*ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਸੂਬੇ ਲਈ ਫਾਰਮਾ ਪਾਰਕ, ਫੂਡ ਪਾਰਕ ਅਤੇ ਟੈਕਸਟਾਈਲ ਪਾਰਕ ਅਲਾਟ ਕਰਨ ਦੀ ਕੀਤੀ ਮੰਗ*

0
15

ਚੰਡੀਗੜ੍ਹ, 16 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਦੇਸ਼ ‘ਤੇ ਬਾਹਰੀ ਹਮਲਿਆਂ ਸਮੇਂ ਪੰਜਾਬ ਹਮੇਸ਼ਾ ਖੜਗ ਭੁਜਾ ਬਣ ਕੇ ਡਟਿਆ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਬਜਟ ਦੀ ਵੰਡ ਤੋਂ ਇਲਾਵਾ ਗੁਆਂਢੀ ਰਾਜਾਂ ਨੂੰ ਦਿੱਤੇ ਗਏ ਵਿਸ਼ੇਸ਼ ਪੈਕੇਜਾਂ ਵਾਂਗ ਸੂਬੇ ਨੂੰ ਵਿਸ਼ੇਸ਼ ਫੰਡ ਦੇਣ ਲਈ ਆਰਥਿਕ ਪੱਖ ਦੇ ਨਾਲ ਨਾਲ ਸੁਰੱਖਿਆ ਦੇ ਪੱਖ ਤੋਂ ਵੀ ਵਿਚਾਰਿਆ ਜਾਣਾ ਚਾਹੀਦਾ ਹੈ। ਇਹ ਦਲੀਲ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨਾਲ ਇੱਕ ਆਨਲਾਈਨ ਗੱਲਬਾਤ ਦੌਰਾਨ ਕੀਤੀ, ਜਿਸ ਦੌਰਾਨ ਮੁਲਕ ਵਿੱਚ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਕਾਸ ਨੂੰ ਹੁਲਾਰਾ ਦੇਣ ਬਾਰੇ ਚਰਚਾ ਕੀਤੀ ਗਈ।ਖੇਤੀ ਪ੍ਰਧਾਨ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਪੈਕੇਜ ਦੇਣ ‘ਤੇ ਵਿਚਾਰ ਕਰਨ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਦਿਆਂ ਵਿੱਤ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਇਹ ਸਰਹੱਦੀ ਸੂਬਾ ਵੀ ਆਪਣੇ ਗੁਆਂਢੀ ਰਾਜਾਂ ਜਿਵੇਂ ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ ਅਤੇ ਉਤਰਾਖੰਡ ਵਾਂਗ ਵਿਸ਼ੇਸ਼ ਪੈਕੇਜਾਂ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਸਨੀਕ ਬਹੁਤ ਮਿਹਨਤੀ ਹਨ ਅਤੇ ਪੰਜਾਬ ਨੂੰ ਸਿਰਫ਼ ਭੂਗੋਲਿਕ ਸਥਿਤੀ ਤੋਂ ਹੀ ਨਾ ਵਿਚਾਰਿਆ ਜਾਵੇ ਕਿਉਂਕਿ ਸੂਬੇ ਨੇ ਸੰਨ 1947, 1962, 1965 ਅਤੇ 1971 ਵਿੱਚ ਦੇਸ਼ ਲਈ ਲੜਾਈ ਲੜਨ ਤੋਂ ਇਲਾਵਾ ਸਰਹੱਦ ਪਾਰੋਂ “ਗੁਆਂਢੀ ਮੁਲਕਾਂ” ਵੱਲੋਂ ਫੈਲਾਏ ਅਤਿਵਾਦ ਖ਼ਿਲਾਫ਼ ਵੀ ਦਸ ਸਾਲਾਂ ਤੱਕ ਕੌਮੀ ਲੜਾਈ ਲੜੀ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਨੂੰ ਭਾਰਤ ਸਰਕਾਰ ਦੇ ਸਮਰਥਨ ਦੀ ਲੋੜ ਹੈ ਕਿਉਂਕਿ ਸੂਬਾ ਖੇਤੀਬਾੜੀ ਖੇਤਰ ਵਿੱਚ ਨਵੇਂ ਯੁੱਗ ਦੇ ਬਦਲਾਅ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸ੍ਰੀ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਰਵਾਇਤੀ ਦੋ-ਫ਼ਸਲੀ ਚੱਕਰ ਵਿਚੋਂ ਕੱਢ ਕੇ ਹੋਰ ਬਦਲਵੀਆਂ ਫ਼ਸਲਾਂ ਅਤੇ ਪਸ਼ੂ ਪਾਲਣ ਦੇ ਧੰਦੇ ਵੱਲ ਮੋੜਨ ਤੋਂ ਇਲਾਵਾ ਸਨਅਤਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੇਂਦਰ ਸਰਕਾਰ ਨੂੰ ਪੀ.ਐਲ.ਆਈ. ਵਰਗੀਆਂ ਯੋਜਨਾਵਾਂ ਲਿਆਉਣੀਆਂ ਚਾਹੀਦੀਆਂ ਹਨ। ਇਸ ਨਾਲ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ ਅਤੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇਗਾ, ਜੋ ਦੇਸ਼ ਵਿੱਚ ਇੱਕ ਵਾਰ ਫਿਰ ਵੱਡਾ ਮੁੱਦਾ ਬਣਿਆ ਹੋਇਆ ਹੈ।
