*ਭਗਵੰਤ ਮਾਨ ਨੇ 26,754 ਅਸਾਮੀਆਂ ਭਰਨ ਲਈ ਵਿਆਪਕ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਤੁਰੰਤ ਬਾਅਦ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ*

0
64


ਚੰਡੀਗੜ੍ਹ, 11 ਮਈ  (ਸਾਰਾ ਯਹਾਂ/ ਮੁੱਖ ਸੰਪਾਦਕ ):
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਸੂਬਾ ਸਰਕਾਰ ਦਾ ਸਾਥ ਦੇਣ ਲਈ ਆਖਿਆ ਕਿਉਂਕਿ ਉਨ੍ਹਾਂ ਦੀ ਸਰਕਾਰ ਭਰਤੀ ਪ੍ਰਕਿਰਿਆ ਸਬੰਧੀ ਲੋੜੀਂਦੇ ਕਾਰਜਾਂ ਨੂੰ ਪੂਰਾ ਕਰਨ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਵਿਚ ਕਿਸੇ ਤਰ੍ਹਾਂ ਦੀ ਕਾਨੂੰਨੀ ਅੜਚਣ ਪੈਦਾ ਨਾ ਹੋ ਸਕੇ।
ਇੱਥੇ ਮਿਉਂਸਪਲ ਭਵਨ ਵਿਖੇ 26754 ਅਸਾਮੀਆਂ ਨੂੰ ਭਰਨ ਲਈ ਵਿਸ਼ਾਲ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਤੁਰੰਤ ਬਾਅਦ 2373 ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪਣ ਲਈ ਕੀਤੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਸਾਡੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਅਜਿਹੇ ਸਮਾਗਮ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ। ਉਨ੍ਹਾਂ ਨੇ ਰੋਸ ਪ੍ਰਗਟਾ ਰਹੇ ਨੌਜਵਾਨਾਂ ਨੂੰ ਕਿਹਾ ਕਿ ਉਹ ਸਬਰ ਰੱਖਣ ਅਤੇ ਕੁਝ ਸਮਾਂ ਉਡੀਕ ਕਰਨ ਤਾਂ ਜੋ ਸਰਕਾਰ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਵਿੱਚ ਕਾਹਲੀ ਨਾਲ ਕੀਤੀ ਗਈ ਕਾਰਵਾਈ ਵਿਚ ਜੇਕਰ ਕੋਈ ਇਸ ਨੂੰ ਅਦਾਲਤ ਵਿੱਚ ਚੁਣੌਤੀ ਦਿੰਦਾ ਹੈ ਤਾਂ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਹੋਰ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ। 
ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖਰੀ ਦੋ ਮਹੀਨਿਆਂ ਵਿੱਚ ਜੋ ਕੁਝ ਕਰਦੀਆਂ ਰਹੀਆਂ ਹਨ, ਉਹੀ ਸਾਡੀ ਸਰਕਾਰ ਨੇ ਸ਼ੁਰੂਆਤੀ ਦੋ ਮਹੀਨਿਆਂ ਵਿੱਚ ਕੀਤਾ ਹੈ ਜਿਸ ਨਾਲ ਉਮੀਦਵਾਰਾਂ ਨੂੰ ਨਿਰੋਲ ਮੈਰਿਟ ਅਤੇ ਉਨ੍ਹਾਂ ਦੀਆਂ ਵਿਦਿਅਕ ਯੋਗਤਾਵਾਂ ਦੇ ਅਧਾਰ ‘ਤੇ ਨੌਕਰੀਆਂ ਦੇਣ ਸਬੰਧੀ ਸਾਡੀ ਸਰਕਾਰ ਦੇ ਇਰਾਦੇ ਸਪੱਸ਼ਟ ਹੋ ਜਾਂਦੇ ਹਨ।
ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਸਬੰਧਤ ਮੰਤਰੀਆਂ ਨੂੰ ਨਵ-ਨਿਯੁਕਤ ਨੌਜਵਾਨਾਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਨੇੜੇ ਤਾਇਨਾਤ ਕਰਨ ਲਈ ਕਿਹਾ ਤਾਂ ਜੋ ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੱਲੋਂ ਜਾਣਬੁੱਝ ਕੇ ਸਰਕਾਰੀ ਮੁਲਾਜ਼ਮਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਦੂਰ-ਦੁਰਾਡੇ ਦੀਆਂ ਥਾਵਾਂ ‘ਤੇ ਤਾਇਨਾਤ ਕੀਤਾ ਜਾਂਦਾ ਸੀ। ਹਾਲਾਂਕਿ, ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਦੂਰ-ਦੁਰਾਡੇ ਵਾਲੀਆਂ ਥਾਵਾਂ ‘ਤੇ ਤਾਇਨਾਤੀ ਤੋਂ ਵੀ ਸੰਕੋਚ ਨਾ ਕਰਨ ਕਿਉਂਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਚੋਟੀ ਦੇ ਫਿਲਮੀ ਸਿਤਾਰੇ ਅਮਿਤਾਭ ਬੱਚਨ ਅਤੇ ਸ਼ਾਹਰੁਖ ਖਾਨ ਵਰਗੀਆਂ ਮਹਾਨ ਹਸਤੀਆਂ ਨੇ ਆਪਣੇ ਕੈਰੀਅਰ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਘਰ-ਬਾਰ ਛੱਡੇ ਸਨ।
ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸਮਾਜ ਵਿੱਚ ਫੈਲੀ ਬੇਰੁਜ਼ਗਾਰੀ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਜਨਮ ਦਿੰਦੀ ਹੈ ਅਤੇ ਇਹ ਸਾਡੀ ਵਚਨਬੱਧਤਾ ਹੈ ਕਿ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਡੇ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਉਹ ਕੁਰਾਹੇ ਨਾ ਪੈਣ ਕਿਉਂਕਿ ‘ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ।’ ਅੱਜ ਦੇ ਸਮਾਗਮ ਵਿੱਚ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਿੱਚ ਲੜਕੀਆਂ ਵੱਲੋਂ ਲੜਕਿਆਂ ਨੂੰ ਪਛਾੜਨ ‘ਤੇ ਤਸੱਲੀ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਦਰਸਾਉਂਦਾ ਹੈ ਜੋ ਸਮਾਜ ਵਿੱਚ ਉਨ੍ਹਾਂ ਦਾ ਮਾਣ-ਸਨਮਾਨ ਵਧਾਉਣ ਦੇ ਨਾਲ-ਨਾਲ ਦਾਜ, ਲਿੰਗ ਭੇਦ, ਕੰਨਿਆ ਭਰੂਣ ਹੱਤਿਆ ਆਦਿ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਵਿੱਚ ਵੀ ਸਹਾਈ ਹੋਵੇਗਾ। 
ਦੱਸਣਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿੱਚ ਕਮਿਊਨਿਟੀ ਹੈਲਥ ਅਫਸਰਾਂ, ਸਟਾਫ ਨਰਸਾਂ, ਵਾਰਡ ਅਟੈਂਡੈਂਟਾਂ ਆਦਿ ਤੋਂ ਇਲਾਵਾ ਜਲ ਸਰੋਤ ਵਿਭਾਗ ਵਿੱਚ ਐਸ.ਡੀ.ਈਜ਼. ਅਤੇ ਪੰਪ ਆਪਰੇਟਰਾਂ ਦੀਆਂ ਅਸਾਮੀਆਂ ਲਈ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ, ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਹੁਸਨ ਲਾਲ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਜੋਏ ਸ਼ਰਮਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਹਾਜ਼ਰ ਸਨ।
—-

LEAVE A REPLY

Please enter your comment!
Please enter your name here