*ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆ*

0
24

ਚੰਡੀਗੜ੍ਹ, 5 ਜੁਲਾਈ  (ਸਾਰਾ ਯਹਾਂ/ ਮੁੱਖ ਸੰਪਾਦਕ ) : 1992-ਪੰਜਾਬ ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਬਲ ਦੇ ਮੁਖੀ) ਪੰਜਾਬ ਵਜੋਂ ਵਾਧੂ ਚਾਰਜ ਸੰਭਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਗੌਰਵ ਯਾਦਵ ਪ੍ਰਸ਼ਾਸਨ ਪੰਜਾਬ ਦੇ ਵਿਸ਼ੇਸ਼ ਡੀਜੀਪੀ ਵਜੋਂ ਵੀ ਸੇਵਾਵਾਂ ਜਾਰੀ ਰੱਖਣਗੇ। 
ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਸੂਬਾ ਪੁਲਿਸ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ।
ਡੀਜੀਪੀ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਅਮਨ-ਕਾਨੂੰਨ ਨੂੰ ਬਰਕਰਾਰ ਰੱਖਣਾ ਅਤੇ ਅਪਰਾਧ ਦੀ ਪਛਾਣ ਕਰਨਾ ਹੈ।
ਉਨ੍ਹਾਂ ਨੇ ਬੁਨਿਆਦੀ ਪੁਲਿਸਿੰਗ ਨੂੰ ਮੁੜ ਸੁਰਜੀਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਕਿਸਮ ਦੀ ਅਗਾਊਂ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ ਰਹਿਣਾ, ਅਪਰਾਧ ਦੇ ਅੰਕੜਿਆਂ ਦੀ ਨਿਗਰਾਨੀ, ਪੁਲਿਸ ਥਾਣਿਆਂ ਦੀ ਜਾਂਚ, ਪੁਲਿਸ ਕਰਮਚਾਰੀਆਂ ਦੀ ਭਲਾਈ ਸਬੰਧੀ ਕਾਰਜ ਆਦਿ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੈਕਿੰਗ ਪੁਆਇੰਟਾਂ ਵਿੱਚ ਵਾਧਾ ਕਰਨ ਅਤੇ ਹਰ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸੰਕਲਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸੇ ਘਟਨਾ ਦੀ ਸੂਰਤ ਵਿੱਚ ਤੁਰੰਤ ਸਰਗਰਮ ਹੋ ਜਾਣ। ਉਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।


ਉਹਨਾਂ ਪੁਲਿਸ ਥਾਣਿਆਂ ਦੀ ਸਮਰੱਥਾ ਵਧਾਉਣ ਅਤੇ ਇਹਨਾਂ ਨੂੰ ਨਾਗਰਿਕ ਪੱਖੀ ਬਣਾਉਣ ਦੇ ਨਾਲ-ਨਾਲ ਆਧੁਨਿਕੀਕਰਨ ਲਈ ਨਵੇਂ ਪੈਟਰੋਲਿੰਗ ਵਾਹਨਾਂ ਅਤੇ ਹਾਈਟੈਕ ਉਪਕਰਨ ਮੁਹੱਈਆ ਕਰਵਾਉਣ ‘ਤੇ ਵੀ ਜ਼ੋਰ ਦਿੱਤਾ।
ਲੋਕਾਂ ਦੇ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦਾ ਭਰੋਸਾ ਦਿਵਾਇਆ।
ਜ਼ਿਕਰਯੋਗ ਹੈ ਕਿ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ ਸ਼ਾਨਦਾਰ ਸੇਵਾਵਾਂ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਡੀਜੀਪੀ ਗੌਰਵ ਯਾਦਵ ਨੇ ਸੂਬੇ ਵਿੱਚ ਵੱਖ-ਵੱਖ ਚੁਣੌਤੀਪੂਰਨ ਹਲਾਤਾਂ ਵਿੱਚ ਬੇਮਿਸਾਲ ਸੇਵਾਵਾਂ ਨਿਭਾਈਆਂ ਹਨ।————

LEAVE A REPLY

Please enter your comment!
Please enter your name here