ਮਾਨਸਾ, 22 ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ ): ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਕਾਰਨ ਕਿਰਤੀ ਕਾਮਿਆਂ ਨੂੰ ਰਾਹਤ ਦੇਣ ਲਈ ਦੀਵਾਲੀ ਮੌਕੇ ਐਲਾਨੀ 3100 ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਉਸਾਰੀ ਕਿਰਤੀਆਂ ਦੇ ਖਾਤਿਆਂ ਚ’ ਪੜਾਅਵਾਰ ਤਬਦੀਲ ਹੋਣ ਨਾਲ ਉਨਾਂ ਲਈ ਇਹ ਰਾਸ਼ੀ ਵਰਦਾਨ ਸਾਬਤ ਹੋਵੇਗੀ। ਇਸ ਸਬੰਧੀ ਸ੍ਰੀ ਨਾਜਰ ਸਿੰਘ ਮਾਨਸ਼ਾਹੀਆ (ਐਮ.ਐਲ.ਏ) ਮਾਨਸਾ ਵੱਲੋਂ ਲੇਬਰ ਇਨਫੋਰਸਮੈਂਟ ਅਫ਼ਸਰ ਗ੍ਰੇਡ-1, ਮਾਨਸਾ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਦੇ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਸਿਟਰਡ ਉਸਾਰੀ ਕਿਰਤੀਆਂ ਦੇ ਖਾਤਿਆਂ ਚ’ ਮੁੱਖ ਮੰਤਰੀ ਵੱਲੋਂ ਐਲਾਨੀ ਵਿੱਤੀ ਸਹਾਇਤਾ ਪਾਏ ਜਾਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਨਾਜਰ ਸਿੰਘ ਮਾਨਸ਼ਾਹੀਆ (ਐਮ.ਐਲ.ਏ) ਮਾਨਸਾ ਵੱਲੋ ਉਸਾਰੀ ਕਿਰਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੀ ਰਜਿਸਟੇ੍ਰਸ਼ਨ ਕਰਵਾਉਣ । ਇਸ ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਮਾਖਾ ਚਹਿਲਾਂ ਦੇ ਰਜਿਸਟਰਡ ਦੇ ਉਸਾਰੀ ਕਿਰਤੀਆਂ ਰੁਪਿੰਦਰ ਕੌਰ, ਸੁਖਜੀਵਨ ਕੋਰ ਅਤੇ ਸ੍ਰੀ ਚੰਦ ਨੇ ਮੁੱਖ ਮੰਤਰੀ ਪੰਜਾਬ ਦੇ ਇਸ ਉਪਰਾਲੇ ਦੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪ੍ਰਾਪਤ ਇਹ ਰਾਸ਼ੀ ਹੋਰਨਾਂ ਕਿਰਤੀ ਮਜ਼ਦੂਰਾਂ ਲਈ ਆਰਥਿਕ ਤੌਰ ਤੇ ਲਾਹੇਵੰਦ ਸਾਬਿਤ ਹੋਵੇਗੀ।