ਮਾਨਸਾ, 05 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ ) : ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਦਿਵਾਉਣ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਨ, ਲੋਕਾਂ ਦੇ ਮਨਾਂ ਵਿਚੋਂ ਦੁਸ਼ਮਣੀ ਨੂੰ ਜੜੋਂ ਖ਼ਤਮ ਕਰਨ ਤਹਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾਂ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ। ਇਸੇ ਮੰਤਵ ਲਈ ਹਰ ਤੀਸਰੇ ਮਹੀਨੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਨੇ ਦੱਸਿਆ ਕਿ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ 12 ਮਾਰਚ 2022 ਨੂੰ ਮਾਨਸਾ, ਬੁਢਲਾਡਾ ਅਤੇ ਸਰਦੂਲਗੜ ਵਿਖੇ ਲੱਗਣ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫ਼ਲ ਕਰਨ ਸਬੰਧੀ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਮਾਨਸਾ ਅਦਾਲਤ ਅਤੇ ਸਬ-ਡਵੀਜ਼ਨਾਂ ਬੁਢਲਾਡਾ ਅਤੇ ਸਰਦੂਲਗੜ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਦਿੱਤਾ ਜਾ ਸਕੇ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬੈਂਕ ਅਧਿਕਾਰੀਆਂ, ਇੰਸੋਰੈਂਸ ਕੰਪਨੀਆਂ, ਜ਼ਿਲੇ ਦੇ ਥਾਣਿਆਂ ਦੇ ਮੁਖੀਆਂ, ਸਰਪੰਚ ਸਾਹਿਬਾਨਾਂ, ਬਾਰ ਐਸੋਸੀਏਸਨਾਂ ਦੇ ਅਹੁਦੇਦਾਰਾਂ, ਸੀਨੀਅਰ ਸਿਟੀਜ਼ਨਾਂ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਆਮ ਲੋਕਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸ ਇਸ ਕੌਮੀ ਲੋਕ ਅਦਾਲਤ ਵਿੱਚ ਲਗਾਉਣ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ।
ਉਨਾਂ ਦੱਸਿਆ ਕਿ 12 ਮਾਰਚ 2022 ਨੂੰ ਲੱਗਣ ਵਾਲੀ ਇਸ ਕੌਮੀ ਲੋਕ ਅਦਾਲਤ ਵਿੱਚ ਦੀਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਉਣ ਲਈ ਇੱਕ ਦਰਖ਼ਾਸਤ ਦੇ ਕੇ ਹੀ ਕੇਸ ਲਗਾਇਆ ਜਾ ਸਕਦਾ ਹੈ।