ਮਾਨਸਾ, 05 ਅਪ੍ਰੈਲ (ਸਾਰਾ ਯਹਾਂ/ ਜੋਨੀ ਜਿੰਦਲ): ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲਾ ਮਾਨਸਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਅਨਾਜ ਮੰਡੀ ਸਿਰਸਾ ਰੋਡ ਮਾਨਸਾ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਕਰੀਬ 1500 ਕਿਸਾਨਾਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਐਮ.ਐਲ.ਏ. ਹਲਕਾ ਬੁਢਲਾਡਾ ਪਿ੍ਰੰਸੀਪਲ ਬੁੱਧ ਰਾਮ ਅਤੇ ਐਮ.ਐਲ.ਏ. ਹਲਕਾ ਸਰਦੂਲਗੜ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਕੈਂਪ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸਨਰ (ਜ) ਸ਼੍ਰੀ ਅਜੈ ਅਰੋੜਾ ਵੱਲੋਂ ਕੀਤਾ ਗਿਆ ਅਤੇ ਕੈਂਪ ਦੀ ਪ੍ਰਧਾਨਗੀ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਨਪੁਟਸ) ਪੰਜਾਬ ਡਾ. ਜਸਵਿੰਦਰਪਾਲ ਸਿੰਘ ਵੱਲੋੋਂ ਕੀਤੀ ਗਈ। ਕੈਂਪ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪੁੱਜੇ ਵਿਧਾਇਕ ਹਲਕਾ ਬੁਢਲਾਡਾ ਪਿ੍ਰੰਸੀਪਲ ਬੁੱਧ ਰਾਮ ਵੱਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਜ਼ਰੂਰੀ ਮਸਲਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਜੂਨ ਮਹੀਨੇ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਦੌਰਾਨ ਕਿਸਾਨੀ ਨੂੰ ਉੱਚਾ ਚੁੱਕਣ ਲਈ ਫਾਇਦੇਮੰਦ ਪਾਲਿਸੀਆਂ ਬਣਾਈਆਂ ਜਾਣਗੀਆਂ। ਉਨਾਂ ਕਿਹਾ ਕਿ ਨਹਿਰੀ ਪਾਣੀ ਦੀ ਪੂਰਤੀ ਕੀਤੀ ਜਾਵੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਦੀ ਘੱਟ ਵਰਤੋਂ ਹੋ ਸਕੇ। ਉਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਦਾ ਭਰੋਸਾ ਦਿੱਤਾ, ਤਾਂ ਜੋ ਕਿਸਾਨਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਅਤੇ ਨਵੀਆਂ ਖੋਜਾਂ ਕਰਨ ਵਿੱਚ ਕੋਈ ਮੁਸਕਿਲ ਪੇਸ ਨਾ ਆਵੇ। ਵਿਸ਼ੇਸ਼ ਮਹਿਮਾਨ ਵਿਧਾਇਕ ਹਲਕਾ ਸਰਦੂਲਗੜ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਸਾਨਾਂ ਨੂੰ ਦੱਸਿਆ ਕਿ ਜ਼ਿਲਾ ਮਾਨਸਾ ਵਿੱਚ ਨਹਿਰੀ ਪਾਣੀ ਦੀ ਕਾਫੀ ਘੱਟ ਸਪਲਾਈ ਆ ਰਹੀ ਹੈ, ਜਿਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਮਾਨਸਾ ਵਿੱਚ ਨਰਮੇ ਦੀ ਵੱਧ ਕਾਸਤ ਕੀਤੀ ਜਾਂਦੀ ਹੈ ਅਤੇ ਪਿਛਲੇ ਸਾਲਾਂ ਦੌਰਾਨ ਚਿੱਟੀ ਮੱਖੀ/ਗੁਲਾਬੀ ਸੁੰਡੀ ਵੱਲੋਂ ਨਰਮੇ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਕੀਤਾ ਗਿਆ ਸੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੇ ਤਜਰਬੇਕਾਰ ਸਟਾਫ ਵੱਲੋਂ ਸਮੇਂ-ਸਮੇਂ ਸਿਰ ਦਿੱਤੀ ਜਾ ਰਹੀ ਜਾਣਕਾਰੀ ਅਨੁਸਾਰ ਅਤੇ ਪੀ.ਏ.