ਪਟਿਆਲਾ, 13 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ ਕਿ ਇਹਨਾਂ ਦੀ ਪਹਿਰੇਦਾਰੀ ‘ਤੇ ਦੇਸ਼ ਸੁਰੱਖਿਅਤ ਮਹਿਸੂਸ ਕਰਦਾ ਹੈ।
ਅੱਜ ਇੱਥੇ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਾਹ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਇੱਥੇ ਸ਼ਾਂਤੀ ਅਤੇ ਸੁਰੱਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਕੇਵਲ ਐਨ.ਡੀ.ਏ ਸਰਕਾਰ ਹੀ, ਜੋ ਕੇਂਦਰ ਸਰਕਾਰ ਨਾਲ ਰਲ਼ ਕੇ ਕੰਮ ਕਰੇਗੀ, ਇੱਥੇ ਸ਼ਾਂਤੀ, ਸਦਭਾਵਨਾ ਅਤੇ ਸੁਰੱਖਿਆ ਨੂੰ ਯਕੀਨੀ ਬਣਾ ਸਕਦੀ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਮੰਚ ‘ਤੇ ਬੈਠੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਸੰਦਰਭ ਵਿੱਚ ਵਿਸ਼ੇਸ਼ ਤਾਰੀਫ਼ ਕੀਤੀ ਕਿ ਜਦੋਂ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਦੀ ਗੱਲ ਆਉਂਦੀ ਹੈ ਤਾਂ ਉਹ ਹਮੇਸ਼ਾ ਪੱਖਪਾਤੀ ਵਿਚਾਰਾਂ ਤੋਂ ਉੱਪਰ ਉੱਠਕੇ ਗੱਲ ਕਰਦੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਜਦੋਂ ਉਹ 2019 ਵਿੱਚ ਗ੍ਰਹਿ ਮੰਤਰੀ ਬਣੇ ਸਨ, ਤਾਂ ਉਹ ਪੰਜਾਬ ਦੀ ਸਰਹੱਦ ‘ਤੇ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਿਤ ਸਨ ਪਰ ਜਦੋਂ ਓਹਨਾਂ ਕੈਪਟਨ ਅਮਰਿੰਦਰ ਨਾਲ ਗੱਲ ਕੀਤੀ ਤਾਂ ਉਹਨਾਂ ਦੀ ਬੇਚੈਨੀ ਨੂੰ ਵਿਸ਼ਰਾਮ ਲੱਗਿਆ।
ਪਟਿਆਲਾ ਦੇ ਲੋਕਾਂ ਦੇ ਨਾਮ ਇੱਕ ਵਿਸ਼ੇਸ਼ ਸੰਦੇਸ਼ ਵਿੱਚ ਗ੍ਰਹਿ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਵਰਗੇ ਸੀਨੀਅਰ ਆਗੂ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਹੈ ਉਸ ਤਰ੍ਹਾਂ ਕਾਂਗਰਸ ਨੂੰ ਪਟਿਆਲਾ ਤੋਂ ਇੱਕ ਵੀ ਸੀਟ ਨਹੀਂ ਮਿਲਣੀ ਚਾਹੀਦੀ।
ਸ੍ਰੀ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਨੂੰ ਇੱਕ ਮੌਕਾ ਦਿਓ ਅਤੇ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸ਼ਿਕੰਜਾ ਕਸਦਿਆਂ ਕਿਹਾ ਕਿ ਉਨ੍ਹਾਂ ‘ਚ ਪੰਜਾਬ ‘ਚੋਂ ਨਸ਼ੇ ਖਤਮ ਕਰਨ ਦਾ ਵਾਅਦੇ ਕਰਨ ਦੀ ਹਿੰਮਤ ਹੈ ਤਾਂ ਉਨ੍ਹਾਂ ਨੇ ਥਾਂ-ਥਾਂ ਤੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਦਿੱਲੀ ਨੂੰ ਸ਼ਰਾਬ ‘ਚ ਡੋਬ ਕੇ ਕਿਓਂ ਦਿੱਤਾ ਹੈ।
ਉਨ੍ਹਾਂ ਨੇ ਪੰਜਾਬ ਅਤੇ ਸਿੱਖਾਂ ਪ੍ਰਤੀ ਕੇਜਰੀਵਾਲ ਦੇ ਇਰਾਦਿਆਂ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਕੇਜਰੀਵਾਲ ਪੰਜਾਬੀਆਂ ਅਤੇ ਸਿੱਖਾਂ ਦੀਆਂ ਸਿਰਫ਼ ਵੋਟਾਂ ਮੰਗਣ ਪੰਜਾਬ ਆ ਰਿਹਾ ਹੈ ਅਤੇ ਜੇ ਕੇਜਰੀਵਾਲ ਨੂੰ ਸਿੱਖਾਂ ਪ੍ਰਤੀ ਐਨੀ ਸਦਭਾਵਨਾ ਹੈ ਤਾਂ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੂੰ 8 ਸਾਲ ਹੋ ਗਏ ਹਨ ਅਤੇ ਉਨ੍ਹਾਂ ਨੇ ਆਪਣੀ ਸਰਕਾਰ ਵਿੱਚ ਇੱਕ ਵੀ ਸਿੱਖ ਨੂੰ ਮੰਤਰੀ ਕਿਓਂ ਨਹੀਂ ਬਣਾਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਇਤਿਹਾਸ ਅਤੇ ਵਿਕਾਸ ਵਿੱਚ ਸਿੱਖਾਂ ਦਾ ਯੋਗਦਾਨ ਬਹੁਤ ਵੱਡਾ ਹੈ ਅਤੇ ਕੇਜਰੀਵਾਲ ਨੇ ਕਦੇ ਵੀ ਇਸ ਤੱਥ ਨੂੰ ਮੰਨਿਆ ਨਹੀਂ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਉਦਯੋਗ ਅਤੇ ਖੇਤੀਬਾੜੀ ਨੂੰ ਪੁਨਰ ਸੁਰਜੀਤ ਕਰਨ ਲਈ ਐਨ.