ਮਾਨਸਾ, 27 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ ) :ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲੇ ਅੰਦਰ 3 ਵਿਧਾਨ ਸਭਾ ਹਲਕਿਆਂ 96-ਮਾਨਸਾ, 97-ਸਰਦੂਲਗੜ ਅਤੇ 98-ਬੁਢਲਾਡਾ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਅਤੇ ਨਿਰਪੱਖ ਤੇ ਸ਼ਾਤਮਈ ਢੰਗ ਨਾਲ ਚੋਣਾਂ ਕਰਵਾਉਣ ਦੇ ਮੱਦੇਨਜ਼ਰ ਅੱਜ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਮਹਿੰਦਰ ਪਾਲ ਨੇ ਸਮੂਹ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਆਪਸੀ ਤਾਲਮੇਲ ਨਾਲ ਚੋਣਾਂ ਸਬੰਧੀ ਹਰੇਕ ਕੰਮ ਨੂੰ ਨੇਪਰੇ ਚੜਾਉਣ ਦੇ ਆਦੇਸ ਜਾਰੀ ਕੀਤੇ। ਉਨਾਂ ਦੱਸਿਆ ਕਿ ਜ਼ਿਲੇ ਅੰਦਰ 39 ਲੋਕੇਸ਼ਨਾਂ ਤੇ 93 ਬੂਥ ਸੰਵੇਦਨਸ਼ੀਲ ਘੋਸ਼ਿਤ ਕੀਤੇ ਗਏ ਹਨ। ਉਨਾਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ’ਤੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿਤੇ। ਉਨਾਂ ਕਿਹਾ ਕਿ ਜ਼ਿਲੇ ਅੰਦਰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ ਅਤੇ ਜੇਕਰ ਕਿਤੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿੱਚ ਤਾਇਨਾਤ ਫਲਾਇੰਗ ਸੁਕੈਡ ਟੀਮਾਂ, ਸਟੈਟਿਕ ਸਰਵੇਲੈਂਸ ਟੀਮਾਂ, ਵੀਡੀਓ ਟੀਮਾਂ ਤੇ ਵੀਡੀਓ ਵਿਯੂਇੰਗ ਟੀਮਾਂ ਨੂੰ ਹੋਰ ਚੌਕਸ ਕੀਤਾ ਜਾਵੇ। ਉਨਾਂ ਕਿਹਾ ਕਿ ਨਾਮਜ਼ਦਗੀ ਪੱਤਰ ਭਰਵਾਉਣ ਸਮੇਂ ਵੀ ਚੌਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਜੇ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ, ਰਿਟਰਨਿੰਗ ਅਫ਼ਸਰ ਮਾਨਸਾ ਹਰਜਿੰਦਰ ਸਿੰਘ ਜੱਸਲ, ਰਿਟਰਨਿੰਗ ਅਫ਼ਸਰ ਬੁਢਲਾਡਾ ਕਾਲਾ ਰਾਮ ਕਾਂਸਲ, ਰਿਟਰਨਿੰਗ ਅਫ਼ਸਰ ਸਰਦੂਲਗੜ ਮਨੀਸ਼ਾ ਰਾਣਾ, ਐਸ.ਪੀ. ਰਾਕੇਸ਼ ਕੁਮਾਰ ਅਤੇ ਡੀ.ਐਸ.ਪੀ. ਗੋਬਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।