*ਸੁਪਰੀਮ ਕੋਰਟ ਦੇ ਝਟਕੇ ਮਗਰੋਂ ਜ਼ਮਾਨਤ ਲਈ ਹਾਈਕੋਰਟ ਪਹੁੰਚਿਆ ਮਜੀਠੀਆ, ਅਕਾਲੀ ਲੀਡਰ ਨੂੰ 24 ਫਰਵਰੀ ਤੋਂ ਖਾਣੀ ਪੈ ਰਹੀ ਜੇਲ੍ਹ ਦੀ ਰੋਟੀ*

0
34

 17 ,ਮਈ (ਸਾਰਾ ਯਹਾਂ/ਬਿਊਰੋ ਨਿਊਜ਼: ਡਰੱਗਜ਼ ਕੇਸ ‘ਚ ਜੇਲ੍ਹ ‘ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਹੁਣ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਜੀਠੀਆ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ‘ਤੇ ਇਸ ਹਫਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ। ਹਾਈ ਕੋਰਟ ਦੀ ਡਬਲ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।

ਦੱਸ ਦਈਏ ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਮਜੀਠੀਆ ਨੇ ਪਟੀਸ਼ਨ ਦਾਇਰ ਕਰਕੇ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਵਿੱਚ ਦਰਜ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਸੂਰਿਆ ਕਾਂਤ ਦੇ ਬੈਂਚ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਹੁਣ ਮਜੀਠੀਆ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਸਮੇਂ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਚੋਣ ਲੜਨ ਤੱਕ ਗ੍ਰਿਫਤਾਰੀ ਤੋਂ ਰਾਹਤ ਦੇ ਦਿੱਤੀ ਸੀ। ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

ਇਸ ਤੋਂ ਬਾਅਦ ਉਹਨਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ 10 ਮਾਰਚ ਨੂੰ ਜਦੋਂ ਚੋਣ ਨਤੀਜੇ ਆਏ ਤਾਂ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰ ਗਏ। ਸਾਬਕਾ ਮੰਤਰੀ ਮਜੀਠੀਆ ਦੀ ਦਲੀਲ ਹੈ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ ਤੇ ਇਨ੍ਹਾਂ ਦੀ ਜਾਂਚ ਪਹਿਲਾਂ ਹੀ ਉੱਚ-ਪੱਧਰੀ ਪੁਲਿਸ ਅਧਿਕਾਰੀ ਕਰ ਚੁੱਕੇ ਹਨ।

LEAVE A REPLY

Please enter your comment!
Please enter your name here