19,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿਧਾਨ ਸਭਾ ਚੋਣਾਂ ਲਈ ਭਲਕੇ 117 ਸੀਟਾਂ ‘ਤੇ ਵੋਟਾਂ ਪੈਣੀਆਂ ਹਨ। ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜ ਰਹੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੋਟਾਂ ਤੋਂ ਇੱਕ ਦਿਨ ਪਹਿਲਾਂ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਦਰਅਸਲ ਚੰਡੀਗੜ੍ਹ ਦੇ ਡੀਐਸਪੀ ਨੇ ਸਿੱਧੂ ਖਿਲਾਫ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਸਿੱਧੂ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਹੈ। ਡੀਐਸਪੀ ਨੇ ਕਿਹਾ, “ਸਿੱਧੂ 2021 ਵਿੱਚ ਇੱਕ ਰੈਲੀ ਦੌਰਾਨ ਪੁਲਿਸ ਵਿਰੁੱਧ ਆਪਣੀ ਟਿੱਪਣੀ ਲਈ ਬਗੈਰ ਸ਼ਰਤ ਮੁਆਫੀ ਮੰਗਣ ਵਿੱਚ ਅਸਫਲ ਰਿਹਾ ਹੈ।”
ਸਿੱਧੂ ਨੇ ਪੁਲਿਸ ‘ਤੇ ਕੀਤੀ ਸੀ ਇਹ ਟਿੱਪਣੀ
ਦਸੰਬਰ 2021 ‘ਚ ਪੰਜਾਬ ਦੀ ਸਾਬਕਾ ਮੰਤਰੀ ਅਸ਼ਨੀ ਸੇਖੜੀ ਦੀ ਰੈਲੀ ‘ਚ ਪਹੁੰਚੇ ਸਿੱਧੂ ਨੇ ਪੰਜਾਬ ਪੁਲਿਸ ਦਾ ਮਜ਼ਾਕ ਉਡਾਇਆ ਸੀ। ਉਨ੍ਹਾਂ ਨੇ ਕਿਹਾ ਸੀ, “ਜੇ ਅਸ਼ਵਨੀ ਸੇਖੜੀ ਤੁਹਾਨੂੰ ਧੱਕਾ ਮਾਰ ਦੇਵੇ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਹੋ ਜਾਂਦੀ ਹੈ।” ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਇਸ ਬਿਆਨ ‘ਤੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਸਿਰਫ ਮਜ਼ਾਕ ‘ਚ ਕਿਹਾ ਹੈ। ਸਿੱਧੂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।” ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਨੇ ਨਵਜੋਤ ਸਿੰਘ ਸਿੱਧੂ ‘ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।