂ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲੇ ਕਰ ਰਹੇ ਹਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੀ ਕਈ ਮੌਕਿਆਂ ‘ਤੇ ਨਵਜੋਤ ਸਿੱਧੂ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ। ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੂੰ ਇਹ ਚਿੰਤਾ ਸਤਾਉਣ ਲੱਗੀ ਹੈ ਕਿ ਇਨ੍ਹਾਂ ਦੋ ਪ੍ਰਮੁੱਖ ਨੇਤਾਵਾਂ ਦੇ ਰਵੱਈਏ ਨਾਲ ਪੰਜਾਬ ਵਿੱਚ ਪਾਰਟੀ ਦਾ ਬਹੁਤ ਨੁਕਸਾਨ ਹੋ ਸਕਦਾ ਹੈ।