*ਕੈਪਟਨ ਅਮਰਿੰਦਰ ਦੀਆਂ ਵਧੀਆਂ ਮੁਸ਼ਕਲਾਂ! ਸ੍ਰੀ ਅਕਾਲ ਤਖ਼ਤ ਤੋਂ ਮੁਤਵਾਜ਼ੀ ਜਥੇਦਾਰ ਵੱਲੋਂ ਤਨਖਾਹੀਆ ਕਰਾਰ*

0
34

ਅੰਮ੍ਰਿਤਸਰ 05,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਬੀਜੇਪੀ ਨਾਲ ਗੱਠਜੋੜ ਦੀ ਚਰਚਾ ਕਰਨ ਦਿੱਲੀ ਗਏ ਹਨ ਪਰ ਉਨ੍ਹਾਂ ਦੀਆਂ ਪੰਜਾਬ ਅੰਦਰ ਮੁਸ਼ਕਲਾਂ ਵਧ ਗਈਆਂ ਹਨ। ਬਰਗਾੜੀ ਮੋਰਚੇ ਨੂੰ ਧੋਖੇ ਨਾਲ ਖਤਮ ਕਰਾਉਣ ਦੇ ਦੋਸ਼ ਤਹਿਤ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਕੈਪਟਨ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਜਥੇਦਾਰ ਮੰਡ ਵੱਲੋਂ ਇਸ ਸਬੰਧੀ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰੋਂ ਜਾਰੀ ਕੀਤਾ ਗਿਆ ਹੈ।

ਪੰਜ ਸਿੰਘਾਂ ਦੇ ਨਾਲ ਇਹ ਹੁਕਮਨਾਮਾ ਜਾਰੀ ਕਰਦਿਆਂ ਉਨ੍ਹਾਂ ਸਿੱਖ ਸੰਗਤ ਨੂੰ ਆਖਿਆ ਕਿ ਜਦੋਂ ਤਕ ਕੈਪਟਨ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਨਹੀਂ ਦਿੰਦੇ ਤੇ ਤਨਖ਼ਾਹ ਨਹੀਂ ਲਵਾ ਲੈਂਦੇ ਓਨੀ ਦੇਰ ਤਕ ਉਸ ਨੂੰ ਸਹਿਯੋਗ ਨਾ ਦਿੱਤਾ ਜਾਵੇ। ਉਸ ਨੂੰ ਕਿਸੇ ਵੀ ਗੁਰਦੁਆਰੇ ਜਾਂ ਸੰਗਤੀ ਇਕੱਠ ਵਿੱਚ ਬੋਲਣ ਨਾ ਦਿੱਤਾ ਜਾਵੇ ਤੇ ਨਾ ਹੀ ਕਿਸੇ ਕਿਸਮ ਦਾ ਸਹਿਯੋਗ ਅਤੇ ਕੋਈ ਮਾਣ-ਸਨਮਾਨ ਦਿੱਤਾ ਜਾਵੇ।


ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿਚ ਇਨਸਾਫ ਲੈਣ ਵਾਸਤੇ ਬਰਗਾੜੀ ਵਿਖੇ ਲਾਏ ਗਏ ਮੋਰਚੇ ਨੂੰ ਪੰਜਾਬ ਸਰਕਾਰ ਵੱਲੋਂ ਝੂਠਾ ਭਰੋਸਾ ਦੇ ਕੇ ਚੁਕਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜ ਸਿੰਘਾਂ ਨਾਲ ਵਿਚਾਰ ਵਟਾਂਦਰੇ ਮਗਰੋਂ ਉਹ ਇਸ ਸਿੱਟੇ ’ਤੇ ਪੁੱਜੇ ਹਨ ਕਿ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਨੇ ਕਿਸੇ ਸਾਜ਼ਿਸ਼ ਤਹਿਤ ਇਸ ਮੋਰਚੇ ਨੂੰ ਖ਼ਤਮ ਕਰਵਾਇਆ ਸੀ।

ਇਸ ਬਾਰੇ ਸਰਕਾਰ ਦੇ ਦੋ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਕੋਲੋਂ, ਜੋ ਉਸ ਵੇਲੇ ਸਰਕਾਰ ਦੇ ਏਲਚੀ ਬਣ ਕੇ ਆਏ ਸਨ, ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਉਨ੍ਹਾਂ ਆਪਣਾ ਸਪਸ਼ਟੀਕਰਨ ਦੇ ਕੇ ਇਸ ਸਬੰਧੀ ਸਾਰੇ ਮਾਮਲੇ ਵਿੱਚ ਕੈਪਟਨ ਨੂੰ ਜ਼ਿੰਮੇਵਾਰ ਦੱਸਿਆ ਸੀ।ਇਸ ਸਬੰਧ ਵਿੱਚ ਸਾਬਕਾ ਮੁੱਖ ਮੰਤਰੀ ਨੂੰ ਤਿੰਨ ਚਾਰ ਵਾਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਮੌਕਾ ਦਿੱਤਾ ਹੈ ਪਰ ਉਹ ਇੱਕ ਵਾਰ ਵੀ ਪੇਸ਼ ਨਹੀਂ ਹੋਏ ਸਗੋਂ ਇੱਕ ਚਿੱਠੀ ਭੇਜ ਕੇ ਤੱਥਾਂ ਨੂੰ ਹੋਰ ਰੂਪ ਦੇ ਕੇ ਅਕਾਲ ਤਖ਼ਤ ਤੇ ਪੰਥ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਉਸ ਨੂੰ ਆਖ਼ਰੀ ਮੌਕਾ ਦਿੱਤਾ ਸੀ ਪਰ ਉਹ ਅੱਜ ਵੀ ਪੇਸ਼ ਨਹੀਂ ਹੋਇਆ। ਇਸ ਲਈ ਬੇਅਦਬੀ ਮਾਮਲੇ ਵਿਚ ਇਨਸਾਫ ਲੈਣ ਲਈ ਚੱਲ ਰਹੇ ਮੋਰਚੇ ਨੂੰ ਤਾਰਪੀਡੋ ਕਰਨ ਦੇ ਦੋਸ਼ ਹੇਠ ਉਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here