04,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ‘ਚ 24 ਸਾਲਾਂ ਦਾ ਸਿਆਸੀ ਸਫਰ ਖ਼ਤਮ ਹੋ ਗਿਆ ਹੈ। ਕੈਪਟਨ ਅਮਰਿੰਦਰ ਦੀ ਕਾਂਗਰਸ ਨਾਲ ਇਹ ਦੂਜੀ ਪਾਰੀ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਹ ਜਾਣਕਾਰੀ ਦਿੱਤੀ। ਅਮਰਿੰਦਰ ਨੇ ਮੰਗਲਵਾਰ ਸ਼ਾਮ ਨੂੰ ਆਪਣਾ ਅਸਤੀਫਾ ਭੇਜਿਆ ਸੀ, ਜਿਸ ਨੂੰ ਬੁੱਧਵਾਰ ਦੇਰ ਰਾਤ ਪ੍ਰਵਾਨ ਕਰ ਲਿਆ ਗਿਆ।
ਦੱਸ ਦਈਏ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਹ ਪਾਰਟੀ ਤੋਂ ਨਾਰਾਜ਼ ਚਲ ਰਹੇ ਸੀ। ਇਸ ਸਭ ਤੋਂ ਬਾਅਦ 18 ਸਤੰਬਰ ਨੂੰ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਅਮਰਿੰਦਰ ਦਿੱਲੀ ਗਏ ਅਤੇ ਉੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਹ ਹੁਣ ਕਾਂਗਰਸ ਵਿੱਚ ਨਹੀਂ ਰਹਿਣਗੇ।
ਜਾਣੋ ਅਮਰਿੰਦਰ ਦਾ ਕਾਂਗਰਸ ‘ਚ ਸਿਆਸੀ ਸਫਰ
ਕੈਪਟਨ ਅਮਰਿੰਦਰ ਸਿੰਘ ਨੇ 1965 ਦੀ ਜੰਗ ਤੋਂ ਬਾਅਦ ਭਾਰਤੀ ਫੌਜ ਛੱਡ ਦਿੱਤੀ ਸੀ। ਇਸ ਤੋਂ ਬਾਅਦ ਉਹ 1977 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ। ਉਹ 1980 ਵਿੱਚ ਲੋਕ ਸਭਾ ਚੋਣ ਲੜ ਕੇ ਕਾਂਗਰਸ ਤੋਂ ਸੰਸਦ ਮੈਂਬਰ ਬਣੇ। ਅਪ੍ਰੈਲ 1984 ਵਿੱਚ ਆਪਰੇਸ਼ਨ ਬਲੂ ਸਟਾਰ ਦੇ ਵਿਰੋਧ ਵਿੱਚ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ। 1997 ਵਿੱਚ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਹੁਣ 2021 ਵਿੱਚ ਉਨ੍ਹਾਂ ਨੇ ਮੁੜ ਕਾਂਗਰਸ ਛੱਡ ਦਿੱਤੀ ਹੈ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਨੇ ਪਿਛਲੇ 24 ਸਾਲਾਂ ਤੋਂ ਕਾਂਗਰਸ ‘ਚ ਕੈਪਟਨ ਦਾ ਸਾਥ ਦਿੱਤਾ। ਕਾਂਗਰਸ ਦੀ ਦੂਜੀ ਪਾਰੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀਆਂ ਕਈ ਸਿਆਸੀ ਪ੍ਰਾਪਤੀਆਂ ਹਾਸਲ ਕੀਤੀਆਂ। 1997 ਵਿੱਚ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਹ 1999 ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ।
ਵਿਧਾਨ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਉਹ 2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ। 2009 ਵਿੱਚ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ 2010 ਤੋਂ 2013 ਤੱਕ ਪ੍ਰਧਾਨ ਰਹੇ। ਜਦੋਂ ਉਹ 2012 ਦੀਆਂ ਚੋਣਾਂ ਹਾਰ ਗਏ ਤਾਂ ਉਨ੍ਹਾਂ ਨੇ ਲੋਕ ਸਭਾ ਚੋਣ ਲੜੀ ਅਤੇ ਲੋਕ ਸਭਾ ਵਿੱਚ ਕਾਂਗਰਸ ਦੇ ਡਿਪਟੀ ਲੀਡਰ ਰਹੇ।
2015 ਤੋਂ 2017 ਤੱਕ ਉਹ ਮੁੜ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ। ਫਿਰ 2017 ਵਿੱਚ ਕਾਂਗਰਸ ਦੀ ਜਿੱਤ ਤੋਂ ਬਾਅਦ ਉਹ ਮੁੱਖ ਮੰਤਰੀ ਬਣੇ। ਜਦੋਂ ਅਮਰਿੰਦਰ ਮੁੱਖ ਮੰਤਰੀ ਸੀ ਤਾਂ ਪਾਰਟੀ ਪ੍ਰਧਾਨ ਦੀ ਨਹੀਂ ਚਲੀ। ਜਦੋਂ ਉਹ ਪਾਰਟੀ ਦੇ ਮੁਖੀ ਸੀ ਤਾਂ ਉਨ੍ਹਾਂ ਨੇ ਕਿਸੇ ਹੋਰ ਕਾਂਗਰਸੀ ਆਗੂ ਨੂੰ ਆਪਣੇ ਸਾਹਮਣੇ ਖੜ੍ਹਾ ਨਹੀਂ ਹੋਣ ਦਿੱਤਾ।