ਬਠਿੰਡਾ /ਚੰਡੀਗੜ੍ਹ 11 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਸ਼ੁੱਕਰਵਾਰ ਨੂੰ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਕੌਂਸਲਰ ਅਤੇ ਜ਼ਿਲਾ ਮੀਤ ਪ੍ਰਧਾਨ ਸਤਪਾਲ ਡੋਡ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।
ਸਤਪਾਲ ਡੋਡ ਫ਼ਰੀਦਕੋਟ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਲਾਕ ਯੂਥ ਕਾਂਗਰਸ ਜੈਤੋ ਜ਼ਿਲ੍ਹਾ ਦੇ ਪ੍ਰਧਾਨ ਅਤੇ ਆਪਣੇ ਇਲਾਕੇ ਤੋਂ ਕੌਂਸਲਰ ਵੀ ਰਹਿ ਚੁੱਕੇ ਹਨ। ਕਾਂਗਰਸ ਦੇ ਸੀਨੀਅਰ ਨੇਤਾ ਵਜੋਂ ਡੋਡ ਕੋਲ ਕਾਂਗਰਸ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਨ ਦਾ ਲੰਬਾ ਤਜ਼ਰਬਾ ਹੈ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਤਪਾਲ ਡੋਡ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀਆਂ ਭ੍ਰਿਸ਼ਟ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਪਾਰਟੀ ਵਿੱਚ ਆਪਣੇ ਹੀ ਲੋਕਾਂ ਅਤੇ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਬਾਹਰਲੇ ਲੋਕਾਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ।
ਰਾਘਵ ਚੱਢਾ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ, ਪਰ ਜਦੋਂ ਤੋਂ ਕਾਂਗਰਸ ਨੇ ਚੰਨੀ ਨੂੰ ਸੀਐੱਮ ਉਮੀਦਵਾਰ ਐਲਾਨਿਆ ਹੈ, ਪਾਰਟੀ ਦੇ ਨੇਤਾ ਵੀ ਨਿਰਾਸ਼ ਹਨ ਅਤੇ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਹੀ ਹਾਰ ਸਵੀਕਾਰ ਕਰ ਲਈ ਹੈ। ‘ਆਪ’ ਨੇਤਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਬਦਲਾਅ ਚਾਹੁੰਦੀ ਹੈ। ਲੋਕਾਂ ਨੇ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫੈਸਲਾ ਕਰ ਲਿਆ ਹੈ।