ਮਾਨਸਾ, 11 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ ): ਜ਼ਿਲਾ ਮੈਜਿਸਟ੍ਰੇਟ ਸ਼੍ਰੀ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ, ਆਮ ਲੋਕਾਂ ਵੱਲੋਂ ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰ, ਆਰਕੈਸ਼ਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜਾਈ ਵੀ ਪ੍ਰਭਾਵਿਤ ਹੁੰਦੀ ਹੈ। ਉਨਾਂ ਕਿਹਾ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜੰ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕੇਗਾ।
ਉਨਾਂ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ-ਰੈਸਟੋਰੈਂਟ ਜਾਂ ਆਮ ਪਬਲਿਕ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ, ਪ੍ਰੰਤੂ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੋਵੇਗੀ।
ਇਹ ਹੁਕਮ 31 ਜੁਲਾਈ 2022 ਤੱਕ ਲਾਗੂ ਰਹੇਗਾ।