ਡੀ.ਏ ਸਰਕਾਰ ਕੋਲ ਇੱਕ ਸਪੱਸ਼ਟ ਰੋਡਮੈਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸੱਤਰਵਿਆਂ ਤੱਕ ਸਭ ਰਾਜਾਂ ਵਿੱਚੋਂ ਸਭ ਤੋਂ ਉੱਪਰਲਾ ਸਥਾਨ ਹਾਸਲ ਕਰਦਾ ਰਿਹਾ ਸੀ ਕਿਉਂਕਿ ਇਸ ਨੇ ਖੇਤੀਬਾੜੀ ਅਤੇ ਉਦਯੋਗ ਵਿੱਚ ਬੇਮਿਸਾਲ ਸੀ। ਪੰਜਾਬ ਨੂੰ ਉਹ ਮਾਣ ਭਰੀ ਥਾਂ ਵਾਪਸ ਤੇ ਆਉਣ ਦੀ ਲੋੜ ਹੈ ਅਤੇ ਐਨ.ਡੀ.ਏ ਸਰਕਾਰ ਦੀ ਸੱਤਾ ਕੇਂਦਰ ਸਰਕਾਰ ਦੇ ਤਾਲਮੇਲ ਨਾਲ ਏਸ ਨੂੰ ਹੀ ਯਕੀਨੀ ਬਣਾਏਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਅਤੇ ਸਿੱਖਾਂ ਪ੍ਰਤੀ ਵਿਸ਼ੇਸ਼ ਸਤਿਕਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਕਰਤਾਰਪੁਰ ਲਾਂਘਾ ਖੋਲ੍ਹਣ, 26 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ‘ਵੀਰ ਬਾਲ ਦਿਵਸ’ ਦਾ ਨਾਮਕਰਨ ਵਰਗੇ ਅਤੇ ‘ਕਾਲੀ ਸੂਚੀ’ ਦੇ 314 ਵਿੱਚੋਂ 312 ਨਾਮ ਹਟਾਏ ਜਾਣ ਵਰਗੇ ਕਈ ਵਿਸ਼ੇਸ਼ ਕਦਮ ਚੁੱਕੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਦੋਂ ਤਾਲਿਬਾਨ ਨੇ ਅਫਗਾਨਿਸਤਾਨ ‘ਤੇ ਕਬਜ਼ਾ ਕੀਤਾ ਸੀ, ਉਦੋਂ ਇਹ ਖਦਸ਼ਾ ਪੈਦਾ ਹੋ ਗਿਆ ਸੀ ਕਿ ਉਥੇ ਦੇ ਗੁਰਦੁਆਰਿਆਂ ‘ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਨਹੀਂ ਰਹਿਣਗੇ ਤਾਂ, ਉਨ੍ਹਾਂ ਕਿਹਾ ਕਿ, ਭਾਰਤ ਸਰਕਾਰ ਨੇ ਇਨ੍ਹਾਂ ਪਵਿੱਤਰ ਸਰੂਪਾਂ ਨੂੰ ਅਫ਼ਗ਼ਾਨਿਸਤਾਨ ਤੋਂ ਪੂਰੇ ਸਤਿਕਾਰ ਅਤੇ ਪਵਿੱਤਰਤਾ ਨਾਲ ਦਿੱਲੀ ਦੇ ਗੁਰਦੁਆਰਿਆਂ ਵਿੱਚ ਤਬਦੀਲ ਕਰਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਹੈ।
ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਲੋੜ ਪਈ ਤਾਂ ਸ਼ਾਹ, ਮੋਦੀ ਅਤੇ ਹੋਰ ਮੰਤਰੀਆਂ ਵੱਲੋਂ ਓਹਨਾਂ ਨੂੰ ਹਮੇਸ਼ਾ ਪੂਰਾ ਸਹਿਯੋਗ ਮਿਲਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਕਿ ਕੋਵਿਡ ਮਹਾਂਮਾਰੀ ਦੌਰਾਨ ਜਦੋਂ ਰਾਜ ਵਿੱਚ ਟੀਕਿਆਂ ਦੀ ਘਾਟ ਸੀ ਤਾਂ ਕੇਂਦਰ ਸਰਕਾਰ ਨੇ ਇਨ੍ਹਾਂ ਨੂੰ ਜਲਦੀ ਤੋਂ ਜਲਦੀ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਕੇਂਦਰ ਨਾਲ ਮਿਲ ਕੇ ਕੰਮ ਕਰੇ ਕਿਉਂਕਿ ਪੰਜਾਬ ਨੂੰ ਕਰਜ਼ੇ ਅਤੇ ਖੇਤੀ ਦੀ ਘੱਟਦੀ ਆਮਦਨ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਇੰਚਾਰਜ ਦੁਸ਼ਾਂਤ ਗੌਤਮ ਅਤੇ ਹਰਿਆਣਾ ਦੇ ਸੰਸਦ ਮੈਂਬਰ ਅਰਵਿੰਦ ਸ਼ਰਮਾ ਵੀ ਮੌਜੂਦ ਸਨ।