ਨਵੀਂ ਦਿੱਲੀ 20,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ): ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਿਰ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ। ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਸਮੇਤ ਹੋਰ ਅਕਾਲੀ ਲੀਡਰਸ਼ਿਪ ਵੱਲੋਂ ਤਖਤੀਆਂ ਚੁੱਕ ਕੇ ਸੰਸਦ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਤਰੀਆਂ ਨੂੰ ਰੋਕ ਕੇ ਇਸ ਮੁੱਦੇ ‘ਤੇ ਧਿਆਨ ਦੇਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਅਕਾਲੀ ਦਲ ਆਗੂਆਂ ਵੱਲੋਂ ਜੰਤਰ-ਮੰਤਰ ‘ਤੇ ਵੀ ਪ੍ਰਦਰਸ਼ਨ ਕੀਤਾ ਗਿਆ।
ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀਆਂ ਤਖਤੀਆਂ ਫੜ ਕੇ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਲਵਿੰਦਰ ਭੂੰਦੜ ਵੱਲੋਂ ਸੰਸਦ ਬਾਹਰ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਦਾ ਕਹਿਣਾ ਹੈ ਕਿ ਸਿੰਘ ਆਪਣੇ ਮੁਕੱਦਮਿਆਂ ਦੀ 2019 ਤੱਕ ਹੀ ਸਜ਼ਾ ਕੱਟ ਚੁੱਕੇ ਹਨ ਅਤੇ ਹੁਣ ਸਰਕਾਰ ਇਹਨਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰੇ।
ਪ੍ਰੋ. ਭੁੱਲਰ ਦੀ ਰਿਹਾਈ ‘ਤੇ ਘਿਰੀ AAP
ਸਿੱਖ ਬੰਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਫਿਰ ਗਰਮਾ ਗਿਆ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਘਿਰਦੀ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਜਵਾਬ ਦਾਇਰ ਕੀਤਾ ਹੈ। ਜਿਸ ਵਿਚ ਕਿਹਾ ਹੈ ਕਿ ਅਸੀਂ ਮਈ ਵਿਚ ਹੀ ਪ੍ਰੋ. ਭੁੱਲਰ ਦੀ ਰਿਹਾਈ ‘ਤੇ ਇਤਰਾਜ਼ ਨਾ ਹੋਣ ਦਾ ਪੱਤਰ ਭੇਜਿਆ ਹੈ। ਹੁਣ ਇਹ ਮਾਮਲਾ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (SRB) ਕੋਲ ਪੈਂਡਿੰਗ ਹੈ।
ਪੰਜਾਬ ਸਰਕਾਰ ਦੇ ਇਸ ਜਵਾਬ ਨਾਲ ਹੁਣ ਸਭ ਦੀਆਂ ਨਜ਼ਰਾਂ ਦਿੱਲੀ ਸਰਕਾਰ ‘ਤੇ ਟਿਕੀਆਂ ਹੋਈਆਂ ਹਨ ਕਿ ਇਹ ਕੀ ਜਵਾਬ ਦਿੰਦੀ ਹੈ। ਪੰਜਾਬ ਅਤੇ ਦਿੱਲੀ ਦੋਵਾਂ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਹਾਲਾਂਕਿ, ਦਿੱਲੀ ਦੀ ‘ਆਪ’ ਸਰਕਾਰ ਦਾ ਤਰਕ ਹੈ ਕਿ ਇਹ ਮਾਮਲਾ ਸਜ਼ਾ ਸਮੀਖਿਆ ਬੋਰਡ ਕੋਲ ਪੈਂਡਿੰਗ ਹੈ। ਜਿਵੇਂ ਹੀ ਉਥੋਂ ਰਿਪੋਰਟ ਆਵੇਗੀ, ਉਹ ਤੁਰੰਤ ਇਸ ਨੂੰ ਮਨਜ਼ੂਰੀ ਦੇ ਦੇਣਗੇ।