ਚੰਡੀਗੜ੍ਹ, 2 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) :
ਇਕ ਲੰਬੇ ਇੰਤਜ਼ਾਰ ਨੂੰ ਖਤਮ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੇ ਨਾਮ ਦਾ ਖੁਲਾਸਾ ਕੀਤਾ। ਹਾਲਾਂਕਿ ਪਾਰਟੀ ਦੀ ਰਜਿਸਟ੍ਰੇਸ਼ਨ ਭਾਰਤ ਦੇ ਚੋਣ ਕਮਿਸ਼ਨ ਕੋਲ ਮਨਜ਼ੂਰੀ ਲਈ ਹਾਲੇ ਲੰਬਿਤ ਹੈ।
ਅੱਜ ਇਹ ਪ੍ਰਗਟਾਵਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਉਂਕਿ ਉਨ੍ਹਾਂ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਉਹ ਆਪਣੀ ਨਵੀਂ ਪਾਰਟੀ ਬਣਾਉਣ ਜਾ ਰਹੇ ਹਨ, ਇਸ ਲਈ ਉਨ੍ਹਾਂ ਦੇ ਵਕੀਲਾਂ ਦੀ ਟੀਮ ਇਸ ਪ੍ਰਕਿਰਿਆ ‘ਤੇ ਕੰਮ ਕਰ ਰਹੀ ਸੀ ਅਤੇ ਰਜਿਸਟ੍ਰੇਸ਼ਨ ਲਈ ਭਾਰਤੀ ਚੋਣ ਕਮਿਸ਼ਨ ਨੂੰ ਪਹਿਲਾਂ ਹੀ ਅਰਜ਼ੀ ਦਿੱਤੀ ਜਾ ਚੁੱਕੀ ਹੈ।
ਕੈਪਟਨ ਅਮਰਿੰਦਰ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ ਪ੍ਰਸਤਾਵਿਤ ਨਾਮ ‘ਪੰਜਾਬ ਲੋਕ ਕਾਂਗਰਸ’ ‘ਤੇ ਕੋਈ ਵੀ ਇਤਰਾਜ਼ ਨਹੀਂ ਹੈ।
ਪਾਰਟੀ ਦੇ ਚੋਣ ਨਿਸ਼ਾਨ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਤਿੰਨ ਚੋਣ ਨਿਸ਼ਾਨ ਦਿੱਤੇ ਸਨ ਜਿਨ੍ਹਾਂ ਵਿੱਚੋਂ ਇੱਕ ਦੀ ਚੋਣ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵਲੋਂ ਵੀ ਤਿੰਨ ਵੱਖ-ਵੱਖ ਚੋਣ ਨਿਸ਼ਾਨ ਦੇ ਸੁਝਾਅ ਸੌਂਪੇ ਗਏ ਸਨ ਅਤੇ ਅੰਤਿਮ ਚੋਣ ਚੋਣ ਕਮਿਸ਼ਨ ਵੱਲੋਂ ਸੁਝਾਏ ਗਏ ਤਿੰਨ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਸੁਝਾਏ ਤਿੰਨ ਯਾਨੀ ਕਿ ਕੁੱਲ ਛੇ ਚੋਣ ਨਿਸ਼ਾਨਾਂ ਵਿੱਚੋਂ ਕੋਈ ਇਕ ਚੁਣਿਆ ਜਾਵੇਗਾ।
ਕੈਪਟਨ ਅਮਰਿੰਦਰ ਨੇ ਦੱਸਿਆ ਕਿ ਪਾਰਟੀ ਦੀ ਰਸਮੀ ਲਾਂਚਿੰਗ ਬਾਅਦ ਵਿੱਚ ਕੀਤੀ ਜਾਵੇਗੀ। ਪਾਰਟੀ ਦੀ ਲਾਂਚਿੰਗ ਸਮੇਂ ਹੀ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਏਜੰਡੇ ਅਤੇ ਦ੍ਰਿਸ਼ਟੀਕੋਣ ਨੂੰ ਸਪਸ਼ਟ ਕੀਤਾ ਜਾਵੇਗਾ।