ਮਾਨਸਾ, 19 ਜੁਲਾਈ (ਸਾਰਾ ਯਹਾਂ/ ਮੁੱਖ ਸੰਪਾਦਕ ): ਜ਼ਿਲ੍ਹਾ ਮਾਨਸਾ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਦੇ ਮੰਤਵ ਨਾਲ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਵਿੱਢੀ ਮੁਹਿੰਮ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਲਗਾਏ ਗਏ ਪੌਦਿਆਂ ਦੀ ਸਾਂਭ ਸੰਭਾਲ ਦਾ ਵਿਸ਼ੇਸ ਧਿਆਨ ਰੱਖਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਤੋਂ ਮਿੱਥੇ ਸਮੇਂ ਅੰਦਰ ਲਗਾਏ ਪੌਦਿਆਂ ਬਾਰੇ ਜਾਣਕਾਰੀ ਲਈ ਅਤੇ ਆਪਣੇ ਆਲੇ-ਦੁਆਲੇ ਲੋਕਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਹੋਰ ਪੌਦੇ ਲਗਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹੇ ਅੰਦਰ ਸਵੱਛਤਾ ਮੁਹਿੰਮ ਵਿੱਢ ਕੇ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਅਹਿਮ ਲੋੜ ਹੈ, ਜਿਸਦੇ ਲਈ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਸਬੰਧਤ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਕਰਵਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦੀਆਂ ਸੁਚੱਜੀਆਂ ਤਸਵੀਰਾਂ ਭੇਜਣੀਆਂ ਯਕੀਨੀ ਬਣਾਈਆਂ ਜਾਣ।
ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਭਗਤ ਸਿੰਘ ਲਹਿਰ ਤਹਿਤ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਦੀ ਬਿਲਡਿੰਗਾਂ ਅੰਦਰ ਸਾਫ਼ ਸਫ਼ਾਈ ਰੱਖਣ ਵਾਲੇ ਅਧਿਕਾਰੀਆਂ ਨੂੰ ਅਜ਼ਾਦੀ ਦਿਹਾੜੇ ਮੌਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੈਂਟਰਲ ਪਾਰਕ ਮਾਨਸਾ ਵਿਖੇ ਜੋ ਦਰਖ਼ਤ ਟੁੱਟ ਕੇ ਡਿੱਗੇ ਹੋਏ ਹਨ, ਉਨ੍ਹਾਂ ਦਰੱਖ਼ਤਾਂ ਨੂੰ ਰੰਗ ਕਰਕੇ ਸਵੱਛਤਾ ਸਬੰਧੀ ਸੰਦੇਸ਼ ਲਿਖਵਾ ਕੇ ਪਾਰਕ ਦੀ ਸੁੰਦਰਤਾ ਦਾ ਹਿੱਸਾ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਟੀ. ਬੈਨਿਥ, ਐਸ.ਡੀ.ਐਮ. ਮਾਨਸਾ ਪੂਨਮ ਸਿੰਘ, ਐਸ.ਪੀ. (ਡੀ) ਬਾਲ ਕ੍ਰਿਸ਼ਨ ਸਿੰਗਲਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।