*ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਵਜ਼ਾਰਤ ਦੇ ਪੰਜ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ*

0
105

ਚੰਡੀਗੜ੍ਹ, 4 ਜੁਲਾਈ (ਸਾਰਾ ਯਹਾਂ/ ਮੁੱਖ ਸੰਪਾਦਕ )  : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਪੰਜਾਬ ਰਾਜ ਭਵਨ ਦੇ ਕੰਪਲੈਕਸ ਅੰਦਰ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀਆਂ ਵਿੱਚ ਅਮਨ ਅਰੋੜਾ (ਵਿਧਾਇਕ ਸੁਨਾਮ), ਇੰਦਰਬੀਰ ਸਿੰਘ ਨਿੱਝਰ (ਵਿਧਾਇਕ ਅੰਮ੍ਰਿਤਸਰ ਦੱਖਣੀ), ਫੌਜਾ ਸਿੰਘ (ਵਿਧਾਇਕ ਗੁਰੂ ਹਰਸਹਾਏ), ਚੇਤਨ ਸਿੰਘ ਜੌੜਾਮਾਜਰਾ (ਵਿਧਾਇਕ ਸਮਾਣਾ) ਅਤੇ ਅਨਮੋਲ ਗਗਨ ਮਾਨ (ਵਿਧਾਇਕ ਖਰੜ) ਨੂੰ ਸਮਾਰੋਹ ਦੌਰਾਨ ਰਾਜਪਾਲ ਵਲੋਂ ਸਹੁੰ ਚੁਕਾਈ ਗਈ।

ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹਨ।

ਇਨ੍ਹਾਂ ਤੋਂ ਇਲਾਵਾ ਸੰਸਦ ਮੈਂਬਰ, ਪੰਜਾਬ ਤੋਂ ‘ਆਪ’ ਵਿਧਾਇਕ, ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਵਲੰਟੀਅਰਾਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਸਮਾਗਮ ਵਿੱਚ ਸੂਬੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਨਵੇਂ ਬਣੇ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨੇ ਸ਼ਿਰਕਤ ਕੀਤੀ।
———-

LEAVE A REPLY

Please enter your comment!
Please enter your name here