ਸ. ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਲਈ ਫਾਰਮਾ ਪਾਰਕ, ਫੂਡ ਪਾਰਕ ਅਤੇ ਟੈਕਸਟਾਈਲ ਪਾਰਕ ਅਲਾਟ ਕਰਨ ਦੀ ਮੰਗ ਕੀਤੀ ਜੋ ਪੰਜਾਬ ਦੀ ਤਕਦੀਰ ਬਦਲਣ ਵਾਲੇ ਸਾਬਿਤ ਹੋਣਗੇ।
ਸ. ਬਾਦਲ ਨੇ ਕਿਹਾ ਕਿ ਜਿੱਥੋਂ ਤੱਕ ਬਿਜਲੀ ਉਤਪਾਦਨ ਦਾ ਸਵਾਲ ਹੈ, ਕੋਲੇ ਦੀਆਂ ਖਾਣਾਂ ਤੋਂ ਪੰਜਾਬ ਦੀ ਦੂਰੀ ਬਹੁਤ ਜ਼ਿਆਦਾ ਹੈ ਅਤੇ ਜੇਕਰ ਸੰਭਵ ਹੋਵੇ ਤਾਂ ਅਸਲ ਵਿੱਚ ਅਸੀਂ ਬਿਜਲੀ ਉਤਪਾਦਨ ਲਈ ਕੋਲੇ ਬਜਾਏ ਗੈਸ ਜਾਂ ਸੂਰਜੀ ਊਰਜਾ ਨੂੰ ਅਪਣਾਉਣਾ ਚਾਹੁੰਦੇ ਹਾਂ ਅਤੇ ਅਸੀਂ ਜੇਕਰ ਕਿਸੇ ਤਰ੍ਹਾਂ ਆਪਣੇ ਕੋਲੇ ਨਾਲ ਚੱਲਣ ਵਾਲੇ ਤਾਪ ਘਰਾਂ ਨੂੰ ਬੰਦ ਕਰ ਦੇਈਏ ਤਾਂ ਸੂਬੇ ਵਿੱਚ ਬਿਜਲੀ ਸਸਤੀ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਕੋਲ ਲੌਜਿਸਟਿਕਸ ਅਤੇ ਹਰ ਪੱਖੋਂ ਬਹੁਤ ਵਧੀਆ ਬੁਨਿਆਦੀ ਢਾਂਚਾ ਹੈ ਪਰ ਸੂਬੇ ਦੇ ਕਸਬੇ ਪੱਟੀ ਤੇ ਮੱਖੂ, ਰਾਜਪੁਰਾ ਤੇ ਮੋਹਾਲੀ ਅਤੇ ਬਿਆਸ ਤੇ ਕਾਦੀਆਂ ਦਰਮਿਆਨ ਰੇਲਵੇ ਲਿੰਕਾਂ ਦੀ ਘਾਟ ਹੈ। ਉਨ੍ਹਾਂ ਕਿਹਾ, “ਤੁਸੀਂ ਕੇਂਦਰੀ ਬਜਟ ਨਾਲ ਰੇਲਵੇ ਬਜਟ ਪੇਸ਼ ਕਰਨ ਸਮੇਂ ਜੇਕਰ ਇਸ 20-30 ਕਿਲੋਮੀਟਰ ਹਿੱਸੇ ਨੂੰ ਬਜਟ ਵਿੱਚ ਥਾਂ ਦਿੰਦੇ ਹੋ ਤਾਂ ਪੰਜਾਬ ਵਿੱਚ ਰੇਲ ਸੰਪਰਕ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਯਾਤਰੀਆਂ ਨੂੰ ਰਾਜਸਥਾਨ ਜਾਂ ਗੁਜਰਾਤ ਜਾਣ ਲਈ ਅੰਬਾਲਾ ਦੇ ਚੱਕਰ ਨਹੀਂ ਲਗਾਉਣੇ ਪੈਣਗੇ।” 
ਤਕਨਾਲੋਜੀ ਦੀ ਵਰਤੋਂ ਕਰਕੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਦੇ ਵਿਕਲਪ ਤਲਾਸ਼ਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਸਿਹਤ ਮੰਤਰੀ ਨੂੰ ਛੇਤੀ ਤੋਂ ਛੇਤੀ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ ਸ਼ੁਰੂ ਕਰਨ ਲਈ ਕਹਿਣ ਕਿਉਂਕਿ ਇਸ ਪ੍ਰਾਜੈਕਟ ਲਈ ਜ਼ਮੀਨ ਮੁਹੱਈਆ ਕਰਵਾਈ ਜਾ ਚੁੱਕੀ ਹੈ। ਸ੍ਰੀ ਬਾਦਲ ਨੇ 150 ਕਰੋੜ ਰੁਪਏ ਦੇ ਪੂੰਜੀਗਤ ਪ੍ਰਾਜੈਕਟਾਂ ਲਈ ਵਿਸ਼ੇਸ਼ ਕੇਂਦਰੀ ਸਹਾਇਤਾ ਦੇਣ ਵਾਸਤੇ ਪੰਜਾਬ ਦੇ ਮਾਮਲੇ ਨੂੰ ਪ੍ਰਵਾਨਗੀ ਦੇਣ ਦੀ ਵੀ ਬੇਨਤੀ ਕੀਤੀ, ਜੋ ਕਿ ਕਿਸੇ ਕਾਰਨ ਕਰਕੇ ਕੇਂਦਰ ਸਰਕਾਰ ਦੇ ਪੱਧਰ ‘ਤੇ ਰੁਕਿਆ ਹੋਇਆ ਹੈ।————–

LEAVE A REPLY

Please enter your comment!
Please enter your name here