ਯੂ ਲੁਧਿਆਣਾ ਵੱਲੋਂ ਸਿਫਾਰਿਸ਼ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਬੀਜ/ਖਾਦ/ਦਵਾਈਆਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੈ ਅਤੇ ਉਨਾਂ ਭਰੋਸਾ ਦਿਵਾਇਆ ਕਿ ਸੂਬੇ ਅੰਦਰ ਕਿਤੇ ਵੀ ਨਕਲੀ/ਘਟੀਆਂ ਬੀਜ/ਖਾਦ/ਦਵਾਈਆਂ ਦੀ ਵਿਕਰੀ ਨਹੀ ਹੋਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਬਲਾਕ ਪੱਧਰ ਤੇ ਮਿੱਟੀ/ਪਾਣੀ ਪਰਖ ਕਰਨ ਲਈ ਲੈਬਾਂ ਬਣਾਈਆਂ ਜਾਣਗੀਆਂ ਤਾਂ ਜੋ ਕਿਸਾਨਾਂ ਮਿੱਟੀ/ਪਾਣੀ ਦੀ ਪਰਖ ਕਰਵਾ ਕੇ ਹੀ ਖਾਦਾਂ ਦੀ ਵਰਤੋਂ ਕਰਨ ਅਤੇ ਆਪਣੇ ਬੇਲੋੜੇ ਖੇਤੀ ਖਰਚੇ ਘਟਾ ਸਕਣ। ਡਾ: ਜਸਵਿੰਦਰਪਾਲ ਸਿੰਘ ਗਰੇਵਾਲ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਨਪੁਟਸ) ਪੰਜਾਬ ਜੀ ਵੱਲੋਂ ਕਿਸਾਨਾਂ ਨੂੰ ਦੱਸਿਆ ਕਿ ਹਵਾ/ਪਾਣੀ/ਧਰਤੀ ਦੀ ਸੰਭਾਲ ਕਰਨ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਵੱਧ ਤੋਂ ਵੱਧ ਦਰਖਤ ਲਗਾਏ ਜਾਣ ਤਾਂ ਜੋ ਹਵਾਂ ਨੂੰ ਪ੍ਰਦੂਸਿਤ ਹੋਣ ਤੋ ਬਚਾਇਆ ਜਾ ਸਕੇ। ਉਨਾਂ ਪਾਣੀ ਦੀ ਬੱਚਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਕੁਦਰਤੀ ਖੇਤੀ ਅਪਣਾਉਣ ਦੀ ਅਪੀਲ ਕੀਤੀ ਗਈ। ਉਨਾਂ ਕਿਸਾਨਾਂ ਨੂੰ ਆਪਣੀ ਲੋੜ ਅਨੁਸਾਰ ਸਬਜੀਆਂ ਉਗਾਉਣ ਸਬੰਧੀ ਜਾਣਕਾਰੀ ਦਿੱਤੀ ਤਾਂ ਜੋ ਰੋਜਮਰਾ ਦੇ ਖਰਚਿਆਂ ਨੂੰ ਘੱਟ ਕੀਤਾ ਜਾ ਸਕੇ। ਡਾ: ਮਨਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਮਾਨਸਾ ਜੀ ਵੱਲੋਂ ਦੱਸਿਆ ਗਿਆ ਕਿ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਵੱਲ ਪ੍ਰੇਰਿਤ ਕੀਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ ਇਸ ਸਾਲ ਝੋਨੇ ਦੀ ਫਸਲ ਹੇਠੋ 4000 ਹੈਕਟੇਅਰ ਰਕਬਾ ਘਟਾ ਕੇ ਨਰਮੇ ਦੀ ਫਸਲ ਹੇਠ 64000 ਹੈਕਟੇਅਰ ਰਕਬਾ ਲਿਆਂਦਾ ਜਾਵੇਗਾ ਅਤੇ ਝੋਨੇ ਦੀ ਬਿਜਾਈ 92000 ਹੈਕਟੇਅਰ ਰਕਬੇ ਵਿੱਚ ਕੀਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਵਿਭਾਗ ਅੰਦਰ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਉਨਾਂ ਕਿਸਾਨਾਂ ਅਪੀਲ ਕੀਤੀ ਕਿ ਨਰਮੇ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣ ਵੱਲੋਂ ਸਿਫਾਰਸ ਕੀਤੀਆਂ ਕਿਸਮਾਂ ਦੀ ਬਿਜਾਈ ਹੀ ਕੀਤੀ ਜਾਵੇ ਅਤੇ ਕਿਸੇ ਦੇ ਝਾਂਸੇ ਵਿੱਚ ਆ ਕੇ ਗੁਜਰਾਤੀ ਜਾਂ ਅਣਅਧਿਕਾਰਤ ਕਿਸਮਾਂ ਦੀ ਬਿਜਾਈ ਨਾ ਕੀਤੀ ਜਾਵੇ। ਉਨਾਂ ਕਿਸਾਨਾਂ ਨੂੰ ਕਣਕ/ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ ਗਈ। ਕੈਂਪ ਦੀ ਸੁਰੂਆਤ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਪ੍ਰ੍ਰੀਤ ਸਿੰਘ, ਡਾ. ਪ੍ਰਦੀਪ ਸਿੰਘ, ਸਹਾਇਕ ਪ੍ਰੋਫੈਸਰ ਸ੍ਰੀਮਤੀ ਰਜਿੰਦਰ ਕੌਰ, ਸੀਨੀਅਰ ਫਸਲ ਵਿਗਿਆਨੀ ਖੇਤਰੀ ਖੋਜ ਕੇਂਦਰ ਬਠਿੰਡਾ ਸ਼੍ਰੀਮਤੀ ਅਨੂਰੀਤ ਕੌਰ ਅਤੇ ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਕਿ੍ਰਸੀ ਵਿਗਿਆਨ ਕੇਂਦਰ ਸ੍ਰੀ ਰਣਦੀਪ ਸਿੰਘ ਵੱਲੋਂ ਖੇਤੀਬਾੜੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਹਰਵਿੰਦਰ ਸਿੰਘ ਖੇਤੀਬਾੜੀ ਅਫਸਰ ਭੀਖੀ, ਡਾ: ਚਮਨਦੀਪ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ), ਸਮਾਜ ਸੇਵਕ ਕਮਲ ਗੋਇਲ, ਰਣਦੀਪ ਸ਼ਰਮਾ, ਜਸਪਾਲ ਸਿੰਘ ਦਾਤੇਵਾਸ, ਮਨੋਜ ਕੁਮਾਰ, ਸੁਰੇਸ਼ ਕੁਮਾਰ, ਮਿਸ. ਜਸਲੀਨ ਕੌਰ ਧਾਲੀਵਾਲ, ਪ੍ਰਭਦੀਪ ਸਿੰਘ, ਹਰਮਨਦੀਪ ਸਿੰਘ, ਨਰਿੰਦਰ ਸਿੰਘ, ਕਮਲਦੀਪ ਸਿੰਘ, ਸਿਮਰਜੀਤ ਸਿੰਘ ਮੌਜੂਦ ਸਨ।