ਮਾਨਸਾ, 18 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ ) : ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਲੇਰੀਆ ਵਿਰੋਧੀ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਮਾਨਸਾ ਵਿਖੇ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਜ਼ਿਲੇ ਵਿੱਚ ਸਿਹਤ ਕੇਂਦਰਾਂ ਅਤੇ ਪਿੰਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਮਲੇਰੀਏ ਤੋਂ ਬਚਾਅ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਮਲੇਰੀਆ ਐਨਾਫਿਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ। ਉਨਾਂ ਦੱਸਿਆ ਕਿ ਠੰਡ ਅਤੇ ਕਾਂਬੇ ਨਾਲ ਬੁਖਾਰ, ਉਲਟੀਆਂ ਤੇ ਸਿਰਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਸਰੀਰ ਨੂੰ ਪਸੀਨਾ ਆਉਣਾ ਮਲੇਰੀਆ ਦੇ ਲੱਛਣ ਹਨ। ਉਨਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਤਰਾਂ ਦੇ ਲੱਛਣ ਦਿਖਾਈ ਦਿੰਦੇ ਹਨ, ਤਾਂ ਉਹ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲਾ ਮਾਨਸਾ ਵਿਚ ਹੁਣ ਤੱਕ ਸਿਰਫ ਦੋ ਮਲੇਰੀਆ ਦੇ ਪੌਜੀਟਿਵ ਕੇਸ ਰਜਿਸਟਰਡ ਹੋਏ ਹਨ। ਉਨਾਂ ਕਿਹਾ ਕਿ ਜ਼ਿਲੇ ਨੂੰ ਮਲੇਰੀਆ ਮੁਕਤ ਬਣਾਉਣਾ ਸਾਡਾ ਮੁੱਖ ਮਕਸਦ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਲੀਆਂ, ਨਾਲੀਆਂ ਅਤੇ ਘਰਾਂ ਦੇ ਆਲੇ-ਦੁਆਲੇ, ਟਾਇਰਾਂ, ਛੱਤਾਂ ਤੇ ਪਏ ਬਰਤਨ ਘੜੇ ਆਦਿ ਵਿੱਚ ਕਿਤੇ ਵੀ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।
ਇਸ ਮੌਕੇ ਕੇਵਲ ਸਿੰਘ ਸਹਾਇਕ ਮਲੇਰੀਆ ਅਫਸਰ ਨੇ ਦੱਸਿਆ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੇ ਤੌਰ ’ਤੇ ਮਨਾਉਣ ਦੇ ਮਕਸਦ ਨਾਲ ਜ਼ਿਲੇ ਵਿੱਚ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਉਨਾਂ ਦੱਸਿਆ ਕਿ ਇਸ ਦੌਰਾਨ ਜ਼ਿਲੇ ਅੰਦਰ ਵੱਖ-ਵੱਖ ਥਾਵਾਂ ’ਤੇ 120 ਘਰਾਂ ਵਿੱਚ ਮਲੇਰੀਆ ਅਤੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ ਅਤੇ ਵਾਰਡ ਨੰ 25 ਤੇ 26 ਨੇੜੇ ਬਾਗ ਵਾਲਾ ਗੁਰਦੁਆਰਾ ਵਿਖੇ ਸਰਵੇਖਣ ਕੀਤਾ ਗਿਆ।