ਮਾਨਸਾ, 12 ਮਈ (ਸਾਰਾ ਯਹਾਂ/ ਮੁੱਖ ਸੰਪਾਦਕ ): ਰਾਜ ਸਰਕਾਰ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਅੰਦਰ 26 ਹਜ਼ਾਰ ਤੋਂ ਵਧੇਰੇ ਅਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭੀ ਗਈ ਹੈ। ਜ਼ਿਲ੍ਹੇ ਦੇ ਬੇਰੁਜ਼ਗਾਰ ਅਤੇ ਲੋੜਵੰਦ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਵੱਧ ਤੋਂ ਵੱਧ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਸਮੂਹ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਆਪਣੇ ਅਦਾਰੇ ਅੰਦਰ ਸਰਕਾਰੀ ਪੋਸਟਾਂ ਦੀ ਜਾਣਕਾਰੀ ਵਾਲੇ ਬੋਰਡ ਲਗਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਰਕਾਰੀ ਅਸਾਮੀਆਂ ਲਈ ਅਪਲਾਈ ਕਰਨ ਵੇਲੇ ਪ੍ਰਾਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਸੁਵਿਧਾ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਨੇੜਲੇ ਸਰਵਿਸ ਸੈਂਟਰਾਂ ’ਤੇ ਪਹੁੰਚ ਕਰਕੇ ਵੀ ਪ੍ਰਾਰਥੀ ਵੱਲੋਂ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਰੋਜ਼ਗਾਰ ਮੇਲਿਆਂ ’ਚ ਬੇਰੁਜ਼ਗਾਰਾਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਸਵੈ ਰੋਜ਼ਗਾਰ ਨਾਲ ਸਬੰਧਤ ਵਿਭਾਗੀ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇਣ ਦੀ ਹਦਾਇਤ ਕੀਤੀ।
ਉਨ੍ਹਾਂ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆਉਣ ਵਾਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਉਦਯੋਗ ਕੇਂਦਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਫਸ਼ਰ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਰੋਜ਼ਗਾਰ ਤੇ ਕਾਰੋਬਾਰ ਬਿਊਰੋਂ ਦੇ ਢੁੱਕਵੀਆਂ ਥਾਵਾਂ ਤੇ ਬੋਰਡ ਲਗਵਾਏ ਜਾਣ, ਤਾਂ ਜੋ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਪਹੁੰਚਣ ’ਚ ਕੋਈ ਮੁਸਕਿਲ ਪੇਸ਼ ਨਾ ਆਵੇ। ਉਨ੍ਹਾਂ ਸਮੂਹ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਵੱਧ ਤੋਂ ਵੱਧ ਵਿਦਿਆਰਥੀਆਂ ਦਾ ਦੌਰਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਲਗਾਉਣ ਤੋਂ ਪਹਿਲਾ ਵੱਖ-ਵੱਖ ਸ਼ੋਸ਼ਲ ਮੀਡੀਆ ਸਾਧਨਾਂ ਰਾਹੀ ਪ੍ਰਚਾਰ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਪ੍ਰਾਰਥੀ ਪਲੇਸਮੈਂਟ ਕੈਂਪ ਦਾ ਲਾਹਾ ਲੈ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀ ਟੀ.ਬੈਨਿਥ, ਜ਼ਿਲ੍ਹਾ ਰੋਜ਼ਗਾਰ ਅਫਸ਼ਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਤੋਂ ਇਲਾਵਾ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਅਧਿਕਾਰੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।