ਲੁਧਿਆਣਾ 12 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) : ਬੀਤੇ ਦਿਨ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਹੋਏ ਝਗੜੇ ਦੇ ਸਬੰਧ ‘ਚ ਦਲੀਪ ਰਾਣਾ ਉਰਫ਼ ਗ੍ਰੇਟ ਖਲੀ ਨੇ ਅੱਜ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਕੇ ਆਪਣੀ ਸ਼ਿਕਾਇਤ ਦਰਜ ਕਰਵਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦ ਗ੍ਰੇਟ ਖਲੀ ਨੇ ਕਿਹਾ ਕਿ ਉਹ ਕੱਲ੍ਹ ਜਲੰਧਰ ਤੋਂ ਕਰਨਾਲ ਜਾ ਰਹੇ ਸੀ ਕਿ ਸਵੇਰੇ 9 ਵਜੇ ਦੇ ਕਰੀਬ ਟੋਲ ਪਲਾਜ਼ਾ ‘ਤੇ ਕੁਝ ਲੋਕਾਂ ਨੇ ਜ਼ਬਰਦਸਤੀ ਉਨ੍ਹਾਂ ਨਾਲ ਤਸਵੀਰ ਖਿੱਚਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਉਨ੍ਹਾਂ ਨੇ ਇਨਕਾਰ ਕੀਤਾ ਤਾਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। ਇਸ ਸਬੰਧੀ ਉਨ੍ਹਾਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਵੀਡੀਓ ਬਣਾਉਣ ਸਮੇਤ ਇਸ ਸਾਰੀ ਕਾਰਵਾਈ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |
ਖਲੀ ਨੇ ਖੁਦ ਇਸ ਮਾਮਲੇ ‘ਤੇ ਵੀਡੀਓ ਜਾਰੀ ਕਰਕੇ ਵੀ ਸਪੱਸ਼ਟੀਕਰਨ ਦਿੱਤਾ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ, ਜਿਸ ‘ਚ ਖਲੀ ਟੋਲ ਕਰਮਚਾਰੀਆਂ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਸਨ।
ਖਲੀ ਨੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ- ਜੋ ਟੋਲ ਟੈਕਸ ਦੇ ਕਰਮਚਾਰੀ ਹਨ, ਉਨ੍ਹਾਂ ਨੇ ਮੇਰੇ ਨਾਲ ਦੁਰਵਿਵਹਾਰ ਕੀਤਾ ਅਤੇ ਕਿਹਾ ਕਿ ਪਹਿਲਾਂ ਹੇਠਾਂ ਉਤਰੋ ਅਤੇ ਸਾਰਿਆਂ ਨਾਲ ਫੋਟੋ ਖਿਚਾਓ, ਫਿਰ ਛੱਡ ਦੇਵਾਂਗੇ। ਉਥੋਂ ਹੀ ਵਿਵਾਦ ਸ਼ੁਰੂ ਹੋ ਗਿਆ, ਜਿਸ ਦੀ ਵੀਡੀਓ ਉਸ ਨੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ। ਲੋਕ ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਪੇਸ਼ ਕਰ ਰਹੇ ਹਨ। ਮੈਂ ਚਾਹੁੰਦਾ ਹਾਂ ਕਿ ਟੋਲ ਦੇ ਠੇਕੇਦਾਰ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਸੈਲੇਬਸ ਨਾਲ ਅਜਿਹਾ ਵਿਵਹਾਰ ਨਾ ਹੋਵੇ।