ਮਾਨਸਾ, 27 ਮਈ (ਸਾਰਾ ਯਹਾਂ/ ਔਲਖ ) ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਤੰਬਾਕੂ ਅਤੇ ਸਿਗਰਟਨੋਸ਼ੀ ਦੇ ਵਿਨਾਸ਼ਕਾਰੀ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਦੌਰਾਨ ਵੱਖ-ਵੱਖ ਗਤੀਵਿਧੀਆਂ ਕੀਤੀ ਜਾ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ ਅਰਸ਼ਦੀਪ ਸਿੰਘ ਨੇ ਕਿਹਾ ਕਿ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੇ ਨਿਰਦੇਸ਼ਾਂ ਤਹਿਤ ਸਕੂਲੀ ਬੱਚਿਆਂ, ਪਿੰਡ ਦੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਸਿਗਰੇਟ ਐਂਡ ਅਦਰ ਤੰਬਾਕੂ ਉਤਪਾਦ ਐਕਟ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਗੁਰਜੰਟ ਸਿੰਘ ਏ ਐਮ ਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਦੀ ਜੜ੍ਹ ਹੈ ਅਤੇ ਹਰ ਕਿਸੇ ਨੂੰ ਇਸਦੇ ਸੇਵਨ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਤੌਰ ‘ਤੇ ਜਨਤਕ ਥਾਵਾਂ ‘ਤੇ ਤੰਬਾਕੂ ਜਾਂ ਸਿਗਰੇਟ ਪੀਣ ਦੀ ਮਨਾਹੀ ਹੈ। ਵਿਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਵਿਚ ਤੰਬਾਕੂ ਵੇਚਣਾ ਅਤੇ ਸੇਵਨ ਕਰਨਾ ਕਾਨੂੰਨੀ ਅਪਰਾਧ ਹੈ। ਉਨਾਂ ਕਿਹਾ ਕਿ ਤੰਬਾਕੂ ਵੇਚਣ ਵਾਲੇ ਨੂੰ 7 ਸਾਲ ਦੀ ਕੈਦ ਅਤੇ ਇੱਕ ਲੱਖ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਗੁਟਕਾ, ਪਾਨ ਮਸਾਲਾ, ਸੁਆਦ ਵਾਲਾ ਤੰਬਾਕੂ ਜਾਂ ਕੋਈ ਵੀ ਖਾਣ ਵਾਲਾ ਪਦਾਰਥ ਜਿਸ ਵਿਚ ਨਿਕੋਟੀਨ ਹੋਵੇ ਦੇ ਵੇਚਣ ਉਤੇ ਪੂਰਨ ਪਾਬੰਦੀ ਹੈ। ਉਨ੍ਹਾਂ ਦੱਸਿਆ ਕਿ ਇਲਾਜ ਨਾਲ ਤੰਬਾਕੂ ਪੀਣ ਦੀ ਆਦਤ ਨੂੰ ਛੱਡਿਆ ਜਾ ਸਕਦਾ ਹੈ ਅਤੇ ਇਸ ਦੇ ਇਲਾਜ ਲਈ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਾਸ ਕੇਂਦਰ ਚਲਾਏ ਜਾ ਰਹੇ ਹਨ ਜਿੱਥੇ ਹਰ ਤਰਾਂ ਦੇ ਨਸ਼ੇ ਦੇ ਆਦੀ ਲੋਕਾਂ ਦਾ ਇਲਾਜ ਕੀਤਾ ਜਾਂਦਾ ਹੈ। ਇਸ ਮੌਕੇ ਕੇਵਲ ਸਿੰਘ ਏ ਐਮ ਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ ਕੋਟਪਾ ਐਕਟ ਤਹਿਤ ਉਲੰਘਣਾ ਕਰਨ ਵਾਲਿਆਂ ਦੇ 136 ਚਲਾਨ ਕੱਟੇ ਜਾ ਚੁੱਕੇ ਹਨ ਅਤੇ 3610 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੰਘੇ ਕੱਲ੍ਹ ਵੱਖ ਵੱਖ ਟੀਮਾਂ ਵੱਲੋਂ ਬੁਢਲਾਡਾ, ਭੀਖੀ, ਜੋਗਾ, ਢੈਪਈ, ਬਰੇਟਾ, ਝੁਨੀਰ, ਸਰਦੂਲਗੜ੍ਹ, ਬੋਹਾ ਆਦਿ ਵਿਖੇ48 ਚਲਾਨ ਕੱਟ ਕੇ 1160 ਰੁਪਏ ਜੁਰਮਾਨਾ ਕੀਤਾ ਗਿਆ। ਇਸ ਮੌਕੇ ਸ੍ਰੀ ਸੰਤੋਸ਼ ਭਾਰਤੀ, ਰਾਮ ਕੁਮਾਰ, ਤਿਰਲੋਕ ਸਿੰਘ, ਹੰਸ ਰਾਜ, ਸੰਜੀਵ ਕੁਮਾਰ, ਭੁਪਿੰਦਰ ਕੁਮਾਰ, ਜਗਦੀਸ਼ ਸਿੰਘ, ਲੀਲਾ ਰਾਮ, ਸਰਬਜੀਤ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ।