*ਲੂ ਤੋਂ ਬਚਣ ਲਈ ਜ਼ਿਆਦਾ ਤਰਲ ਪਦਾਰਥ ਪੀਓ: ਡਾ. ਹਰਚੰਦ ਸਿੰਘ*

0
34

ਖਿਆਲਾ ਕਲਾਂ, 14 ਮਈ (ਸਾਰਾ ਯਹਾਂ/ਔਲਖ ) ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਡਾ.ਹਰਚੰਦ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਯੋਗ ਅਗਵਾਈ ਵਿੱਚ ਬਲਾਕ ਅੰਦਰ ਲੂ ਤੋਂ ਬਚਣ ਲਈ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਡਾ ਹਰਚੰਦ ਸਿੰਘ ਨੇ ਦੱਸਿਆ ਕਿ ਮੌਸਮ ਦੇ ਬਦਲੇ ਮਿਜ਼ਾਜ ਨੇ ਕਹਿਰ ਢਾਉਣਾ ਸ਼ੁਰੂ ਕਰ ਦਿੱਤਾ ਹੈ। ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰਾਂ ਝੁਲਸਾ ਦਿੰਦੀਆਂ ਹਨ। ਜ਼ਿਆਦਾ ਗਰਮੀ ਹੋਣ ‘ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ।
ਉਨ੍ਹਾਂ ਦੱਸਿਆ ਕਿ ਗਰਮੀ ਜਾਂ ਲੂ ਲੱਗਣ ਦੇ ਲੱਛਣਾਂ ਵਿੱਚ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਜੀਅ ਖਰਾਬ ਹੋਣਾ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਹੋਣਾ, ਕਮਜ਼ੋਰੀ ਮਹਿਸੂਸ ਹੋਣਾ ਹੈ।ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਜੋ 40 ਡਿਗਰੀ ਸੈਲਸੀਅਸ ਜਾਂ 104-105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ ਹੋਵੇ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਹੋ ਜਾਵੇ, ਮਰੀਜ਼ ਦਾ ਬੇਹੋਸ਼ ਹੋ ਜਾਣਾ, ਘਬਰਾਹਟ ਹੀ ਘਬਰਾਹਟ ਵਿੱਚ ਹੋਣਾ ਜਾਂ ਪਾਗਲਾਂ ਵਰਗਾ ਵਿਵਹਾਰ ਕਰਨ ਲੱਗ ਪੈਣਾ ਖ਼ਤਰਨਾਕ ਲੱਛਣ ਹਨ। ਉਨ੍ਹਾਂ ਕਿਹਾ ਕਿ ਲੂ ਲੱਗਣ ‘ਤੇ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ, ਵਿਅਕਤੀ ਨੂੰ ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇ, ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਗਲੇ ਤੱਕ ਲਿਟਾਇਆ ਜਾ ਸਕਦਾ ਹੈ, ਬੁਖਾਰ ਨੂੰ ਘੱਟ ਕਰਨ ਦੇ ਲਈ ਆਮ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ, ਮਰੀਜ਼ ਨੂੰ ਜਿੰਨੀ ਜਲਦੀ ਹੋ ਸਕੇ ਹਸਪਤਾਲ ਲੈ ਕੇ ਜਾਇਆ ਜਾਵੇ।  ਉਨ੍ਹਾਂ ਕਿਹਾ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ, ਸੂਤੀ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ, ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਲੋੜ ਪੈਣ ‘ਤੇ ਹੀ ਨਿਕਲਿਆ ਜਾਵੇ ।ਉਨ੍ਹਾਂ ਕਿਹਾ ਕਿ ਖਾਲੀ ਪੇਟ ਘਰੋਂ ਬਾਹਰ ਨਾ ਨਿਕਲਿਆ ਜਾਵੇ, ਪਾਣੀ ਹਮੇਸ਼ਾ ਆਪਣੇ ਨਾਲ ਰੱਖਿਆ ਜਾਵੇ, ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕੀਤਾ ਜਾਵੇ, ਕੁਲਰ ਜਾਂ ਏ.ਸੀ. ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ ਅਤੇ ਧੁੱਪ ‘ਚ ਜਾਣ ਮੌਕੇ ਛਤਰੀ ਦੀ ਵਰਤੋਂ ਕੀਤੀ ਜਾਵੇ।

LEAVE A REPLY

Please enter your comment!
Please enter your name here