*ਹਰੀਸ਼ ਰਾਵਤ ਕੈਪਟਨ ਤੱਕ ਪਹੁੰਚਾ ਕੇ ਆਏ ਮੰਤਰੀਆਂ ਦੀ ਨਾਰਾਜ਼ਗੀ, ਬਰਗਾੜੀ ਦਾ ਸਭ ਤੋਂ ਵੱਡਾ ਮੁੱਦਾ*

0
65

ਚੰਡੀਗੜ੍ਹ 01,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ) : ਪੰਜਾਬ ਵਿੱਚ ਕੈਪਟਨ ਅਤੇ ਸਿੱਧੂ ਦਰਮਿਆਨ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ, ਪਰ ਸੀਨੀਅਰ ਕਾਂਗਰਸੀ ਆਗੂ ਦਾਅਵਾ ਕਰ ਰਹੇ ਹਨ ਕਿ ਪਾਰਟੀ ਵਿੱਚ ਸਭ ਕੁਝ ਠੀਕ ਹੈ। ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਬੁੱਧਵਾਰ ਨੂੰ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਹਰ ਆਏ ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਹੈ। ਮੈਂ ਮੰਤਰੀਆਂ ਦੀ ਨਾਰਾਜ਼ਗੀ ਮੁੱਖ ਮੰਤਰੀ ਤੱਕ ਵੀ ਪਹੁੰਚਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ 18 ਏਜੰਡੇ ਦੱਸੇ ਗਏ ਸਨ, ਜਿਸ ’ਤੇ ਮੰਤਰੀ ਕਾਰਵਾਈ ਚਾਹੁੰਦੇ ਸਨ, ਜਿਸ ਵਿੱਚ ਬਰਗਾੜੀ ਦਾ ਇੱਕ ਵੱਡਾ ਮੁੱਦਾ ਹੈ।

ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਬਿੱਲ ਪਾਸ ਕਰਨ ਲਈ ਪੰਜਾਬ ਦੇ ਰਾਜਪਾਲ ‘ਤੇ ਕਾਨੂੰਨੀ ਅਤੇ ਸਿਆਸੀ ਦਬਾਅ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਵੇਰਵਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਜੋ ਵੀ ਮੁੱਦੇ ਪੰਜਾਬ ਦੇ ਹਿੱਤ ਵਿੱਚ ਹੋਣਗੇ, ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਇਸ ਨੂੰ ਪੂਰਾ ਕੀਤਾ ਜਾਵੇਗਾ।

ਨਵਜੋਤ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨਵਜੋਤ ਸਿੱਧੂ ਨਾਲ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਕੁਲਜੀਤ ਸਿੰਘ ਨਾਗਰਾ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਵੀ ਮੌਜੂਦ ਸੀ। ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਤੇ ਹਰੀਸ਼ ਰਾਵਤ ਦਰਮਿਆਨ ਮੁਲਾਕਾਤ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਈ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੋਵਾਂ ਵਿਚਕਾਰ ਕਾਂਗਰਸ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ। 

ਦੱਸ ਦੇਈਏ ਕਿ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਨਵਜੋਤ ਸਿੱਧੂ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲੇ ਕਰ ਰਹੇ ਹਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੀ ਕਈ ਮੌਕਿਆਂ ‘ਤੇ ਨਵਜੋਤ ਸਿੱਧੂ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ। ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੂੰ ਇਹ ਚਿੰਤਾ ਸਤਾਉਣ ਲੱਗੀ ਹੈ ਕਿ ਇਨ੍ਹਾਂ ਦੋ ਪ੍ਰਮੁੱਖ ਨੇਤਾਵਾਂ ਦੇ ਰਵੱਈਏ ਨਾਲ ਪੰਜਾਬ ਵਿੱਚ ਪਾਰਟੀ ਦਾ ਬਹੁਤ ਨੁਕਸਾਨ ਹੋ ਸਕਦਾ ਹੈ।

LEAVE A REPLY

Please enter your comment!
Please enter your name here